ਸ੍ਰੀ ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਸਤਲੁਜ ਦਰਿਆ ਉੱਤੇ 114 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੇਲਾ-ਪਨੀਆਲੀ ਪੁਲ ਦਾ ਨੀਂਹ ਪੱਥਰ ਰੱਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਦਾ ਪਲ ਹੈ ਕਿਉਂਕਿ ਇਹ ਪੁਲ ਇਲਾਕਾ ਵਾਸੀਆਂ ਲਈ ਤਰੱਕੀ ਦੇ ਨਵੇਂ ਦਰਵਾਜ਼ੇ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਇਸ ਖੇਤਰ ਵਿੱਚ ਸਨਅਤ ਆਵੇਗੀ ਜਿਸ ਨਾਲ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਸੀਐਮ ਚੰਨੀ ਨੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਦੋਆਬਾ ਖੇਤਰ ਅਤੇ ਚੰਡੀਗੜ੍ਹ ਵਿਚਕਾਰ ਦੂਰੀ 20-25 ਕਿਲੋਮੀਟਰ ਘੱਟ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ 12 ਮੀਟਰ ਚੌੜੇ ਅਤੇ 1188 ਮੀਟਰ ਲੰਬੇ ਪੁਲ ਦੇ ਨਾਲ-ਨਾਲ ਬਿਸਤ ਦੁਆਬ ਦਰਿਆ ‘ਤੇ 10 ਕਰੋੜ ਰੁਪਏ ਦੀ ਲਾਗਤ ਨਾਲ 42 ਮੀਟਰ ਦਾ ਹੋਰ ਪੁਲ ਬਣਾਇਆ ਜਾਵੇਗਾ।
ਉਨ੍ਹਾਂ ਐਲਾਨ ਕੀਤਾ ਕਿ ਸਿੱਖਾਂ ਲਈ ਇਤਿਹਾਸਕ ਤੌਰ ‘ਤੇ ਮਹੱਤਵਪੂਰਨ ਤਿੰਨ ਕਸਬਿਆਂ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਨੂੰ ਜੋੜਨ ਵਾਲੀ ਇਸ ਸੜਕ ਦਾ ਨਾਂ ਮਾਤਾ ਗੁਜਰ ਕੌਰ ਦੇ ਨਾਂ ‘ਤੇ ਰੱਖਿਆ ਜਾਵੇਗਾ। ਸੀ.ਐਮ. ਚੰਨੀ ਨੇ ਦੱਸਿਆ ਕਿ ਓਵਰ ਬ੍ਰਿਜ ਦਾ ਕੰਮ 18 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰਮੁਖੀ ਸਿੱਖਿਆ ਪ੍ਰਦਾਨ ਕਰਨ ਲਈ 500 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਬਣ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਵੱਕਾਰੀ ਯੂਨੀਵਰਸਿਟੀ ਦੀ ਪਹਿਲੀ ਇਮਾਰਤ ਅਗਲੇ ਸਾਲ 31 ਮਾਰਚ ਤੱਕ ਬਣ ਕੇ ਤਿਆਰ ਹੋ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜ ਸਰਕਾਰ ਵਿੱਚ ਮੰਤਰੀ ਹੁੰਦਿਆਂ ਇਨ੍ਹਾਂ ਦੋਵਾਂ ਪ੍ਰੋਜੈਕਟਾਂ ਨੂੰ ਹਰੀ ਝੰਡੀ ਦੇਣ ਲਈ ਕੀਤੀ ਮਦਦ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਵਿੱਤ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਅਤੇ ਖਰੜ ਵਿਖੇ ਐਸਟਰੋਟਰਫ ਦੀ ਉਸਾਰੀ ਲਈ 10-10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀ ਇਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਸਾਬਕਾ ਵਿਧਾਇਕ ਭਾਗ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ, ਪੁਲਿਸ ਇੰਸਪੈਕਟਰ ਜਨਰਲ ਏ.ਕੇ. ਮਿੱਤਲ, ਐਸ.ਐਸ.ਪੀ ਵਿਕਾਸ ਸੋਨੀ ਆਦਿ ਹਾਜ਼ਰ ਸਨ।