ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025–2026 ਦੇ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਪੰਜਾਬ ਦੀਆਂ ਧੀਆਂ ਨੇ ਬਾਜ਼ੀ ਮਾਰ ਕੇ ਸੂਬੇ ਦਾ ਅਤੇ ਮਾਂ ਬਾਪ ਦਾ ਨਾਮ ਰੋਸ਼ਨ ਕੀਤਾ। ਬੋਰਡ ਵੱਲੋਂ ਜਾਰੀ ਨਤੀਜਿਆਂ ਅਨੁਸਾਰ ਤਮੰਨਾ , ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋਂ (ਫਰੀਦਕੋਟ) ਨੇ 600 ਵਿੱਚੋਂ ਪੂਰੇ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਜਪਨੀਤ ਕੌਰ , ਸਰਕਾਰੀ ਮਿਡਲ ਸਕੂਲ, ਅਰਕਵਾਸ (ਸੰਗਰੂਰ) ਨੇ 598 ਅੰਕ (99.67%) ਨਾਲ ਦੂਜਾ ਸਥਾਨ ਹਾਸਲ ਕੀਤਾ। ਜਸ਼ਨਦੀਪ ਕੌਰ , ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਨੇ 598 ਅੰਕ (99.67%) ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਅੱਜ ਪੰਜਾਬ ਦੀਆਂ ਹੋਣਹਾਰ ਧੀਆਂ ਨਾਲ਼ CM ਭਗਵੰਤ ਮਾਨ ਨੇ ਖ਼ਾਸ ਮੁਲਾਕਾਤ ਕੀਤੀ ਮੁੱਖ ਮੰਤਰੀ ਰਿਹਾਇਸ਼ ਪੰਜਾਬ, ਚੰਡੀਗੜ੍ਹ ਵਿਖੇ ਮਾਪਿਆਂ ਸਮੇਤ ਪਹੁੰਚੀਆਂ ਧੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ। CM ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੇ ਸਾਰੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਕਾਮਯਾਬੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਮਾਨ ਨੇ ਇਸ ਸੰਬੰਧੀ ਖਾਸ ਟਵੀਟ ਸਾਂਝਾ ਕਰ ਕੇ ਕਿਹਾ ਕਿ ” ਅੱਜ ਚੰਡੀਗੜ੍ਹ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ‘ਚੋਂ ਅੱਵਲ ਰਹਿਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਖ਼ਾਸ ਮੌਕੇ ‘ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਦਿਲੋਂ ਵਧਾਈਆਂ ਦਿੱਤੀਆਂ। ਇਸ ਵਾਰ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਕ ਭੱਠੇ ‘ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਹਾਸਲ ਕੀਤਾ ਹੈ, ਜਦਕਿ ਦੂਜੇ ਅਤੇ ਤੀਜੇ ਸਥਾਨ ‘ਤੇ ਕ੍ਰਮਵਾਰ ਟਾਈਲਾਂ ਦੀ ਦੁਕਾਨ ਚਲਾਉਣ ਵਾਲੇ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ ਹੈ।
ਉਨ੍ਹਾਂ ਕਿਹਾ ਕਿ “ਇਹ ਨਤੀਜੇ ਸਾਫ਼ ਦਰਸਾਉਂਦੇ ਹਨ ਕਿ ਆਮ ਅਤੇ ਸਧਾਰਨ ਪਰਿਵਾਰਾਂ ਦੇ ਬੱਚੇ ਹੁਣ ਸਿੱਖਿਆ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰ ਰਹੇ ਹਨ। ਇਨ੍ਹਾਂ ਬੱਚਿਆਂ ਦਾ ਆਤਮ-ਵਿਸ਼ਵਾਸ, ਮਿਹਨਤ ਅਤੇ ਲਗਨ ਵੇਖ ਕੇ ਬੇਹੱਦ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ। ਸਾਡੀ ਸਰਕਾਰ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਬੁਲੰਦੀਆਂ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਿਆਰੀ ਸਿੱਖਿਆ, ਆਧੁਨਿਕ ਸਕੂਲ ਅਤੇ ਇੱਕ ਪ੍ਰੇਰਣਾਦਾਇਕ ਮਾਹੌਲ ਸਿਰਜਣ ਲਈ ਅਸੀਂ ਲਗਾਤਾਰ ਯਤਨਸ਼ੀਲ ਹਾਂ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

