CM ਮਾਨ ਨੇ ਕੱਸਿਆ ਤੰਜ, ਕਿਹਾ- ਭਾਜਪਾ ਤਾਂ ਰਾਸ਼ਟਰੀ ਗਾਣ ’ਚੋਂ ਪੰਜਾਬ ਦਾ ਨਾਂ ਹੀ ਕੱਢ ਦੇਵੇ

Rajneet Kaur
5 Min Read

ਚੰਡੀਗੜ੍ਹ : CM ਮਾਨ ਨੇ ਭਾਜਪਾ ’ਤੇ ਪੰਜਾਬ ਵਿਰੋਧੀ ਹੋਣ ਦਾ ਦੋਸ਼ ਲਗਾਇਆ ਹੈ। ਪੰਜਾਬ ਵਿਧਾਨ ਸਭਾ ਵਿੱਚ ਬਹਿਸ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਪੰਜਾਬ ਨੇ ਦੇਸ਼ ਦੇ ਅਨਾਜ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਤੋਂ ਇਲਾਵਾ ਭਾਰਤੀ ਫੌਜ ਵਿੱਚ ਸਭ ਤੋਂ ਵੱਧ ਨੁਮਾਇੰਦਗੀ ਦਿੱਤੀ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਅਣਗੌਲਿਆ ਕੀਤਾ ਹੈ । ਉਨ੍ਹਾਂ ਕਿਹਾ ਹੈ ਕਿ ਜੇਕਰ ਭਾਜਪਾ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗਾਣ ’ਚੋਂ ਪੰਜਾਬ ਦਾ ਨਾਂ ਹੀ ਹਟਾ ਦੇਵੇ। ਉਨ੍ਹਾਂ ਕਈ ਮਿਸਾਲਾਂ ਦਿੰਦਿਆਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ ਹੈ।

ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਜੀਐੱਸਟੀ ਸੋਧ ਬਿੱਲ ’ਤੇ  CM ਨੇ ਕਿਹਾ ਕਿ ਭਾਜਪਾ ਐਂਟੀ ਪੰਜਾਬ ਚੱਲ ਰਹੀ ਹੈ। ਜਦੋਂ ਇਸਦਾ ਦਿਲ ਕਰਦਾ ਹੈ ਪੰਜਾਬ ਦਾ ਪੇਂਡੂ ਵਿਕਾਸ ਫੰਡ ਰੋਕ ਲੈਂਦੀ ਹੈ। ਇਸ ਦਾ ਮਨ ਹੈ ਕਿ ਕਿਸਾਨਾਂ ਨੂੰ ਦਿੱਤਾ ਜਾਂਦਾ ਐੱਮਐੱਸਪੀ ਖ਼ਤਮ ਕਰ ਦਿੱਤਾ ਜਾਵੇ। ਸੀਸੀਐੱਲ ਲਿਮਟ ਇਸ ਤਰ੍ਹਾਂ ਦਿੰਦੇ ਹਨ ਜਿਵੇਂ ਅਹਿਸਾਨ ਕਰ ਰਹੇ ਹੋਣ। ਪੰਜਾਬ ਦੇ ਸ਼ਹੀਦ ਹੋਏ ਅਗਨੀਵੀਰ ਨੂੰ ਸਲੂਟ ਤੱਕ ਨਹੀਂ ਦਿੱਤਾ ਗਿਆ। ਕਿਹਾ ਜਾਂਦਾ ਹੈ ਕਿ ਪਰਾਲੀ ਸਾੜਨ ’ਤੇ ਕਿਸਾਨਾਂ ’ਤੇ ਪਰਚੇ ਦਰਜ ਕਰ ਦਿਓ, ਜਿਵੇਂ ਇਕੱਲੇ ਪੰਜਾਬ ’ਚ ਹੀ ਪਰਾਲੀ ਸਾੜੀ ਜਾਂਦੀ ਹੋਵੇ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਨ ਦੇ ਬਾਵਜੂਦ ਭਾਜਪਾ ਦੇ ਸੂਬਾਈ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਇਸ ਸਮੁੱਚੇ ਮਸਲੇ ਉਤੇ ਚੁੱਪ ਧਾਰੀ ਬੈਠੇ ਹਨ।

ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਨਾਮ ਲਏ ਬਗ਼ੈਰ ਕਿਹਾ ਕਿ ਉਹ ਭਾਜਪਾ ਦੇ ਪੰਜਾਬ ਵਿਰੋਧੀ ਫੈਸਲਿਆਂ ’ਤੇ ਚੁੱਪ ਕਿਉਂ ਹਨ?

CM ਨੇ ਕਿਹਾ ਕਿ ਭਾਜਪਾ ਵਿਰੋਧੀ ਸਰਕਾਰਾਂ ਵਾਲੇ ਸੂਬਿਆਂ ’ਚ ਈਡੀ ਤੇ ਸੀਬੀਆਈ ਨੂੰ ਭੇਜਿਆ ਜਾ ਰਿਹਾ ਹੈ। ਆਰਥਿਕ ਤੌਰ ’ਤੇ ਸੂਬਿਆਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਭਾਜਪਾ ਸੂਬਿਆਂ ਦੀਆਂ ਸ਼ਕਤੀਆਂ ਖੋਹਣਾ ਚਾਹੁੰਦੀ ਹੈ। ਪਹਿਲਾਂ ਸੂਬਿਆਂ ਤੋਂ ਟੈਕਸ ਕੁਲੈਕਸ਼ਨ ਦਾ ਕੰਮ ਖੋਹ ਲਿਆ। ਹੁਣ ਸਿੱਖਿਆ ਨੀਤੀ ਵੀ ਖ਼ੁਦ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਕੋਲ ਕੁੱਝ ਤਾਂ ਰਹਿਣ ਦਿੱਤਾ ਜਾਵੇ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਮੁਜ਼ਾਹਰਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ, ਪਰ ਧਰਨਿਆਂ ਦਾ ਤਰੀਕਾ ਬਦਲਣਾ ਪਵੇਗਾ ਕਿਉਂਕਿ ਸੜਕਾਂ ਰੋਕਣ ਨਾਲ ਲੋਕਾਂ ਨੂੰ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਖੇਤੀ ਮਜਬੂਰੀ ਦਾ ਧੰਦਾ ਬਣ ਗਈ ਹੈ ਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਕੰਮ ਕਰ ਰਹੀ ਹੈ।

- Advertisement -

ਉਨ੍ਹਾਂ ਕਿਹਾ ਕਿ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਇਕੱਤਰ ਪੈਸੇ ਦੀ ਵਰਤੋਂ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਉਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ, ਉਨ੍ਹਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ, ਮੁਫ਼ਤ ਸਿੱਖਿਆ ਅਤੇ ਹੋਰ ਸਹੂਲਤਾਂ ਉਤੇ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਖ਼ਜ਼ਾਨੇ ਦਾ ਇਕ-ਇਕ ਪੈਸਾ ਆਮ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ।

ਰਾਜਪਾਲ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨਾਂ ਦੀ ਮਨਜ਼ੂਰੀ ਦੇਣ ਅਤੇ ਆਪਣੀਆਂ ਚਿੱਠੀਆਂ ਦਾ ਤੁਰੰਤ ਜਵਾਬ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਰਾਜਪਾਲ ਜਲਦੀ ਬਕਾਇਆ ਬਿੱਲਾਂ ਦੇ ਨਾਲ-ਨਾਲ ਨਵੇਂ ਬਿੱਲਾਂ ਨੂੰ ਵੀ ਮਨਜ਼ੂਰੀ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤੇ ਰਾਜਪਾਲ ਵਿਚਾਲੇ ਕਿਸੇ ਵੀ ਮਸਲੇ ਉਤੇ ਕੋਈ ਮਤਭੇਦ ਨਹੀਂ ਹੈ।

ਦੋ ਬਿੱਲ ਬਾਸ

ਇਜਲਾਸ ’ਚ ਪੰਜਾਬ ਮਾਲ ਤੇ ਸੇਵਾ ਟੈਕਸ ਸੋਧ ਬਿੱਲ, 2023 ਤੇ ਪੰਜਾਬ ਵਿੱਤੀ ਜਵਾਬਦੇਹੀ ਤੇ ਬਜਟ ਪ੍ਰਬੰਧਨ ਸੋਧ ਬਿੱਲ, 2023 ਪਾਸ ਕੀਤੇ ਗਏ।

- Advertisement -

ਸੂਬੇ ਦੀਆਂ 540 ਕਿਮੀ ਸੜਕਾਂ ਹੀ ਗਾਇਬ

 CM ਮਾਨ  ਨੇ ਕਿਹਾ ਕਿ ਸੂਬਾ ਸਰਕਾਰ ਫ਼ਰਜ਼ੀ ਬਿਲਿੰਗ ਨੂੰ ਰੋਕਣ ਲਈ ਜੀ.ਐਸ.ਟੀ. ਕੁਲੈਕਸ਼ਨ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ, ਸਿਹਤ, ਖੇਤੀਬਾੜੀ, ਲੋਕ ਨਿਰਮਾਣ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਕਨੀਕ ਦੇ ਲਾਭਾਂ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਵਰਤੋਂ ਨਾਲ ਸੜਕਾਂ ਦੀ ਮੁਰੰਮਤ ਦੇ ਅੰਦਾਜ਼ੇ ਲਾਉਂਦਿਆਂ 163.26 ਕਰੋੜ ਰੁਪਏ ਦੀ ਬੱਚਤ ਹੋਈ ਅਤੇ 540 ਕਿਲੋਮੀਟਰ ਅਜਿਹੀਆਂ ਸੜਕਾਂ ਦਾ ਵੀ ਪਤਾ ਚੱਲਿਆ, ਜਿਹੜੀਆਂ ਹੋਂਦ ਵਿੱਚ ਹੀ ਨਹੀਂ ਹਨ।

 

Share this Article
Leave a comment