ਮੁੱਖ ਮੰਤਰੀ ਨੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਲੰਚ ਵਾਸਤੇ ਨਹੀਂ ਸੱਦਿਆ : ਮੀਡੀਆ ਸਲਾਹਕਾਰ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਸੁਲਝਣ ਦੀ ਬਜਾਏ ਹੋਰ ਵੀ ਉਲਝਦਾ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਹੁਣ ਤੱਕ ਸਿੱਧੂ ਨੂੰ ਵਧਾਈ ਦਿੱਤੀ ਹੈ ਅਤੇ ਨਾ ਹੀ ਆਪਣੀ ਕਿਸੇ ਵੀ ਤਰ੍ਹਾਂ ਦੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸਾਫ਼ ਹੈ ਕਿ ਪਾਰਟੀ ਹਾਈਕਮਾਨ ਦੇ ਫੈਸਲੇ ਤੋਂ ਕੈਪਟਨ ਖੁਸ਼ ਨਹੀਂ ਹਨ, ਇਸ ਮੁੱਦੇ ‘ਤੇ ਉਹ ਇਸ ਵੇਲੇ ਖਾਮੋਸ਼ ਹਨ।

ਉਧਰ ਮੀਡੀਆ ਵਿੱਚ ਇਹ ਖਬਰਾਂ ਵੀ ਆਈਆਂ ਕਿ ਕੈਪਟਨ ਵਲੋਂ 21 ਜੁਲਾਈ (ਬੁੱਧਵਾਰ) ਨੂੰ ਪੰਜਾਬ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਲੰਚ ਵਾਸਤੇ ਸੱਦਿਆ ਗਿਆ ਹੈ। ਇਸ ਬਾਰੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਜਾਣਕਾਰੀ ਸਾਂਝੀ ਕੀਤੀ ਹੈ। ਰਵੀਨ ਠੁਕਰਾਲ ਨੇ ਮੁੱਖ ਮੰਤਰੀ ਵੱਲੋਂ ਇਸ ਤਰ੍ਹਾਂ ਦੇ ਕਿਸੇ ਵੀ ਸੱਦੇ ਤੋਂ ਇਨਕਾਰ ਕੀਤਾ ਹੈ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਟਵੀਟ ਰਾਹੀਂ ਦੱਸਿਆ ਕਿ ਬੁੱਧਵਾਰ ਦੇ ਲੰਚ ਸਬੰਧੀ ਚੱਲ ਰਹੀਆਂ ਮੀਡੀਆ ਖਬਰਾਂ ਵਿਚ ਕੋਈ ਸੱਚਾਈ ਨਹੀਂ ਹੈ। ਨਾ ਤਾਂ ਅਜਿਹਾ ਕੋਈ ਲੰਚ ਰੱਖਿਆ ਗਿਆ ਹੈ ਤੇ ਨਾ ਹੀ ਇਸ ਤਰ੍ਹਾਂ ਦੇ ਕੋਈ ਸੱਦਾ ਪੱਤਰ ਭੇਜੇ ਗਏ ਹਨ।

ਮੁੱਖ ਮੰਤਰੀ ਵਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਸਬੰਧੀ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਮੌਜੂਦ ਰਹੇ। ਮੁੱਖ ਮੰਤਰੀ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਹੋਰ ਫੰਡ ਮੁਹਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।

 

 

Share this Article
Leave a comment