CM ਭਗਵੰਤ ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ, ਮਹਿਲਾਵਾਂ ਦੇ ਖਾਤਿਆਂ ‘ਚ ਪੈਸੇ ਆਉਣੇ ਸ਼ੁਰੂ

Global Team
3 Min Read

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਅਧਿਕਾਰਕ ਤੌਰ ‘ਤੇ ਲਾਗੂ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਟਨ ਦਬਾ ਕੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਹੁਣ ਤੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਆਉਣੀ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਇਸ ਯੋਜਨਾ ਲਈ 40 ਲੱਖ ਤੋਂ ਵੱਧ ਮਹਿਲਾਵਾਂ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਹ ਸਕੀਮ ਅੱਗੇ ਵੀ ਜਾਰੀ ਰਹੇਗੀ ਅਤੇ ਇਸ ਨੂੰ ਉਸ ਸਮੇਂ ਹੀ ਸ਼ੁਰੂ ਕੀਤਾ ਗਿਆ ਜਦੋਂ ਸਰਕਾਰ ਨੂੰ ਇਸ ਦੇ ਲਗਾਤਾਰ ਚੱਲਣ ਬਾਰੇ ਪੂਰਾ ਯਕੀਨ ਹੋ ਗਿਆ।

ਮਹਿਲਾਵਾਂ ਨੂੰ ਮਿਲੇਗੀ ਮਹੀਨਾਵਾਰ ਆਰਥਿਕ ਸਹਾਇਤਾ

ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਦੇਣ ਦੀ ਵਿਵਸਥਾ ਕੀਤੀ ਗਈ ਹੈ। ਸਰਕਾਰ ਦੇ ਮੁਤਾਬਕ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ।

ਇਸ ਦੇ ਨਾਲ ਅਨੁਸੂਚਿਤ ਜਾਤੀ (SC) ਵਰਗ ਦੀਆਂ ਮਹਿਲਾਵਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਵਿਵਸਥਾ ਰੱਖੀ ਗਈ ਹੈ। ਇਸ ਯੋਜਨਾ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਹਾਇਤਾ ਪ੍ਰਦਾਨ ਕਰਨਾ ਦੱਸਿਆ ਗਿਆ ਹੈ।

ਪਹਿਲੀ ਕਿਸ਼ਤ ਵਿੱਚ ਤਿੰਨ ਮਹੀਨਿਆਂ ਦੀ ਰਕਮ ਇਕੱਠੀ

ਸਰਕਾਰ ਨੇ ਕਿਹਾ ਹੈ ਕਿ ਪਹਿਲੀ ਵਾਰ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਜਾਰੀ ਕੀਤੀ ਜਾਵੇਗੀ।

ਇਸ ਮੁਤਾਬਕ ਜਨਰਲ ਵਰਗ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 3000 ਰੁਪਏ ਭੇਜੇ ਜਾਣਗੇ, ਜਦਕਿ SC ਵਰਗ ਦੀਆਂ ਮਹਿਲਾਵਾਂ ਨੂੰ 4500 ਰੁਪਏ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਜਲਦ ਭੇਜੀ ਜਾਵੇਗੀ।

ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ‘ਤੇ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਹੁਣ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਦੇ ਹੋਏ ਕਿਹਾ ਹੈ ਕਿ ਉਹ ਆਪਣਾ ਚੋਣੀ ਵਾਅਦਾ ਪੂਰਾ ਕਰ ਰਹੀ ਹੈ। ਇਸ ਲਈ ਇਸ ਸਾਲ ਦੇ ਬਜਟ ਵਿੱਚ 9300 ਕਰੋੜ ਰੁਪਏ ਰੱਖੇ ਗਏ ਸਨ।

ਵਿਰੋਧੀ ਧਿਰ ਨੇ ਚੁੱਕੇ ਸਵਾਲ

ਇਸ ਯੋਜਨਾ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਵੀ ਸਵਾਲ ਉਠਾਏ ਗਏ ਹਨ। ਵਿਰੋਧੀ ਪੱਖ ਦਾ ਕਹਿਣਾ ਹੈ ਕਿ ਇਹ ਯੋਜਨਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਲਿਆਂਦੀ ਗਈ ਹੈ ਅਤੇ ਪਹਿਲਾਂ ਦੇ ਸਮੇਂ ਦੀ ਬਕਾਇਆ ਰਕਮ ਵੀ ਦਿੱਤੀ ਜਾਣੀ ਚਾਹੀਦੀ ਹੈ।

ਇਸ ‘ਤੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਲੋਕਾਂ ਨੇ ਉਨ੍ਹਾਂ ਨੂੰ ਪੰਜ ਸਾਲ ਲਈ ਚੁਣਿਆ ਸੀ ਅਤੇ ਉਹ ਆਪਣੇ ਕਾਰਜਕਾਲ ਦੌਰਾਨ ਕੀਤਾ ਗਿਆ ਵਾਅਦਾ ਪੂਰਾ ਕਰ ਰਹੇ ਹਨ।

Share This Article
Leave a Comment