ਮੈਂ ਵੀ ਬਾਕੀ ਪੰਜਾਬੀਆਂ ਵਾਂਗ ਆਮ ਇਨਸਾਨ ਹਾਂ, ਮੈਨੂੰ 1000 ਸੁਰੱਖਿਆ ਕਰਮੀਆਂ ਦੀ ਫੌਜ ਦੀ ਨਹੀਂ ਲੋੜ: ਚੰਨੀ

TeamGlobalPunjab
2 Min Read

ਕਪੂਰਥਲਾ: ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਨੂੰ ਆਮ ਇਨਸਾਨ ਅਤੇ ਹਰੇਕ ਪੰਜਾਬੀ ਦੇ ਭਰਾ ਦੱਸਦੇ ਹੋਏ ਕਿਹਾ ਕਿ ਉਨਾਂ ਨੇ ਸਰਕਾਰੀ ਕਾਰਜ ਪ੍ਰਣਾਲੀ ਵਿਚ ਵੀ.ਆਈ.ਪੀ. ਕਲਚਰ ਦੇ ਖਾਤਮੇ ਦਾ ਮੁੱਢ ਬੰਨ ਦਿੱਤਾ ਹੈ ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹਾਸਲ ਹੋਵੇਗੀ।

ਚੰਨੀ ਨੇ ਆਪਣੇ ਸੁਰੱਖਿਆ ਘੇਰੇ ਨੂੰ ਘਟਾਉਣ ਦਾ ਐਲਾਨ ਕਰਦੇ ਹੋਏ ਕਿਹਾ, ‘ਮੈਂ ਵੀ ਤੁਹਾਡੇ ਵਿੱਚੋਂ ਇਕ ਹਾਂ ਅਤੇ ਮੇਰੇ ਆਪਣੇ ਲੋਕਾਂ ਤੋਂ ਮੇਰੀ ਸੁਰੱਖਿਆ ਕਰਨ ਲਈ ਮੈਨੂੰ 1000 ਸੁਰੱਖਿਆ ਕਰਮੀਆਂ ਦੀ ਫੌਜ ਦੀ ਲੋੜ ਨਹੀਂ ਹੈ।’

ਬੀਤੇ ਦਿਨੀਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ ਆਪਣਾ ਅਹੁਦਾ ਸੰਭਾਲਿਆ ਤਾਂ ਮੈਨੂੰ ਦੱਸਿਆ ਗਿਆ ਕਿ 1000 ਸੁਰੱਖਿਆ ਜਵਾਨਾਂ ਦਾ ਦਸਤਾ ਮੇਰੀ ਹਿਫਾਜ਼ਤ ਲਈ ਹੋਵੇਗਾ।”

ਇਸ ਨੂੰ ਸਰਕਾਰ ਦੇ ਵਸੀਲਿਆਂ ਦੀ ਘੋਰ ਬਰਬਾਦੀ ਦੱਸਦਿਆਂ ਉਨਾਂ ਕਿਹਾ ਕਿ ਇਸ ਕਵਾਇਦ ਨੂੰ ਚੱਲਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਕਿਉਂ ਜੋ ਕੁਝ ਵੀ ਪੰਜਾਬੀਆਂ ਲਈ ਨੁਕਸਾਨਦੇਹ ਹੋਵੇਗਾ, ਉਹ ਮੈਨੂੰ ਵੀ ਤਕਲੀਫ ਦੇਵੇਗਾ ਕਿਉਂਕਿ ਮੈਂ ਵੀ ਬਾਕੀ ਪੰਜਾਬੀਆਂ ਵਾਂਗ ਇਕ ਸਧਾਰਨ ਇਨਸਾਨ ਹਾਂ।

ਚੰਨੀ ਨੇ ਉਨਾਂ ਦੀ ਜ਼ਿੰਦਗੀ ਨੂੰ ਖਤਰਾ ਹੋਣ ਦੇ ਸਬੰਧ ਵਿਚ ਸੁਰੱਖਿਆ ਏਜੰਸੀਆਂ ਵੱਲੋਂ ਦਿੱਤੇ ਤਰਕ ਨੂੰ ਲਾਂਭੇ ਕਰਦੇ ਹੋਏ ਕਿਹਾ ਕਿ ਉਨਾਂ ਨੇ ਪੁਲੀਸ ਨੂੰ ਸੁਰੱਖਿਆ ਘਟਾਉਣ ਲਈ ਕਹਿ ਦਿੱਤਾ ਹੈ।

ਮੁੱਖ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਉਨਾਂ ਨੂੰ ਖੁਦ ਇਸ ਗੱਲ ਬਾਰੇ ਜਾਣ ਕੇ ਹੈਰਾਨੀ ਹੋਈ ਕਿ ਸੂਬੇ ਦੇ ਮੁਖੀ ਦੇ ਤੌਰ ਉਤੇ ਉਨਾਂ ਲਈ ਅਰਾਮਦਾਇਕ ਸਫਰ ਲਈ ਕਮਰੇ ਜਿੱਡੀ ਮਹਿੰਗੀ ਕਾਰ ਹੈ। ਇਸ ਕਾਰ ਦੀ ਕੀਮਤ 2 ਕਰੋੜ ਰੁਪਏ ਹੈ ਜੋ ਕਿ ਕਰਦਾਤਾਵਾਂ ਦੇ ਪੈਸੇ ਨਾਲ ਖਰੀਦੀ ਹੈ। ਚੰਨੀ ਨੇ ਕਿਹਾ ਕਿ ਅਜਿਹੀ ਲਗਜਰੀ ਬੇਲੋੜੀ ਹੈ ਜਿਸ ਦੀ ਉਨਾਂ ਨੂੰ ਕੋਈ ਇੱਛਾ ਨਹੀਂ ਅਤੇ ਇਹ ਫੰਡ ਲੋਕਾਂ ਖਾਸ ਕਰਕੇ ਕਮਜ਼ੋਰ ਤੇ ਲਿਤਾੜੇ ਹੋਏ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਸਕਦਾ ਹੈ।

Share This Article
Leave a Comment