ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (24 ਮਾਰਚ ਨੂੰ) ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਸੀਐਮ ਮਾਨ ਉਨ੍ਹਾਂ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ।ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਮਾਨ ਵਿਚਾਲੇ ਕਰੀਬ ਚਾਲੀ ਮਿੰਟ ਤੱਕ ਮੀਟਿੰਗ ਚੱਲੀ। ਬਜਟ ਸੈਸ਼ਨ ਦੇ ਮੱਧ ਵਿਚ ਹੋਣ ਵਾਲੀ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਦੱਸ ਦਈਏ ਕਿ ਬੀਤੇ ਵੀਰਵਾਰ ਨੂੰ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਇਆ। ਉਸੇ ਦਿਨ ਮੁੱਖ ਮੰਤਰੀ ਨੂੰ ਰਾਜਪਾਲ ਵੱਲੋਂ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਸੋਸ਼ਲ ਮੀਡੀਆ ‘ਤੇ ਚਰਚਾ ਸੀ ਕਿ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਹੋ ਸਕਦਾ ਹੈ ਪਰ ਮੁੱਖ ਮੰਤਰੀ ਦਫਤਰ (ਸੀ.ਐੱਮ.ਓ.) ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਟਵੀਟ ਕਰ ਕਿਹਾ ਕਿ ” ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਰਾਜ ਭਵਨ ਵਿਖੇ ਮੇਰੇ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਅਸੀਂ ਹਾਈ ਟੀ ‘ਤੇ ਗਰਮਜੋਸ਼ੀ ਅਤੇ ਸੁਹਿਰਦ ਗੱਲਬਾਤ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ” ਸਾਡੀ ਮੁਲਾਕਾਤ ਦੌਰਾਨ, ਅਸੀਂ ਸ਼ਾਸਨ, ਲੋਕ ਭਲਾਈ ਪਹਿਲਕਦਮੀਆਂ, ਅਤੇ ਰਾਜ ਦੀ ਖੁਸ਼ਹਾਲੀ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਹਿਯੋਗੀ ਯਤਨਾਂ ਦੀ ਮਹੱਤਤਾ ‘ਤੇ ਵਿਆਪਕ ਅਤੇ ਸਕਰਾਤਮਕ ਗੱਲਬਾਤ ਕੀਤੀ। ਅਸੀਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਅਤੇ ਕੇਂਦਰ ਸਰਕਾਰ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਆਪਣੀ ਸਾਂਝੀ ਵਚਨਬੱਧਤਾ ਦੁਹਰਾਈ।”
ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਦਰਮਿਆਨ ਸਬੰਧ ਬਹੁਤ ਚੰਗੇ ਰਹੇ ਹਨ। ਜਦੋਂ ਤੋਂ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਹੈ, ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜ਼ਿਆਦਾਤਰ ਬਜਟਾਂ ਨੂੰ ਪਹਿਲ ਦੇ ਆਧਾਰ ‘ਤੇ ਪ੍ਰਵਾਨਗੀ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।