ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਦੂਸਰੇ ਪੜਾਅ ਦੀ ਸ਼ੁਰੂਆਤ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ‘ਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ 2663 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਮੁਹਿੰਮ ਦਾ ਆਗਾਜ਼ ਵਰਚੁਅਲ ਤੌਰ ‘ਤੇ ਕੀਤਾ ਗਿਆ। ਜਿਸ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਏ।
ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਕਿਸਾਨਾਂ ਅਤੇ ਗਰੀਬਾਂ ਦੇ ਨਾਲ ਖੜ੍ਹੀ ਹੈ। ਖੇਤੀ ਕਾਨੂੰਨ ਖਿਲਾਫ ਅੱਜ ਪੰਜਾਬ ਵਿੱਚ ਸਾਰੀਆਂ ਕਿਸਾਨ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਈ ਵੀ ਗੱਲ ਸੁਣਨ ਲਈ ਤਿਆਰ ਨਹੀਂ ਹਨ। ਕੇਂਦਰ ਸਰਕਾਰ ‘ਤੇ ਵਰ੍ਹਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਬਿਨਾਂ ਭ੍ਰਿਸ਼ਟਾਚਾਰ ਪੂਰੇ ਦਾ ਪੂਰਾ ਪੈਸਾ ਵਿਕਾਸ ਕਾਰਜਾਂ ਲਈ ਜਨਤਾ ਤੱਕ ਪਹੁੰਚਣਾ ਚਾਹੀਦਾ ਹੈ। ਸਮਾਰਟ ਵਿਲੇਜ਼ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਮੁਹਿੰਮ ਪੰਚਾਇਤਾਂ ਨਾਲ ਮਿਲ ਕੇ ਬਣਾਈ ਗਈ ਹੈ। ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੇਗੀ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਗੱਲਬਾਤ ਰਾਹੀਂ ਜਾਣਕਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਹਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੁਹਿੰਮ ਤਹਿਤ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਪਲਾਈ, ਪੱਕੀਆਂ ਗਲੀਆਂ ਅਤੇ ਨਾਲੀਆਂ, ਪਾਰਕਾਂ ਸਮੇਤ ਸਟਰੀਟ ਲਾਈਟਾਂ ਲਗਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ।