ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਆਪਣੀ ਪਤਨੀ ਸਮੇਤ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।ਇਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ‘ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ CM ਮਾਨ ਨੇ ਕਿਹਾ ਕਿ ਅੱਜ ਪੂਰੀ ਦੁਨੀਆ ‘ਚ ਲੱਖਾਂ-ਕਰੋੜਾਂ ਨਾਨਕ ਨਾਮ ਲੇਵਾ ਸੰਗਤ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨਾਂ ‘ਤੇ ਮੱਥਾ ਟੇਕ ਰਹੀ ਹੈ ਅਤੇ ਉਨ੍ਹਾਂ ਦੀ ਬਾਣੀ ਦਾ ਸਿਮਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਸੌਭਾਗਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਆ ਕੇ ਸ਼ਰਧਾ ਨਾਲ ਨਤਮਸਤਕ ਹੋਣ ਦਾ ਮੌਕਾ ਮਿਲਿਆ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਅੰਮ੍ਰਿਤਸਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀਆਂ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਕੰਮ ਕਰ ਰਹੀ ਹੈ। ਸ੍ਰੀ ਦਰਬਾਰ ਸਾਹਿਬ ਤੱਕ ਜਾਣ ਵਾਲੀਆਂ ਸੜਕਾਂ ਅਤੇ ਪਾਰਕਿੰਗ ਸੁਵਿਧਾਵਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਸੁਧਾਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

