CM ਮਾਨ ਨੇ ਧੂਰੀ ਦੇ ਨਵੇਂ ਸਰਕਾਰੀ ਹਸਪਤਾਲ ਦਾ ਕੀਤਾ ਉਦਘਾਟਨ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਆਪਣੇ ਹਲਕੇ ਧੂਰੀ ਵਿੱਚ ਇੱਕ ਵਿਸ਼ਾਲ ਇਕੱਠ ਵਿੱਚ ਸ਼ਿਰਕਤ ਕੀਤੀ ਹੈ। ਇਸ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਆਪਣੇ ਵਿਰੋਧੀਆਂ ‘ਤੇ ਤਿੱਖੇ ਹਮਲੇ ਕੀਤੇ ਹਨ। ਇਕੱਠ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਨੇ ਧੂਰੀ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਨਵੇਂ ਸਰਕਾਰੀ ਹਸਪਤਾਲ ਦਾ ਉਦਘਾਟਨ ਵੀ ਕੀਤਾ। ਜਿਸ ਨੂੰ ਸਿਹਤ ਕ੍ਰਾਂਤੀ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕੀਤਾ ਹੈ। ਉਨ੍ਹਾਂ ਆਪਣੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ।

ਅੱਜ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿਖੇ 21.65 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਸਬ-ਡਿਵਿਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਨੂੰ ਲੋਕ ਸਮਰਪਿਤ ਕੀਤਾ। 80 ਬੈੱਡਾਂ ਦੀ ਸਮਰੱਥਾ, 13 OPD, ਐਮਰਜੈਂਸੀ ਬਲਾਕ, 7 ਓਪਰੇਸ਼ਨ ਥੀਏਟਰ, ਆਧੁਨਿਕ ਲੈਬਜ਼ ਅਤੇ ਮਾਹਿਰ ਡਾਕਟਰਾਂ ਨਾਲ ਲੈਸ ਇਹ ਹਸਪਤਾਲ ਹੁਣ 58 ਹਜ਼ਾਰ ਤੋਂ ਵੱਧ ਸ਼ਹਿਰੀ ਆਬਾਦੀ ਅਤੇ ਨੇੜਲੇ 70 ਪਿੰਡਾਂ ਲਈ ਮੈਡੀਕਲ ਸੁਵਿਧਾ ਦਾ ਕੇਂਦਰ ਬਣੇਗਾ। ਜੱਚਾ-ਬੱਚਾ ਸੰਭਾਲ, ਮੁਫ਼ਤ ਟੈਸਟ, ਸਰਜਰੀਆਂ ਅਤੇ ਐਮਰਜੈਂਸੀ ਸੇਵਾਵਾਂ, ਹੁਣ ਲੋਕਾਂ ਨੂੰ ਹਰ ਸਹੂਲਤ ਇੱਕ ਛੱਤ ਹੇਠਾਂ ਹੀ ਮਿਲੇਗੀ।ਪੰਜਾਬੀਆਂ ਨੂੰ ਸਿਹਤ ਪੱਖੋਂ ਹਰ ਸਹੂਲਤ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ। ਸਾਡਾ ਮਕਸਦ ਸਪੱਸ਼ਟ ਹੈ ਕਿ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਦੇ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਗਿਆ ਹੈ। ਜਿਸ ਨਾਲ ਲੱਖਾਂ ਪਰਿਵਾਰਾਂ ‘ਤੇ ਵਿੱਤੀ ਬੋਝ ਘੱਟ ਹੋਇਆ ਹੈ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਲੋਕ ਜਲਦੀ ਹੀ ਆਪਣੇ ਬਿਜਲੀ ਬਿੱਲਾਂ ‘ਤੇ ਇੱਕ ਵੱਖਰੀ “ਕੱਟ” (ਰਾਹਤ) ਦੇਖਣ ਨੂੰ ਮਿਲੇਗੀ।

ਔਰਤਾਂ ਨੂੰ 1,000 ਅਤੇ 1,500 ਰੁਪਏ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦੀ ਹੀ ਇਸ ਨੂੰ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, “ਵਿਰੋਧੀ ਧਿਰ ਕੋਲ ਹੁਣ ਬੋਲਣ ਲਈ ਕੋਈ ਮੁੱਦਾ ਨਹੀਂ ਹੈ। ਕੋਈ ਵੀ ਕੰਮ ਜੋ ਅਧੂਰਾ ਰਹਿ ਜਾਂਦਾ ਹੈ, ਉਸ ਨੂੰ ਅਗਲੇ ਸਾਲ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।”

Share This Article
Leave a Comment