ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ । CM ਮਾਨ ਨੇ ਅੱਜ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਕਰੀਬ 252 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਰੰਗਲਾ ਪੰਜਾਬ ਟੀਮ ਦਾ ਹਿੱਸਾ ਬਣਨ ‘ਤੇ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੁਕਾਬਲੇ ਹੁਣ ਸਿਫਾਰਿਸ਼ ‘ਤੇ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ ਜਾਂਦੀਆਂ, ਸਿਰਫ਼ ਯੋਗਤਾ ਦੇ ਆਧਾਰ ‘ਤੇ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ । ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵਾਲੀਆਂ ਸਰਕਾਰਾਂ ਨੇ ਸਰਕਾਰੀ ਨੌਕਰੀ ਨੂੰ ਹਊਆ ਬਣਾ ਦਿਤਾ ਸੀ। ਸਾਡੀ ਸਰਕਾਰ ‘ਚ ਮੈਰਿਟ ਦੇ ਆਧਾਰ ‘ਤੇ ਨੌਕਰੀ ਮਿਲੇਗੀ। ਅਸੀਂ ਕਿਸੇ ਵੀ ਸਿਫ਼ਾਰਸ਼ ਕਰਵਾਉਣ ਵਾਲੇ ਨੂੰ ਨੌਕਰੀ ਨਹੀਂ ਦੇਵਾਂਗੇ।
CMਮਾਨ ਨੇ ਵੱਖ-ਵੱਖ ਉਦਾਹਰਣਾਂ ਦੇ ਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਟੀਮ ਵਰਕ ਵਜੋਂ ਕੰਮ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੁਕਾਬਲੇ ਹੁਣ ਸਰਕਾਰੀ ਨੌਕਰੀਆਂ ਸਿਫ਼ਾਰਸ਼ਾਂ ‘ਤੇ ਨਹੀਂ ਦਿੱਤੀਆਂ ਜਾਂਦੀਆਂ, ਸਿਰਫ਼ ਯੋਗਤਾ ਦੇ ਆਧਾਰ ‘ਤੇ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | CM ਮਾਨ ਨੇ ਕਿਹਾ ਕਿ ਅੱਜ 131 PSPCL ਦੇ ਕਲਰਕ, ਡਿਪਾਰਟਮੈਂਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿੱਚ 48 ਸਟਾਫ ਨਰਸਾਂ ਸਣੇ ਫਾਰਮੇਸੀ ਅਫਸਰ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਯੁਰਵੇਦ ਵਿਭਾਗ ਦੇ ਵੀ 33 ਕਰਮਚਾਰੀ ਹਨ, ਪਰ ਕਿਸੇ ਨੂੰ ਵੀ ਸਿਫਾਰਿਸ਼ ਦੇ ਆਧਾਰ ‘ਤੇ ਸਰਕਾਰੀ ਨੌਕਰੀ ਨਹੀਂ ਮਿਲੀ । ਉਨ੍ਹਾਂ ਨੇ ਯੋਗਤਾ ਦੇ ਆਧਾਰ ‘ਤੇ ਨੌਕਰੀ ਦੇਣ ਦੀ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਇਰਾਦਾ ਕੀਤਾ ਅਤੇ ਫਿਰ ਪੰਜਾਬੀਆਂ ਨਾਲ ਵਾਅਦਾ ਕੀਤਾ। ਇਸ ਇਰਾਦੇ ਵਿਚ ਨੌਜੁਆਨਾਂ ਦਾ ਰੁਜ਼ਗਾਰ, ਮੁਫ਼ਤ ਬਿਜਲੀ, ਸਿੱਖਿਆ ਪ੍ਰਣਾਲੀ ਅਤੇ ਸਿਹਤ ਪ੍ਰਣਾਲੀ ਸਮੇਤ ਹੋਰ ਕੰਮ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਜਦੋਂ ਇਰਾਦਾ ਹੋ ਜਾਵੇ ਤਾਂ ਵਾਅਦਾ ਪੂਰਾ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਆਉਂਦੀ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਹੁਣ ਤੱਕ 30,000 ਦੇ ਕਰੀਬ ਪੰਜਾਬੀ ਨੌਜੁਆਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਉਦਯੋਗਿਕ ਖੇਤਰ ਵਿੱਚ ਵੀ ਵੱਡੇ ਨਿਵੇਸ਼ ਦਾ ਦਾਅਵਾ ਕੀਤਾ ਗਿਆ ਹੈ।
ਦੱਸ ਦੇਈਏ ਕਿ CM ਮਾਨ ਨੇ ਕਰੀਬ ਪੰਜ ਮਹੀਨੇ ਪਹਿਲਾਂ ਵੱਖ-ਵੱਖ ਕੰਪਨੀਆਂ ਵੱਲੋਂ ਕੁੱਲ 38 ਹਜ਼ਾਰ 175 ਕਰੋੜ ਰੁਪਏ ਦੇ ਨਿਵੇਸ਼ ਦਾ ਦਾਅਵਾ ਕੀਤਾ ਸੀ। ਇਸ ਰਾਹੀਂ ਕੁੱਲ 2,43,248 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਇਹ ਨਿਵੇਸ਼ ਸਭ ਤੋਂ ਵੱਧ 11 ਹਜ਼ਾਰ 853 ਕਰੋੜ ਰੁਪਏ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਰਾਹੀਂ ਕੁੱਲ 1 ਲੱਖ 22 ਹਜ਼ਾਰ 225 ਪੰਜਾਬੀਆਂ ਨੂੰ ਰੁਜ਼ਗਾਰ ਮਿਲੇਗਾ।