ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਈਦ ਦੇ ਮੌਕੇ ‘ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।
ਇਸ ਤੋਂ ਪਹਿਲਾ ਸੀਐਮ ਮਾਨ ਨੇ ਟਵੀਟ ਕੀਤਾ ਕਿ “ਦੇਸ਼ ਅਤੇ ਦੁਨੀਆ ਭਰ ਵਿੱਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ‘ਈਦ-ਉਲ-ਫ਼ਿਤਰ’ ਦੇ ਪਵਿੱਤਰ ਤਿਉਹਾਰ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੇਰੀ ਦੁਆ ਹੈ ਕਿ ਖੁਸ਼ੀਆਂ ਤੇ ਬਰਕਤਾਂ ਦਾ ਇਹ ਤਿਉਹਾਰ ਸਾਡੇ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਹੋਰ ਮਜ਼ਬੂਤ ਕਰੇ। ਪ੍ਰਮਾਤਮਾ ਸਭ ਦੇ ਵਿਹੜੇ ਖੁਸ਼ੀਆਂ, ਖੇੜੇ ਤੇ ਤਰੱਕੀਆਂ ਬਖ਼ਸ਼ੇ।”
ਮਲੇਰਕੋਟਲਾ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਈਦਗਾਹ ਆ ਕੇ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਈਦ ਦੇ ਮੌਕੇ ‘ਤੇ ਸਾਰੇ ਲੋਕ ਪਿਆਰ ਨਾਲ ਇੱਕ-ਦੂਜੇ ਨੂੰ ਮਿਲ ਕੇ ਭਾਈਚਾਰੇ ਦਾ ਸੰਦੇਸ਼ ਦੇ ਰਹੇ ਹਨ। ਈਦ ਤੋਂ ਪੂਰੇ ਸਮਾਜ ਨੂੰ ਆਪਸੀ ਸਾਂਝ ਅਤੇ ਭਾਈਚਾਰੇ ਦੀ ਪ੍ਰੇਰਨਾ ਮਿਲਦੀ ਹੈ। ਸੀਐਮ ਭਗਵੰਤ ਮਾਨ ਨੇ ਇਸ ਮੌਕੇ ਦੱਸਿਆ ਕਿ ਸਰਕਾਰ ਜਲਦੀ ਹੀ ਮਲੇਰਕੋਟਲਾ ਵਿੱਚ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵਿੱਚ ਹੋਰ ਵੀ ਕਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਉਣ ਤੋਂ ਪਹਿਲਾਂ ਮਲੇਰਕੋਟਲਾ ਦੀ ਈਦਗਾਹ ਵਿੱਚ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਈਦ ਦੀ ਨਮਾਜ਼ ਅਦਾ ਕਰਨ ਪਹੁੰਚੇ ਹੋਏ ਸਨ। ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਈਦ ਆਪਸੀ ਭਾਈਚਾਰੇ ਦਾ ਤਿਉਹਾਰ ਹੈ। ਲੋਕ ਗਲੇ ਮਿਲ ਕੇ ਆਪਣੇ ਗਿਲੇ-ਸ਼ਿਕਵੇ ਦੂਰ ਕਰਦੇ ਹਨ ਅਤੇ ਮਿਲ ਕੇ ਅੱਗੇ ਵਧਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

