CM ਮਾਨ ਨੇ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕਰਨ ਦਾ ਕੀਤਾ ਐਲਾਨ

Rajneet Kaur
4 Min Read

ਮੁਹਾਲੀ:  CM ਮਾਨ ਨੇ ਕਿਹਾ ਕਿ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਦਯੋਗਾਂ ਦੀ ਸਹੂਲਤ ਲਈ ਇਸ ਸ਼ਹਿਰ ਦੇ ਵਿਗਿਆਨਕ ਲੀਹਾਂ ‘ਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ CM ਨੇ ਕਿਹਾ ਕਿ ਸੂਬਾ ਸਰਕਾਰ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਇੱਥੇ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮੁਹਾਲੀ ਸ਼ਹਿਰ ਵਿੱਚ ਸੂਬੇ ਦੇ ਉਦਯੋਗਿਕ ਧੁਰੇ ਵਜੋਂ ਵਿਕਸਤ ਹੋਣ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਅਤਿ ਆਧੁਨਿਕ ਲੀਹਾਂ ’ਤੇ ਵਿਕਾਸ ਹੋਣ ਨਾਲ ਮੁਹਾਲੀ ਸ਼ਹਿਰ ਸੂਬੇ ਦੀ ਅਗਵਾਈ ਕਰੇਗਾ ਅਤੇ ਵਿਕਾਸ ਦੇ ਇਸ ਮਾਡਲ ਨੂੰ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਵੇਗਾ।

ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਉੱਦਮੀਆਂ ਨੂੰ ਉਨ੍ਹਾਂ ਦੇ ਉਦਯੋਗਿਕ ਪਲਾਟਾਂ ‘ਤੇ ਉਸਾਰੀ ਲਈ ਇੱਕ ਸਾਲ ਦਾ ਵਾਧਾ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਉਦਯੋਗਪਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਜਗਤ ਦੇ ਆਗੂਆਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਉਸ ਅਨੁਸਾਰ ਕੰਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੌਰਾਨ ਪ੍ਰਚਲਤ ਲਾਲ ਫੀਤਾਸ਼ਾਹੀ ਦੀ ਕਵਾਇਦ ਨੂੰ ਸਨਅਤਕਾਰਾਂ ਲਈ ਰੈੱਡ ਕਾਰਪੇਟ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਹਿਲਾਂ ਹੀ ਇੱਕ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਅੱਗੇ ਵਧਦੇ ਹੋਏ ਸੂਬਾ ਸਰਕਾਰ ਹੁਣ ਨਵੀਆਂ ਸਨਅਤੀ ਇਕਾਈਆਂ ਲਈ ‘ਡੀਮਡ ਅਪਰੂਵਲਜ਼’ ਜਾਰੀ ਕਰੇਗੀ।

ਸੂਬੇ ਭਰ ਦੇ ਫੋਕਲ ਪੁਆਇੰਟਾਂ ਨੂੰ ਮਾਡਲ ਉਦਯੋਗਿਕ ਹੱਬ ਵਜੋਂ ਵਿਕਸਤ ਕਰਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਮੰਤਵ ਲਈ ਪਹਿਲਾਂ ਹੀ ਰਾਹ ਪੱਧਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਇੱਕ ਅਜਿਹੇ ਨੌਜਵਾਨ ਦੀ ਉਦਾਹਰਨ ਵੀ ਦਿੱਤੀ ਜਿਸ ਨੇ ਆਸਟ੍ਰੇਲੀਆ ਤੋਂ ਭਾਰਤ ਵਾਪਸ ਆ ਕੇ ਇੱਕ ਰੈਸਟੋਰੈਂਟ ਸ਼ੁਰੂ ਕੀਤਾ ਅਤੇ ਸਖ਼ਤ ਮਿਹਨਤ ਅਤੇ ਲਗਨ ਨਾਲ ਆਪਣੇ ਕਾਰੋਬਾਰ ਨੂੰ ਸਫ਼ਲਤਾ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ। ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਕਿਉਂਕਿ ਮੌਜੂਦਾ ਸਮੇਂ ਪੰਜਾਬ ਵਿਸ਼ਵ ਭਰ ਦੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੀ ਥਾਂ ਟਿਫ਼ਨ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜਦੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣ ਜਿਸ ਲਈ ਵੱਡੇ ਪੱਧਰ ‘ਤੇ ਉਦਯੋਗੀਕਰਨ ਲੋੜੀਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਧ ਤੋਂ ਵੱਧ ਉਦਯੋਗਿਕ ਇਕਾਈਆਂ ਨੂੰ ਮਨਜ਼ੂਰੀ ਦੇਣ ਲਈ ਤਿਆਰ ਹਨ ਪਰ ਉਦਯੋਗਪਤੀ ਵੀ ਉਨ੍ਹਾਂ ਨਾਲ ਵਾਅਦਾ ਕਰਨ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਕੀਤਾ ਹੈ ਜਿਸ ਨਾਲ ਨੌਜਵਾਨਾਂ ਲਈ 2.86 ਲੱਖ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਪ੍ਰਾਪਤ ਕੀਤਾ ਜਾਵੇਗਾ।

- Advertisement -

Share this Article
Leave a comment