ਚੰਡੀਗੜ੍ਹ: CM ਮਾਨ ਨੇ ਅੱਜ ਪੰਜਾਬ ਭਰ ਵਿੱਚ ਹੜਤਾਲ ’ਤੇ ਗਏ ਮੁਲਾਜ਼ਮਾਂ ਲਈ ਸਖਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੜਤਾਲ ਖਤਮ ਕਰਨ ਤੋਂ ਬਾਅਦ ਹੀ ਗੱਲਬਾਤ ਹੋਵੇਗੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਕਰਦਿਆਂ ਕਿਹਾ, ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਇੱਕ ਅਹਿਮ ਹਿੱਸਾ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਰੇਕ ਮਸਲੇ ਦਾ ਠੋਸ ਹੱਲ ਕੱਢਣ ਲਈ ਵਚਨਬੱਧ ਹੈ। ਹਾਲਾਂਕਿ, ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਆਖਿਆ ਕਿ ਗੱਲਬਾਤ ਅਤੇ ਹੜਤਾਲ ਦੋਵੇਂ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਸਰਕਾਰ ਨਾਲ ਗੱਲਬਾਤ ਦਾ ਰਸਤਾ ਉਦੋਂ ਹੀ ਖੁੱਲ੍ਹੇਗਾ, ਜਦੋਂ ਮੁਲਾਜ਼ਮ ਜਥੇਬੰਦੀਆਂ ਆਪਣੀ ਹੜਤਾਲ ਤੁਰੰਤ ਖ਼ਤਮ ਕਰਨਗੀਆਂ।
ਅਧਿਕਾਰੀਆਂ ਦੀਆਂ ਕਾਰਾਂ ਚਲਾਉਣ ਵਾਲੇ ਡਰਾਈਵਰ ਵੀ ਹੜਤਾਲ ਵਿੱਚ ਹਿੱਸਾ ਲੈ ਰਹੇ ਹਨ, ਜਿਸ ਕਾਰਨ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਤੱਕ ਪਹੁੰਚਣ ਵਿੱਚ ਮੁਸ਼ਕਲ ਆ ਰਹੀ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੀ ਸਵੇਰੇ 9:30 ਵਜੇ ਤੱਕ ਆਪਣੇ ਦਫ਼ਤਰ ਨਹੀਂ ਪਹੁੰਚੇ ਸੀ।
ਦੂਜੇ ਪਾਸੇ ਪੰਜਾਬ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਅਤੇ ਫਰੰਟ ਵੱਲੋਂ ਦਿੱਤੇ ਸੱਦੇ ਅਨੁਸਾਰ ਅੱਜ ਸੂਬੇ ਦੇ ਸਰਕਾਰੀ ਦਫਤਰ ਮੁਕੰਮਲ ਬੰਦ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਦਫਤਰਾਂ ਵਿੱਚ ਰੋਸ ਰੈਲੀਆਂ ਕਰਕੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸਕੱਤਰੇਤ ਵਿਖੇ ਮੰਤਰੀਆਂ ਦਾ ਸਮੁੱਚਾ ਸਟਾਫ ਵੀ ਰੈਲੀ ਵਿੱਚ ਸ਼ਾਮਲ ਹੈ। ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਰੈਲੀਆਂ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ 17 ਵਿਖੇ ਪੁਲ਼ ਦੇ ਹੇਠ ਵੱਖ-ਵੱਖ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਵੱਲੋਂ ਅਤੇ ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੀ ਐੱਸ ਆਈ ਈ ਸੀ ਸਟਾਫ ਐਸੋਸੀਏਸ਼ਨ ਵੱਲੋਂ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ।ਸਕੱਤਰੇਤ ਵਿਖੇ ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ ਅੱਜ ਵੀ ਮੁੱਖ ਮੰਤਰੀ ਨਾਲ਼ ਤਾਲਮੇਲ ਕਮੇਟੀ ਦੀ ਤੈਅ ਮੀਟਿੰਗ ਵਿੱਚ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਮੁਲਾਜ਼ਮ ਸੰਘਰਸ਼ ਹੋਰ ਤਿੱਖੇ ਰੂਪ ਵਿੱਚ ਉੱਭਰੇਗਾ ਜਿਸ ਦੀ ਸਿਆਸੀ ਕੀਮਤ “ਆਪ” ਸਰਕਾਰ ਨੂੰ ਚੁਕਾਉਣੀ ਪਵੇਗੀ।
ਜ਼ਿਕਰਯੋਗ ਹੈ ਕਿ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਸੂਬੇ ਦੇ ਹਜ਼ਾਰਾਂ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

