CM ਮਾਨ ਨੇ ਪੰਜਾਬ ਦੇ ਸਮੁੱਚੇ ਢਾਂਚੇ ਨੂੰ ਸੁਧਾਰਨ ਲਈ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ ‘ਤੇ ਚੱਲਣ ਦੀ ਕੀਤੀ ਅਪੀਲ

Rajneet Kaur
5 Min Read

ਨਿਊਜ਼ ਡੈਸਕ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ  ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਹਮੇਸ਼ਾ ਕਾਰੀਗਰਾਂ, ਕਾਮਿਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ ‘ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮਤਾ ਅਤੇ ਅਗਵਾਈ ਦੇ ਗੁਣਾਂ ਦੀ ਬਖ਼ਸ਼ਿਸ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਫੁੱਟ ਪਾਊ ਤਾਕਤਾਂ ਦੇਸ਼ ਵਿੱਚ ਜਾਤ, ਧਰਮ, ਭਾਸ਼ਾ ਅਤੇ ਹੋਰ ਆਧਾਰਾਂ ’ਤੇ ਲੋਕਾਂ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਜਿਸ ਲਈ ਸਾਨੂੰ ਫ਼ਿਰਕੂ ਸਾਂਝ, ਭਾਈਚਾਰਾ ਅਤੇ ਮਿਲਵਰਤਣ ਵਰਗੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਨਾ ਜ਼ਰੂਰੀ ਹੈ। ਭਗਵੰਤ ਮਾਨ ਨੇ ਕੇਂਦਰ ਵਿੱਚ ਸੱਤਾ ਸੰਭਾਲਣ ਵਾਲਿਆਂ ਵੱਲੋਂ ਰਾਜਾਂ ਦੇ ਅਧਿਕਾਰਾਂ ਨੂੰ ਹੜੱਪ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਪਹੁੰਚਾਏ ਜਾ ਰਹੇ ਨਾ ਪੂਰੇ ਜਾਣ ਵਾਲੇ ਨੁਕਸਾਨ ’ਤੇ ਵੀ ਦੁੱਖ ਪ੍ਰਗਟਾਇਆ।

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਕਈ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1 ਜੁਲਾਈ ਤੋਂ ਹਰੇਕ ਬਿੱਲ ਵਿੱਚ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ (72.66 ਲੱਖ) ਵਿੱਚੋਂ 50 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਸੂਬਾ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੱਖਾਂ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ ਜਿਸ ਨਾਲ ਲੱਖਾਂ ਮੁਲਾਜ਼ਮਾਂ ਦੇ ਹਿੱਤ ਸੁਰੱਖਿਅਤ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਪੰਜਾਬ ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਜਾਣਗੀਆਂ।

 

Share This Article
Leave a Comment