CM ਮਾਨ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

Rajneet Kaur
3 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ।

ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਸਾਰੀਆਂ ਦਾਣਾ ਮੰਡੀਆਂ ਹੁਣ ਸ਼ਹਿਰਾਂ ਦੇ ਅੰਦਰ ਹਨ ਜਿਸ ਕਰਕੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਲਈ ਵਿਆਪਕ ਪੱਧਰ ਉਤੇ ਸਕੀਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਸਹੂਲਤ ਮਿਲੇਗੀ, ਉਥੇ ਹੀ ਸੂਬੇ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਸੁਪਨਾ ਹੈ ਕਿ ਵੱਖ-ਵੱਖ ਖੇਤਰਾਂ ਦਾ ਹਰੇਕ ਵਰਗ ਤਰੱਕੀ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕਦੇ ਵੀ ਅਜਿਹੇ ਸਮਾਗਮ ਨਹੀਂ ਕਰਦੇ ਸਨ ਕਿਉਂਕਿ ਉਹ ਆਪਣੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਦਾ ਸਾਹਮਣਾ ਕਰਨ ਤੋਂ ਹਿਚਕਚਾਉਂਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਕੰਮ ਲਈ ਸੁਖਾਵਾਂ ਮਾਹੌਲ ਅਤੇ ਆਪਣੇ ਕਾਰੋਬਾਰ ਵਿੱਚ ਤਰੱਕੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਚਾਹੁੰਦੇ ਅਤੇ ਇਸ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕਰਕੇ ਇਸ ਲਈ ਵਧੀਆ ਰਾਹ ਲੱਭਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਸਗੋਂ ਪਿੰਡਾਂ ਤੋਂ ਚੱਲੇਗੀ, ਜਿਸ ਕਾਰਨ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਸੂਬੇ ਦੇ ਲੋਕਾਂ ਨੇ ਮੇਰੀ ਸਰਕਾਰ ਨੂੰ ਸ਼ਾਨਦਾਰ ਫਤਵਾ ਦੇ ਕੇ ਮੈਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਕਾਰਨ ਮੈਂ ਦਿਨ-ਰਾਤ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ। ਲੋਕਾਂ ਨੂੰ ਹੁਣ ਸੂਬਾ ਸਰਕਾਰ ਦੇ ਕੰਮਕਾਜ ‘ਤੇ ਭਰੋਸਾ ਹੈ, ਜਿਸ ਕਾਰਨ ਹੁਣ ਪ੍ਰਵਾਸੀ ਭਾਰਤੀ ਪੰਜਾਬ ਦੇ ਵਿਕਾਸ ‘ਚ ਸਰਗਰਮ ਭਾਈਵਾਲ ਬਣ ਰਹੇ ਹਨ।”

- Advertisement -

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤਾਂ ਪ੍ਰਵਾਸੀ ਭਾਰਤੀ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੀਆਂ ਜਾਇਦਾਦਾਂ ਅਤੇ ਮਕਾਨ ਸੂਬਾ ਸਰਕਾਰ ਨੂੰ ਦਾਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਕਾਰਨ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਪੰਜਾਬ ਮੁੜ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ 43,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜੋ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ।

Share this Article
Leave a comment