ਕਰਤਾਰਪੁਰ ਲਾਂਘਾ ਖੋਲ੍ਹਣ ਲਈ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮੁੜ ਕੀਤੀ ਅਪੀਲ

TeamGlobalPunjab
2 Min Read

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੁੜ ਤੋਂ ਅਪੀਲ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੇਂਦਰ ਸਰਕਾਰ ਲਾਂਘੇ ਨੂੰ ਖੋਲ ਦੇਵੇ ਤਾਂ ਜੋ ਸ਼ਰਧਾਲੂ ਗੁਰੂ ਘਰ ਦੇ ਦਰਸ਼ਨ ਦੀਦਾਰੇ ਕਰ ਸਕਣ।

ਮੁੱਖ ਮੰਤਰੀ ਚੰਨੀ ਨੇ ਇਸ ਸੰਬੰਧ ਵਿੱਚ ਟਵੀਟ ਕਰਦਿਆਂ ਲਿਖਿਆ, ”ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਹੀਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਤੋਂ ਪਹਿਲਾਂ #ਕਰਤਾਰਪੁਰ ਕੋਰੀਡੋਰ ਨੂੰ ਦੁਬਾਰਾ ਖੋਲ੍ਹਣ ਦੀ ਮੁੜ ਤੋਂ ਅਪੀਲ ਕਰਦਾ ਹਾਂ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਇਜਾਜ਼ਤ ਦੇਣ ਲਈ ਮੈਂ ਪਿਛਲੇ ਮਹੀਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵਾਂ ਨੂੰ ਪੱਤਰ ਲਿਖਿਆ ਸੀ।”

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਦੀ ਕਾਪੀ ਵੀ ਨਾਲ ਨੱਥੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਅੱਜ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਦੂਰਬੀਨ ਰਾਹੀਂ ਗੁਰੂ ਘਰ ਦੇ ਦਰਸ਼ਨ ਕੀਤੇ।

ਆਸ ਜਤਾਈ ਜਾ ਰਹੀ ਹੈ ਕਿ ਕੇਂਦਰ ਸਰਕਾਰ ਜਲਦੀ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਅਹਿਮ ਫ਼ੈਸਲਾ ਲੈ ਸਕਦਾ ਹੈ।

Share this Article
Leave a comment