ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਈ।
ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੁਲਾਜ਼ਮਾਂ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਸਦਕਾ ਲੰਮੇ ਸਮੇਂ ਤੋਂ ਬਣਿਆ ਹੋਇਆ ਡੈੱਡਲਾਕ (ਖੜੋਤ) ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਅੰਗ ਹਨ ਅਤੇ ਲੋਕਤੰਤਰ ਵਿੱਚ ਹਰ ਵਰਗ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਅਧਿਕਾਰ ਹੈ, ਜਿਸ ਨੂੰ ਸਰਕਾਰ ਨੂੰ ਸੰਜੀਦਗੀ ਨਾਲ ਸੁਣਨਾ ਚਾਹੀਦਾ ਹੈ।
ਅਮਨ ਅਰੋੜਾ ਨੇ ਵਿਸਥਾਰ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ 8 ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ 4-4 ਫ਼ੀਸਦੀ ਦੀਆਂ ਦੋ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ। ਇਸ ਵਾਧੇ ਦੇ ਨਾਲ ਹੀ ਹੁਣ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਕੁੱਲ ਡੀਏ ਵਧ ਕੇ 50 ਫ਼ੀਸਦੀ ਹੋ ਜਾਵੇਗਾ। ਇਹ ਵਧਿਆ ਹੋਇਆ ਮਹਿੰਗਾਈ ਭੱਤਾ ਮੁਲਾਜ਼ਮਾਂ ਨੂੰ ਇਸੇ ਚੱਲ ਰਹੇ ਮਹੀਨੇ ਦੀ ਤਨਖ਼ਾਹ ਦੇ ਨਾਲ ਮਿਲੇਗਾ। ਮੰਤਰੀ ਨੇ ਦੱਸਿਆ ਕਿ 8 ਫ਼ੀਸਦੀ ਡੀਏ ਜਾਰੀ ਕਰਨ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ‘ਤੇ ਲਗਭਗ 248 ਕਰੋੜ ਰੁਪਏ ਦਾ ਸਾਲਾਨਾ ਵਾਧੂ ਵਿੱਤੀ ਬੋਝ ਪਵੇਗਾ।
ਦੱਸ ਦਈਏ ਕਿ ਪੰਜਾਬ ਦੇ ਮੁਲਾਜ਼ਮ ਡੀਏ (ਮਹਿੰਗਾਈ ਭੱਤਾ) ਦੇ ਬਕਾਏ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਦੇ ਰਾਹ ਉਤੇ ਸਨ। ਮੁਲਾਜ਼ਮਾਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।ਇਸ ਤੋਂ ਪਹਿਲਾਂ 27 ਅਗਸਤ ਨੂੰ ਮੁੱਖ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਜਲੰਧਰ ਵਿਖੇ ਮੀਟਿੰਗ ਲਈ ਸੱਦਿਆ ਸੀ, ਪਰ ਇਹ ਬੈਠਕ ਐਨ ਮੌਕੇ ਉਤੇ ਰੱਦ ਕਰ ਦਿੱਤੀ ਗਈ ਸੀ। ਉਸ ਸਮੇਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਸੀ ਕਿ ਹੜਤਾਲ ਅਤੇ ਗੱਲਬਾਤ ਦੋਵੇਂ ਇੱਕੋ ਸਮੇਂ ਬਰਾਬਰ ਨਹੀਂ ਚੱਲ ਸਕਦੀਆਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

