ਜਗਤਾਰ ਸਿੰਘ ਸਿੱਧੂ;
ਕਿਸਾਨ ਅੰਦੋਲਨ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਡੱਟ ਕੇ ਖੜ ਗਏ। ਮੁੱਖ ਮਾਨ ਨੇ ਕਿਹਾ ਹੈ ਕਿ ਸਾਰੀਆਂ ਮੰਗਾਂ ਕਿਸਾਨਾਂ ਦੀਆਂ ਕੇਂਦਰ ਨਾਲ ਸਬੰਧਤ ਹਨ ਤਾਂ ਫਿਰ ਵਾਰ ਵਾਰ ਪੰਜਾਬ ਸਰਕਾਰ ਸਿਰ ਜ਼ਿੰਮੇਵਾਰੀ ਕਿਉਂ ਸੁੱਟੀ ਜਾ ਰਹੀ ਹੈ ।ਕੇਂਦਰ ਗੱਲਬਾਤ ਦਾ ਰਾਹ ਕਿਉਂ ਨਹੀਂ ਅਪਣਾਉਂਦਾ? ਉਨਾਂ ਖਦਸ਼ਾ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਪੰਜਾਬੀਆਂ ਨੂੰ ਹੀ ਪੰਜਾਬੀਆਂ ਨਾਲ ਲੜਾਉਣਾ ਚਾਹੁੰਦੀ ਹੈ। ਕੇਂਦਰ ਸਰਕਾਰ ਕਿਸਾਨ ਨੇਤਾ ਡੱਲੇਵਾਲ ਨੂੰ ਜਬਰਦਸਤੀ ਚੁੱਕਣਾ ਚਾਹੁੰਦੀ ਹੈ ।ਕੇਂਦਰ ਵਾਰ ਵਾਰ ਆਖ ਰਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਲੋੜ ਹੈ ਤਾਂ ਕੇਂਦਰ ਹਰ ਮਦਦ ਦੇਣ ਨੂੰ ਤਿਆਰ ਹੈ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਇਸ ਦੀ ਥਾਂ ਕੇਂਦਰ ਕਿਸਾਨਾਂ ਨੂੰ ਪੱਤਰ ਲਿਖ ਕੇ ਗੱਲਬਾਤ ਦਾ ਸੱਦਾ ਕਿਉਂ ਨਹੀਂ ਦਿੰਦਾ। ਪੰਜਾਬ ਦਾ ਕਿਸਾਨਾਂ ਦੀਆਂ ਮੰਗਾਂ ਨਾਲ ਸਬੰਧ ਹੀ ਨਹੀਂ ਤਾਂ ਜਾਣਬੁੱਝ ਕੇ ਪੰਜਾਬ ਨੂੰ ਕਿਉਂ ਉਲਝਾਇਆ ਜਾ ਰਿਹਾ ਹੈ। ਜੇਕਰ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਹੁੰਦੀਆਂ ਤਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਜਾਕੇ ਕਿਉ ਬੈਠਦੇ? ਹੰਝੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਤਾਂ ਕਿਸਾਨਾਂ ਉੱਤੇ ਹਰਿਆਣਾ ਸੁੱਟ ਰਿਹਾ ਹੈ ਪਰ ਲੜਾਈ ਪੰਜਾਬ ਸਿਰ ਕੇਂਦਰ ਪਾ ਰਿਹਾ ਹੈ।
ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਕੇਂਦਰ ਸਾਰੀਆਂ ਧਿਰਾਂ ਨੂੰ ਬੁਲਾ ਕੇ ਗੱਲਬਾਤ ਕਰੇ। ਮੁੱਖ ਮੰਤਰੀ ਨੇ ਅੱਜ ਭਾਜਪਾ ਨੂੰ ਇਹ ਵੀ ਚੇਤਾ ਕਰਵਾਇਆ ਕਿ ਜਦੋਂ ਭਾਰਤ ਵਿਸ਼ਵ ਗੁਰੂ ਬਣਨ ਜਾ ਰਿਹਾ ਹੈ ਤਾਂ ਕਿਸਾਨ ਆਪਣੇ ਹੀ ਦੇਸ਼ ਦੇ ਲੋਕ ਹਨ ਤਾਂ ਇਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ। ਦੇਸ਼ ਦੇ ਖੇਤੀ ਮੰਤਰੀ ਖੇਤੀ ਵਾਲੇ ਸੂਬੇ ਮੱਧ ਪ੍ਰਦੇਸ਼ ਦੇ ਹਨ ਤਾਂ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਕਿਸਾਨਾਂ ਨਾਲ ਗੱਲ ਨਾ ਕਰਨ ਦੀ ਜਿੱਦ ਛੱਡਣੀ ਚਾਹੀਦੀ ਹੈ। ਆਪ ਨੂੰ ਇਹ ਵੀ ਲਗਦਾ ਹੈ ਕਿ ਦਿੱਲੀ ਦੀਆਂ ਚੋਣਾਂ ਕਾਰਨ ਭਾਜਪਾ ਜਾਣਬੁੱਝ ਕੇ ਪੰਜਾਬ ਸਰਕਾਰ ਨੂੰ ਉਲਝਾਉਣ ਲੱਗੀ ਹੋਈ ਹੈ।
ਕਿਸਾਨਾਂ ਦੇ ਇਕ ਹੋਰ ਵੱਡੇ ਮਸਲੇ ਬਾਰੇ ਵੀ ਮੁੱਖ ਮੰਤਰੀ ਮਾਨ ਨੇ ਸਾਫ ਕਰ ਦਿੱਤਾ ਕਿ ਕੇਂਦਰ ਵੱਲੋਂ ਨਵੇਂ ਖੇਤੀ ਬਿੱਲਾਂ ਬਾਰੇ ਭੇਜਿਆ ਖਰੜਾ ਪੰਜਾਬ ਸਰਕਾਰ ਰੱਦ ਕਰਦੀ ਹੈ ਕਿਉਂ ਜੋ ਇਹ ਪੁਰਾਣੇ ਤਿੰਨ ਖੇਤੀ ਕਾਨੂੰਨਾਂ ਦਾ ਹੀ ਨਵਾਂ ਰੂਪ ਹੈ। ਕੇਂਦਰ ਇਹ ਬਿੱਲ ਪਾਸ ਕਰਵਾਉਣ ਦੀ ਕੋਸ਼ਿਸ਼ ਕਰਦਾ ਹੈ ਪਰ ਪੰਜਾਬ ਇਹ ਕਿਸਾਨ ਵਿਰੋਧੀ ਸਮਝਦਾ ਹੈ।
ਪੰਜਾਬ ਸਰਕਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦਾ ਸਤਿਕਾਰ ਕਰਦੇ ਹੋਏ ਆਖ ਰਹੀ ਹੈ ਕਿ ਡੱਲੇਵਾਲ ਦੀ ਸਿਹਤ ਦਾ ਪੂਰਾ ਖਿਆਲ ਹੈ ਅਤੇ ਪੰਜਾਹ ਡਾਕਟਰਾਂ ਦੀ ਟੀਮ ਨਿਗਰਾਨੀ ਕਰ ਰਹੀ ਹੈ। ਮੁੱਖ ਮੰਤਰੀ ਮਾਨ ਨੇ ਆਪ ਡੱਲੇਵਾਲ ਨਾਲ ਗੱਲਬਾਤ ਕੀਤੀ ਹੈ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਵਲੋਂ ਵੀ ਕਿਸਾਨ ਆਗੂਆਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ।ਮੁੱਖ ਮੰਤਰੀ ਨੇ ਡੱਲੇਵਾਲ ਨੂੰ ਮਰਨ ਵਰਤ ਛੱਡਣ ਦੀ ਅਪੀਲ ਵੀ ਕੀਤੀ ਹੈ ਪਰ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਕਿ ਕਿਸਾਨਾਂ ਦੇ ਟਕਰਾਅ ਦੀ ਸਥਿਤੀ ਵਿੱਚ ਡੱਲੇਵਾਲ ਨੂੰ ਜਬਰਦਸਤੀ ਨਹੀਂ ਚੁੱਕਿਆ ਜਾਵੇਗਾ । ਉਨ੍ਹਾਂ ਕਿਹਾ ਕਿ ਸਰਕਾਰ ਪੁਲਿਸ ਅਤੇ ਕਿਸਾਨਾਂ ਦਾ ਟਕਰਾਅ ਨਹੀਂ ਚਾਹੁੰਦੀ । ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪੰਜਾਬ ਬੰਦ ਵਰਗੇ ਕੰਮ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦਾ ਹੀ ਨੁਕਸਾਨ ਹੋ ਰਿਹਾ ਹੈ।
ਸੰਪਰਕ 9814002186