ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਿਆ

Global Team
3 Min Read

ਖਰੜ: ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ ਵਿਖੇ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 8.59 ਕਰੋੜ ਰੁਪਏ ਦੀ ਲਾਗਤ ਵਾਲਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ 50 ਬਿਸਤਰਿਆਂ ਦੀ ਸਮਰਥਾ ਵਾਲਾ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਗਰਭਵਤੀ ਮਹਿਲਾਵਾਂ ਅਤੇ ਨਵੇਂ ਜੰਮੇ ਬੱਚਿਆਂ ਦੀ ਬਿਹਤਰ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਕ ਸਾਲ ਦੇ ਅੰਦਰ 45 ਸਿਹਤ ਕੇਂਦਰਾਂ ਵਿੱਚੋਂ 35 ਸਿਹਤ ਕੇਂਦਰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਅਜਿਹੇ ਹੋਰ ਹਸਪਤਾਲ ਸਥਾਪਤ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 15 ਅਗਸਤ ਤੱਕ ਸੂਬੇ ਵਿਚ 15 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਆਹਲਾ ਦਰਜੇ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਉਤੇ ਜ਼ੋਰ ਦਿੱਤਾ ਜਾਵੇਗਾ।

ਸੂਬੇ ਵਿਚ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਭੱਠਾ ਬਿਠਾਉਣ ਲਈ ਪਿਛਲੀਆਂ ਸਰਕਾਰਾਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤ ਪਾਲਣ ਲਈ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰੀ ਸੰਸਥਾਵਾਂ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਕੇ ਲੋਕਾਂ ਨੂੰ ਪ੍ਰਾਈਵੇਟ ਸੰਸਥਾਵਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਸੀ।

ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਏਨਾ ਲੀਡਰਾਂ ਨੂੰ ਸਰਕਾਰ ਵਿਚ ਕੋਈ ਕਮੀ-ਪੇਸ਼ੀ ਨਜ਼ਰ ਨਹੀਂ ਆਉਂਦੀ ਤਾਂ ਮੁੱਦਾਹੀਣ ਹੋਏ ਇਹ ਲੀਡਰ ਨਿੱਜੀ ਤੌਰ ਉਤੇ ਦੂਸ਼ਣਬਾਜੀ ਉਤੇ ਉਤਰ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕਾਂ ਦੀਆਂ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਵਾਲੀਆਂ ਦੁਕਾਨਾਂ ਹੁਣ ਬੰਦ ਹੋ ਚੁੱਕੀਆਂ ਹਨ ਜਿਸ ਕਰਕੇ ਕੋਈ ਹੋਰ ਰਾਹ ਨਾ ਬਚਣ ਕਰਕੇ ਹੁਣ ਇਹ ਸਾਰੇ ਇਕ ਬੇੜੇ ਵਿਚ ਸਵਾਰ ਹੋ ਕੇ ਆਪਣੇ ਸਿਆਸੀ ਜੀਵਨ ਨੂੰ ਬਚਾਉਣ ਲਈ ਹੱਥ-ਪੈਰ ਮਾਰ ਰਹੇ ਹਨ। ਮੈਂ ਤਹਾਨੂੰ ਚੁਣੌਤੀ ਦਿੰਦਾ ਹਾਂ ਕਿ ਆਪਣੀ ਸਿਆਸੀ ਹੋਂਦ ਬਚਾਉਣ ਲਈ ਤੁਹਾਡੀਆਂ ਅਜਿਹੀਆਂ ਚਾਲਬਾਜ਼ੀਆਂ ਤੁਹਾਡੇ ਕੰਮ ਨਹੀਂ ਆਉਣੀਆਂ ਕਿਉਂਕਿ ਪੰਜਾਬ ਦੇ ਲੋਕ ਤੁਹਾਡਾ ਅਸਲੀ ਕਿਰਦਾਰ ਪਛਾਣ ਚੁੱਕੇ ਹਨ ਜਿਸ ਕਰਕੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਤਹਾਨੂੰ ਮੂੰਹ ਤੋੜਵਾਂ ਜਵਾਬ ਦੇ ਚੁੱਕੇ ਹਨ।”

ਨਵਜੋਤ ਸਿੱਧੂ ਨੂੰ ਆੜੇ ਹੱਥੀਂ ਲੈਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਚੇ-ਸੁੱਚੇ ਕਿਰਦਾਰ ਦੀਆਂ ਟਾਹਰਾਂ ਮਾਰਨ ਵਾਲਾ ਸਿਆਸਤਦਾਨ ਆਪਣੇ ਘੋਰ ਵਿਰੋਧੀ ਬਿਕਰਮ ਮਜੀਠੀਆ ਨੂੰ ਜੱਫੀ ਵਿਚ ਲੈ ਕੇ ਏਨੇ ਨੀਵੇਂ ਪੱਧਰ ਉਤੇ ਡਿੱਗਿਆ ਕਿ ਪੰਜਾਬ ਦੇ ਲੋਕ ਵੀ ਹੈਰਾਨ ਰਹਿ ਗਏ। ਮੁੱਖ ਮੰਤਰੀ ਨੇ ਕਿਹਾ, “ਅਸਲ ਵਿਚ ਇਹ ਦੋਵੇਂ ਲੀਡਰ ਆਮ ਆਦਮੀ ਪਾਰਟੀ ਦੀ ਵਿਧਾਇਕ ਜੀਵਨਜੋਤ ਕੌਰ ਪਾਸੋਂ ਬੁਰੀ ਤਰ੍ਹਾਂ ਹਾਰੇ ਹਨ ਜਿਸ ਕਰਕੇ ਆਪਣੀ ਬਚੀ-ਖੁਚੀ ਸਿਆਸੀ ਹੋਂਦ ਬਚਾਉਣ ਲਈ ਜੱਫੀਆਂ ਪਾਉਣ ਲਈ ਮਜਬੂਰ ਹੋ ਗਏ ਹਨ।”

Share This Article
Leave a Comment