CM ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਦਿਤਾ ਸੱਦਾ

Rajneet Kaur
4 Min Read

ਚੰਡੀਗੜ੍ਹ:: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ। ਐਤਵਾਰ ਨੂੰ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਕਰ ਕੇ ਸੂਬੇ ਦਾ ਮੁਹਾਂਦਰਾ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦੂਸ਼ਣਬਾਜ਼ੀ ਕਰਨ ਦੀ ਬਜਾਏ ‘ਕੰਮ ਦੀ ਸਿਆਸਤ’ ਕਰ ਰਹੇ ਹਨ ਤਾਂ ਕਿ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ।

CM ਮਾਨ ਨੇ ਲੋਕ ਭਲਾਈ ਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ’ਤੇ ਲਿਜਾਣ ਲਈ ‘ਆਪ’ ਦੇ ਹੱਥ ਮਜ਼ਬੂਤ ਕਰਨ ਵਾਸਤੇ ਲੋਕਾਂ ਤੋਂ ਭਰਪੂਰ ਸਮਰਥਨ ਤੇ ਸਹਿਯੋਗ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕ ਹੀ ਅਸਲ ਦੇਸ਼ ਭਗਤ ਹਨ ਕਿਉਂਕਿ ਉਹ ਹਰ ਤਰ੍ਹਾਂ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਇਹ ਕੋਈ ਪੱਛੜਿਆ ਇਲਾਕਾ ਨਹੀਂ ਹੈ ਸਗੋਂ ਇਹ ਸੂਬੇ ਦਾ ਪਹਿਲਾ ਇਲਾਕਾ ਹੈ ਜੋ ਦੇਸ਼ ਦੇ ਦੁਸ਼ਮਣਾਂ ਦਾ ਡਟ ਕੇ ਮੁਕਾਬਲਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਇਸ ਕਸਬੇ ’ਚ ਅੱਤਵਾਦੀ ਹਮਲਾ ਹੋਇਆ ਸੀ ਤਾਂ ਉਸ ਵੇਲੇ ਉਹ ਸੰਸਦ ਮੈਂਬਰ ਸਨ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸ ਲਈ 7.5 ਕਰੋੜ ਰੁਪਏ ਦੀ ਮੰਗ ਕਰਨ ਦੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਰਕਮ ਉਨ੍ਹਾਂ ਦੇ ਐੱਮਪੀਐੱਲਏਡੀ ਫੰਡ ’ਚੋਂ ਕੱਟਣ ਲਈ ਕਿਹਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣਾ ਇਹ ਫ਼ੈਸਲਾ ਵਾਪਸ ਲੈ ਲਿਆ ਸੀ। ਇਹ ਮੰਦਭਾਗੀ ਗੱਲ ਹੈ ਕਿ ਫ਼ੌਜ ਨੂੰ ਕਿਰਾਏ ’ਤੇ ਅਜਿਹੇ ਸੂਬੇ ’ਚ ਭੇਜਿਆ ਜਾ ਰਿਹਾ ਹੈ, ਜੋ ਦੇਸ਼ ’ਚ ਸਭ ਤੋਂ ਵੱਧ ਸੈਨਿਕ ਪੈਦਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਦੇ ਹੋਏ ਦੇਸ਼ ਦੀ ਜੰਗ ਲੜੀ ਹੈ।

ਸੂਬੇ ਨੂੰ ਬਰਬਾਦ ਕਰਨ ਲਈ ਵਿਰੋਧੀ ਧਿਰ ਦੇ ਆਗੂਆਂ ਸੁਖਬੀਰ ਬਾਦਲ, ਪ੍ਰਤਾਪ ਬਾਜਵਾ, ਬਿਕਰਮ ਮਜੀਠੀਆ ਤੇ ਨਵਜੋਤ ਸਿੱਧੂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, ‘ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਇਹ ਆਗੂ ਪੰਜਾਬੀ ਮਾਂ-ਬੋਲੀ ਦਾ ਉਚਾਰਣ ਤੱਕ ਵੀ ਨਹੀਂ ਕਰ ਸਕਦੇ। ਇਨ੍ਹਾਂ ਲੋਕਾਂ ਨੇ ਆਪਣੇ ਸਵਾਰਥੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਤੇ ਸਿਰਫ਼ ਆਪਣੇ ਪਰਿਵਾਰ ਦੇ ਮੁਫ਼ਾਦ ਪਾਲਣ ਨੂੰ ਤਰਜੀਹ ਦਿੱਤੀ।’ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ’ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਦੀ ਅੰਨ੍ਹੀ ਲੁੱਟ ਕਰਨ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਸ਼ਿ ਕਰ ਰਹੇ ਹਨ।

ਲੋਕ ਸਭਾ ਮੈਂਬਰ ਸੰਨੀ ਦਿਓਲ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, ‘ਫਿਲਮਾਂ ਵਿਚ ਤਾਂ ਬਾਲੀਵੁੱਡ ਅਦਾਕਾਰ ਸਰਹੱਦ ਪਾਰ ਕਰ ਕੇ ਧਰਤੀ ਤੋਂ ਹੈਂਡ ਪੰਪ ਖਿੱਚ ਲੈਂਦੇ ਹਨ ਪਰ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਰਹੀ ਹੈ ਕਿਉਂਕਿ ਉਹ ਆਪਣੇ ਹਲਕੇ ਵਿਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੈਂਡ ਪੰਪ ਵੀ ਨਹੀਂ ਲਵਾ ਸਕੇ।’ ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਹੁਣ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਤੇ ਲੋਕਾਂ ਨੂੰ ਸਿਹਤ ਤੇ ਸਿੱਖਿਆ ਦੀਆਂ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

Share This Article
Leave a Comment