ਚੰਡੀਗੜ੍ਹ: 13 ਨਵੰਬਰ ਨੂੰ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਐਤਵਾਰ ਨੂੰ ਉਨ੍ਹਾਂ ਡੇਰਾ ਬਾਬਾ ਨਾਨਕ ਵਿੱਚ ਪਾਰਟੀ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਹਲਕਾ ਡੇਰਾ ਬਾਬਾ ਨਾਨਕ ਦੇ ਕਲਾਨੌਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਵਿਸ਼ਾਲ ਰੈਲੀ ਕੀਤੀ ਗਈ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਅਜੇ ਤਾਂ 75 ਸਾਲ ਪੁਰਾਣੀ ਗੰਢਾਂ ਖੋਲ੍ਹ ਰਹੇ ਹਾਂ ਜਿਸ ‘ਚ ਸਭ ਤੋਂ ਪਹਿਲਾਂ ਵਿਧਾਇਕਾਂ ਦੀ ਪੈਨਸ਼ਨ ਵਾਲੀ ਗੰਢ ਖੋਲ੍ਹੀ ਹੈ। ਉਨ੍ਹਾਂ ਕਿਹਾ ਕਈ ਵਿਧਾਇਕ 4,5 ਵਾਰ ਜਿੱਤੇ ਦੀਆਂ ਪੈਨਸ਼ਨਾਂ ਲੈ ਰਹੇ ਸਨ, ਜਿਸ ਨੂੰ ਬੰਦ ਕਰ ਕੇ ਇਕ ਪੈਨਸ਼ਨ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਕਈ ਵਿਧਾਇਕਾਂ ਨੂੰ ਤਾਂ ਹਾਰਨ ‘ਚ ਹੀ ਫਾਇਦਾ ਸੀ ਕਿਉਂਕਿ ਉਨ੍ਹਾਂ ਨੂੰ ਹਾਰ ਕੇ ਵੀ ਪੈਨਸ਼ਨ ਮਿਲਦੀ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਫ਼ਤ ਬਿਜਲੀ ਵਾਲੀ ਗਰੰਟੀ ਵੀ ਪੂਰੀ ਕੀਤੀ ਹੈ ਅਤੇ ਅੱਜ ਪੂਰੇ ਪੰਜਾਬ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਹੁਣ ਤੱਕ 45 ਹਜ਼ਾਰ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਹੁਣ ਤੱਕ ਪੰਜਾਬ ਦੇ 16 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਤੁਸੀਂ ਆਪਣੀਆਂ ਮੁਸ਼ਕਿਲਾਂ ਆਉਣ ਵਾਲੇ ਵਿਧਾਇਕ ਗੁਰਦੀਪ ਰੰਧਾਵਾ ਨੂੰ ਦੱਸੋ, ਉਸ ਅਰਜ਼ੀ ਦੇ ਸਾਈਨ ਮੇਰੇ ਹੋਣਗੇ ਤਾਂ ਤੁਹਾਡੀਆਂ ਮੁਸ਼ਕਿਲਾਂ ਵੀ ਹੱਲ ਜ਼ਰੂਰ ਹੋਣਗੀਆਂ।
ਨਾਲ ਹੀ ਉਨ੍ਹਾਂ ਇਸ ਮੌਕੇ ਸੁਖਬੀਰ ਬਾਦਲ ਬਾਰੇ ਬੋਲਦਿਆਂ ਕਿਹਾ ਕਿ ਕਈ ਲੋਕ ਤਾਂ ਕਹਿੰਦੇ ਸੀ ਸਾਡੇ ਬਿਨਾਂ ਪੱਤਾ ਤੱਕ ਨਹੀਂ ਹਿਲਦਾ ਅਤੇ ਅੱਜ ਉਹ ਆਪ ਹੀ ਚੋਣਾਂ ‘ਚ ਖੜ੍ਹੇ ਨਹੀਂ ਹੋਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।