ਪੰਜਾਬ ‘ਚ ਫਿਲਮ ਸਿਟੀ ਬਣਾਉਣ ਲਈ ਵੱਡੇ ਪ੍ਰੋਡਕਸ਼ਨ ਹਾਊਸਾਂ ਨਾਲ ਮੀਟਿੰਗ ਕਰਨਗੇ CM ਮਾਨ

Global Team
2 Min Read

ਮੁੰਬਈ/ਚੰਡੀਗੜ੍ਹ: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪਹੁੰਚੇ।

ਇਸ ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਸੋਮਵਾਰ ਨੂੰ ਨਿਵੇਸ਼ ਲਈ ਵਪਾਰਕ ਵਫਦਾਂ ਅਤੇ ਵੱਡੀਆਂ ਕੰਪਨੀਆਂ ਦੇ ਮੈਨੇਜਰਾਂ ਨਾਲ ਮੁਲਾਕਾਤ ਕਰਨਗੇ। ਉਹ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਤਾਲਮੇਲ ਲਈ ਪ੍ਰਮੁੱਖ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਆਪਣੇ ਦੌਰੇ ਦੌਰਾਨ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਹੋਣ ਵਾਲੀ ਇਨਵੈਸਟ ਪੰਜਾਬ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਉਦਯੋਗਪਤੀਆਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦੇਣਗੇ।

ਇਸ ਦੌਰਾਨ ਮੁੰਬਈ ਪਹੁੰਚਣ ‘ਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਉਦਯੋਗਿਕ ਵਿਕਾਸ ਲਈ ਸਭ ਤੋਂ ਵੱਧ ਤਰਜੀਹ ਦਿੱਤੀ ਹੈ।

- Advertisement -

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਫਿਲਮ ਸਿਟੀ ਸਥਾਪਤ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਫਿਲਮ ਇੰਡਸਟਰੀ ਦੇ ਉਨ੍ਹਾਂ ਦੇ ਜ਼ਿਆਦਾਤਰ ਦੋਸਤ ਮੁੰਬਈ ਵਿੱਚ ਰਹਿੰਦੇ ਹਨ, ਇਸ ਲਈ ਉਹ ਉਨ੍ਹਾਂ ਨੂੰ ਅਪੀਲ ਕਰਨਗੇ ਕਿ ਉਹ ਪੰਜਾਬ ਵਿੱਚ ਆਪਣਾ ਕਾਰੋਬਾਰ ਖੋਲ੍ਹਣ।

 

ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਪਹਿਲਾਂ ਹੀ ਵਿਸ਼ਾਲ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪੱਧਰ ‘ਤੇ ਫੈਲਣ ਦਾ ਮੌਕਾ ਦੇਵੇਗੀ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਦੌਰੇ ਨਾਲ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਮੁੰਬਈ ਵਿੱਚ ਉਦਯੋਗਪਤੀਆਂ ਦੇ ਸਾਹਮਣੇ ਪੰਜਾਬ ਨੂੰ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਉਣਗੇ।

 

- Advertisement -

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੰਬਈ ਦੌਰੇ ‘ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ।

Share this Article
Leave a comment