ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਤੇ ਮੰਗ ਕੀਤੀ ਕਿ ਉਹਨਾਂ ਖਿਲਾਫ ਤੁਰੰਤ ਕੇਸ ਦਰਜ ਕੀਤਾ ਜਾਵੇ ਅਤੇ ਉਹ ਫੌਰੀ ਅਸਤੀਫਾ ਦੇਣ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ’ਤੇ ਦੋਸ਼ ਲਾਇਆ ਕਿ ਉਹ ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਟਾਊਟ ਬਣੇ ਹੋਏ ਹਨ ਅਤੇ ਉਹਨਾਂ ਪੰਜਾਬ ਦੀ ਧਰਤੀ ’ਤੇ ਪੰਜਾਬ ਦੇ ਕਿਸਾਨਾਂ ’ਤੇ 13 ਫਰਵਰੀ ਤੋਂ ਹਮਲੇ ਕਰਨ ਵਾਲੇ ਹਰਿਆਣਾ ਪੁਲਿਸ ਮੁਲਾਜ਼ਮਾਂ ਖਿਲਾਫ ਇਕ ਵੀ ਕੇਸ ਦਰਜ ਨਹੀਂ ਕੀਤਾ ਜਿਸਦੇ ਨਤੀਜੇ ਵਜੋਂ ਹੁਣ ਸ਼ੁਭਕਰ ਸਿੰਘ ਦੀ ਮੌਤ ਹੋਈ ਹੈ।
ਇਹਨਾਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਦਿੱਲੀ ਜਾਣ ਦੀ ਆਗਿਆ ਦੇਣ ਵਰਗੇ ਬਿਆਨ ਦੇ ਕੇ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਨਹੀਂ ਦੇਵੇਗੀ। ਉਹਨਾਂ ਕਿਹਾ ਕਿ ਜੇਕਰ ਭਗਵੰਤ ਮਾਨ ਨੂੰ ਅਜਿਹਾ ਲੱਗਦਾ ਸੀ ਤਾਂ ਫਿਰ ਉਹਨਾਂ ਨੇ ਹਰਿਆਣਾ ਪੁਲਿਸ ਨੂੰ ਪੰਜਾਬ ਦੀ ਧਰਤੀ ’ਤੇ ਬੈਰੀਕੇਡ ਲਾਉਣ ਦੀ ਆਗਿਆ ਕਿਉਂ ਦਿੱਤੀ ? ਉਹਨਾਂ ਕਿਹਾ ਕਿ ਉਹਨਾਂ ਨੇ ਪੰਜਾਬ ਦੇ ਆਰਥਿਕ ਰਾਹ ਰੋਕਣ ’ਤੇ ਇਤਰਾਜ਼ ਕਿਉਂ ਨਹੀਂ ਕੀਤਾ ? ਉਹਨਾਂ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਵਿਚ ਸਪਸ਼ਟ ਸਟੈਂਡ ਕਿਉਂ ਨਹੀਂ ਲਿਆ ? ਮਜੀਠੀਆ ਅਤੇ ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਇਸ ਗੰਭੀਰ ਮਸਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਜਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਿਉਂ ਨਹੀਂ ਕੀਤੀ। ਉਹਨਾਂ ਕਿਹਾ ਕਿ ਹੁਣ ਸਪਸ਼ਟ ਹੈ ਕਿ ਸ੍ਰੀ ਭਗਵੰਤ ਮਾਨ ਨੇ ਅਜਿਹਾ ਇਸ ਲਈ ਨਹੀਂ ਕੀਤਾ ਕਿਉਂਕਿ ਇਹੀ ਉਹਨਾਂ ਦੀ ਹਰਿਆਣਾ ਸਰਕਾਰ ਰਾਹੀਂ ਕੰਮ ਕਰਨ ਦੀ ਯੋਜਨਾ ਸੀ।
ਇਹਨਾਂ ਆਗੂਆਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ ਫਿਰ ਮੁੱਖ ਮੰਤਰੀ ਸੂਬੇ ਦੇ ਡੀ ਜੀ ਪੀ ਨੂੰ ਸਿੱਧਾ ਹੁਕਮ ਦਿੰਦੇ ਕਿ ਉਹ ਬਾਰਡਰ ਖੋਲ੍ਹਣ ਜਾਂ ਫਿਰ ਉਹ ਬਾਰਡਰ ਖੁਲ੍ਹਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰਦੇ। ਉਹਨਾਂ ਕਿਾ ਕਿ ਇਸ ਲਈ ਮੌਜੂਦਾ ਸੰਕਟ ਲਈ ਮੁੱਖ ਮੰਤਰੀ ਹੀ ਜ਼ਿੰਮੇਵਾਰ ਹਨ ਜਿਸ ਕਾਰਨ ਪੰਜਾਬ ਦੇਸ਼ ਤੋਂ ਕੱਟਿਆ ਗਿਆ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਅਜਿਹਾ ਸਭ ਕੁਝ ਹੋ ਰਿਹਾ ਹੈ ਤਾਂ ਉਸ ਵੇਲੇ ਮੁੱਖ ਮੰਤਰੀ ਨੇ ਹਫਤਾ ਭਰ ਚੱਲਣ ਵਾਲੇ ਰੰਗਲਾ ਪੰਜਾਬ ਪ੍ਰੋਗਰਾਮ ਦੀ ਮੇਜ਼ਬਾਨੀ ਦਾ ਐਲਾਨ ਕਰ ਦਿੱਤਾ ਹੈ ਜਿਸ ’ਤੇ ਸੂਬੇ ਦੇ ਖ਼ਜ਼ਾਨੇ ਵਿਚੋਂ 55 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਨੇ ਇਸ ਪ੍ਰੋਗਰਾਮ ਵਿਚ ਸੱਦੇ ਗਏ ਕਲਾਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਦਾ ਬਾਈਕਾਟ ਕਰਨ ਕਿਉਂਕਿ ਆਪ ਸਰਕਾਰ ਨੇ ਸੂਬੇ ਨੂੰ ’ਖੂਨੀ ਪੰਜਾਬ’ ਵਿਚ ਬਦਲ ਦਿੱਤਾ ਹੈ।
ਮਜੀਠੀਆ ਤੇ ਡਾ. ਚੀਮਾ ਨੇ ਆਪ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਤੇ ਸਮਾਜਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਮੌਜੂਦਾ ਸੰਕਟ ’ਤੇ ਚਰਚਾ ਕਰਨ ਅਤੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਆਪ ਸਰਕਾਰ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿਚ ਬਿੱਲ ਪਾਸ ਕਰ ਕੇ ਪੰਜਾਬ ਵਿਚ ਸਾਰੀਆਂ ਫਸਲਾਂ ਸੂਬਾ ਸਰਕਾਰ ਵੱਲੋਂ ਐਮ ਐਸ ਪੀ ’ਤੇ ਖਰੀਦਣ ਦਾ ਐਲਾਨ ਕਰੇ। ਉਹਨਾਂ ਮੁੱਖ ਮੰਤਰੀ ਨੇ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਅਜਿਹਾ ਐਲਾਨ ਵੀ ਕੀਤਾ ਸੀ ਤੇ ਹੁਣ ਇਹ ਵਾਅਦਾ ਪੂਰਾ ਹੋਣਾ ਚਾਹੀਦਾ ਹੈ।
ਅਕਾਲੀ ਆਗੂਆਂ ਨੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੁਰੰਤ ਬੰਦ ਕਰਨ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾਕਿ ਅਜਿਹੀਆਂ ਰਿਪੋਰਟਾਂ ਹਨ ਕਿ 10 ਤੋਂ 12 ਕਿਸਾਨ ਲਾਪਤਾ ਹਨ ਜਦੋਂ ਕਿ ਸੈਂਕੜੇ ਹੋਰ ਫੱਟੜ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਦੀ ਜਾਣਕਾਰੀ ਪੂਰੇ ਪਾਰਦਰਸ਼ੀ ਢੰਗ ਨਾਲ ਦਿੱਤੀ ਜਾਣੀ ਚਾਹੀਦੀ ਹੈ ਤੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੂੰ ਸ਼ੁਭਕਰਨ ਦੀ ਮੌਤ ਦੀ ਪੁਸ਼ਟੀ ਕਰਨ ਵਿਚ 6 ਘੰਟੇ ਤੋਂ ਵੱਧ ਦਾ ਸਮਾਂ ਲੱਗ ਗਿਆ। ਉਹਨਾਂ ਅਫਸੋਸ ਪ੍ਰਗਟ ਕੀਤਾਕਿ ਆਪ ਸਰਕਾਰ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਕਿਹਾ ਕਿ ਸ੍ਰੀ ਭਗਵੰਤ ਮਾਨ ਇਸ ਸਭ ਲਈ ਜ਼ਿੰਮੇਵਾਰ ਹਨ ਤੇ ਇਸ ਤਰੀਕੇ ਵਿਹਾਰ ਕਰ ਰਹੇ ਹਨ ਜਿਵੇਂ ਉਹ ਮੁੱਖ ਮੰਤਰੀ ਨਹੀਂ ਬਲਕਿ ਟਾਊਟ ਹੋਣ।