ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਛੇਤੀ ਹੀ ਸਲਾਖਾਂ ਪਿੱਛੇ ਡੱਕਿਆ ਜਾਵੇਗਾ: ਭਗਵੰਤ ਮਾਨ

Prabhjot Kaur
2 Min Read

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਇਹ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਬਦਕਿਸਮਤੀ ਨਾਲ ਸੂਬੇ ਦੀ ਸੱਤਾ ‘ਤੇ ਕਾਬਜ਼ ਲੋਕਾਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਫੰਡਾਂ ਦੀ ਵੀ ਲੁੱਟ ਕੀਤੀ ਗਈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਲੁੱਟਿਆ ਗਿਆ ਇੱਕ-ਇੱਕ ਪੈਸਾ ਉਨ੍ਹਾਂ ਕੋਲੋਂ ਵਸੂਲ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਮਹਾਨ ਗੁਰੂਆਂ, ਸ਼ਹੀਦਾਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੇ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਹੈਰਾਨੀ ਹੋਈ ਹੈ ਕਿ ਅਜਿਹੀਆਂ ਜ਼ਿਆਦਾਤਰ ਥਾਵਾਂ ‘ਤੇ ਉਨ੍ਹਾਂ ਦਾ ਇਹ ਕਹਿ ਕੇ ਸਵਾਗਤ ਕੀਤਾ ਜਾਂਦਾ ਹੈ ਕਿ ਉਹ ਇਸ ਸਮਾਗਮ ਦਾ ਹਿੱਸਾ ਬਣਨ ਵਾਲੇ ਪਹਿਲੇ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਕੋਲ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸਮਾਂ ਵੀ ਨਹੀਂ ਸੀ, ਉਨ੍ਹਾਂ ਨੂੰ ਹੁਣ ਲੋਕਾਂ ਨੇ ਬਾਹਰ ਦਾ ਰਾਹ ਵਿਖਾ ਦਿੱਤਾ।

- Advertisement -

Share this Article
Leave a comment