ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੇਰ ਰਾਤ ਦਿੱਲੀ ਵਿੱਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਏ, ਆੜ੍ਹਤੀਆਂ ਦੇ ਕਮਿਸ਼ਨ ਅਤੇ ਅਨਾਜ ਦੀ ਢੋਆ-ਢੁਆਈ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਬਹੁਤ ਹੀ ਖੁਸ਼ਗਵਾਰ ਅਤੇ ਖੁਸ਼ਨੁਮਾ ਮਾਹੌਲ ਵਿੱਚ ਹੋਈ। ਸੀਐਮ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਦੋ ਦਿਨਾਂ ਵਿੱਚ ਗੱਲ ਕਰਕੇ ਜਵਾਬ ਦੇਣਗੇ।
ਸੀਐਮ ਮਾਨ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਜੇਕਰ ਕੇਂਦਰ ਸਰਕਾਰ ਆਰਡੀਐਫ ਦੇ ਸਾਰੇ ਪੈਸੇ ਇੱਕੋ ਵਾਰ ਨਹੀਂ ਦੇਣਾ ਚਾਹੁੰਦੀ ਤਾਂ ਇਸ ਨੂੰ ਕਿਸ਼ਤਾਂ ਵਿੱਚ ਦਿੱਤਾ ਜਾਵੇ। ਆਰਡੀਐਫ ਉਨ੍ਹਾਂ ਦਾ ਅਧਿਕਾਰ ਹੈ ਅਤੇ ਕੇਂਦਰ ਨੂੰ ਉਨ੍ਹਾਂ ਨੂੰ ਪੁਰਾਣੀਆਂ ਸਰਕਾਰਾਂ ਦੀ ਸਜ਼ਾ ਨਹੀਂ ਦੇਣੀ ਚਾਹੀਦੀ। ਕੇਂਦਰ ਨੇ ਪੰਜਾਬ ਨੂੰ ਐਕਟ ਬਣਾਉਣ ਦੀ ਗੱਲ ਕੀਤੀ, ਅਸੀਂ ਵੀ ਐਕਟ ਬਣਾ ਦਿੱਤਾ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭੀਖ ਨਹੀਂ ਮੰਗ ਰਹੇ, ਪਿਛਲੀਆਂ ਸਰਕਾਰਾਂ ਦੇ ਕੀਤੇ ਦੀ ਸਜ਼ਾ ਸਾਨੂੰ ਨਹੀਂ ਮਿਲਣੀ ਚਾਹੀਦੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਆੜ੍ਹਤੀਆਂ ਬਾਰੇ ਵੀ ਚਰਚਾ ਹੋਈ। ਉਨ੍ਹਾਂ ਦਾ ਕਮਿਸ਼ਨ ਵਧਾਉਣ ਦੀ ਗੱਲ ਕੀਤੀ ਗਈ। ਸੀਐਮ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੇ ਬਦਲੇ ਵਿੱਚ ਮਿਲਣ ਵਾਲੇ ਕਮਿਸ਼ਨ ਦਾ ਮੁੱਦਾ ਅਹਿਮ ਹੈ। ਪੰਜਾਬ ਦੇਸ਼ ਦਾ ‘ਅੰਨ ਭੰਡਾਰ’ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਇਸ ਤੋਂ ਇਲਾਵਾ ਉਨ੍ਹਾਂ ਮੰਤਰੀ ਜੋਸ਼ੀ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਗੁਦਾਮਾਂ ਵਿੱਚੋਂ ਝੋਨੇ ਦੀ ਲਿਫਟਿੰਗ ਕਰਵਾਈ ਜਾਵੇ। ਪੰਜਾਬ ‘ਚ ਕਣਕ ਦੀ ਆਮਦ ਵੀ 1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ।ਅਜਿਹੇ ‘ਚ ਪ੍ਰਹਿਲਾਦ ਜੋਸ਼ੀ ਨੇ ਇਸ ਗੱਲ ਨੂੰ ਮੰਨਦੇ ਹੋਏ ਕਿਹਾ ਹੈ ਕਿ ਉਹ ਦੋ ਦਿਨਾਂ ‘ਚ ਜਵਾਬ ਦੇਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।