ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ‘ਚ 4 ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

Global Team
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ ਸਮੇਤ ਚਾਰ ਵਿਅਕਤੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਜਾਂਦੀ ਹੈ, ਉਸ ਪਵਿੱਤਰ ਸਥਾਨ ‘ਤੇ ਪਾਕਿਸਤਾਨ ਵੱਲੋਂ ਕੀਤੀ ਭਿਆਨਕ ਬੰਬਾਰੀ ਦੌਰਾਨ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੇ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ। ਹਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਵਹਿਸ਼ੀ ਕਾਰਵਾਈਆਂ ਦੌਰਾਨ ਪਾਕਿਸਤਾਨ ਵੱਲੋਂ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗੀ ਗੱਲ ਹੈ। ਸੰਕਟ ਦੀ ਇਸ ਘੜੀ ਵਿੱਚ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਸਾਰਿਆਂ ਲਈ ਦਰਦਨਾਕ ਪਲ ਹੈ, ਜਿਨ੍ਹਾਂ ਨੇ ਇਸ ਮੰਦਭਾਗੀ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ।

ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਵੱਡੇ ਅਤੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਉਨ੍ਹਾਂ ਨੂੰ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।

Share This Article
Leave a Comment