ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦੀ ਆਫ਼ਤ ਦੇ ਵਿਚਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਭਾਵਿਤ ਪਰਿਵਾਰਾਂ ਅਤੇ ਰਾਹਤ ਕਾਰਜਾਂ ਵਿੱਚ ਲੱਗੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। CM ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਹਸਪਤਾਲ ’ਚੋਂ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ ’ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ।
ਮੁੱਖ ਮੰਤਰੀ ਨੇ ਹੰਸਪਾਲ ਟਰੇਡਰਜ਼ ਦੇ ਮਾਲਕ ਪ੍ਰੀਤਪਾਲ ਸਿੰਘ ਹੰਸਪਾਲ ਦਾ ਵੀ ਧੰਨਵਾਦ ਕੀਤਾ। ਹੰਸਪਾਲ ਨੇ ਆਪਣੇ ਬਲਬੂਤੇ ‘ਤੇ 150 ਤੋਂ ਵੱਧ ਕਿਸ਼ਤੀਆਂ ਬਣਾ ਕੇ ਹੜ੍ਹਾਂ ਵਿੱਚ ਫਸੇ ਲੋਕਾਂ ਅਤੇ ਉਨ੍ਹਾਂ ਦੇ ਜਾਨਵਰਾਂ ਨੂੰ ਕੱਢਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਫਰਾਖਦਿਲੀ ਨਾਲ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਯੋਗਦਾਨ ਪਾ ਰਹੇ ਹਨ। ਇਸ ਔਖੀ ਘੜੀ ਵਿੱਚ ਦੁਖੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਲੋਕਾਂ ਦਾ ਤਹਿ-ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਮਦਦ ਮਿਲੇ। ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।