ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਟੀਮ ਨੇ ਸਵੇਰੇ 8:45 ਵਜੇ ਜਲੰਧਰ ਦੇ ਅਸ਼ੋਕ ਨਗਰ ਸਥਿਤ ਉਸ ਦੇ ਘਰ ‘ਤੇ ਛਾਪੇਮਾਰੀ ਕੀਤੀ। ਉਸ ਸਮੇਂ ਵਿਧਾਇਕ ਅਰੋੜਾ ਕਿਤੇ ਜਾਣ ਦੀ ਤਿਆਰੀ ਕਰ ਰਹੇ ਸਨ।
ਵਿਜੀਲੈਂਸ ਨੇ ਉਨ੍ਹਾਂ ਨੂੰ ਘਰ ਨੇੜੇ ਮੰਦਰ ਮੋੜ ਤੋਂ ਹਿਰਾਸਤ ਵਿੱਚ ਲਿਆ ਅਤੇ ਫਿਰ ਘਰ ਵਿੱਚ ਲੈ ਜਾ ਕੇ ਤਲਾਸ਼ੀ ਲਈ। ਪੱਕੇ ਸਬੂਤ ਮਿਲਣ ਤੋਂ ਬਾਅਦ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੂਤਰਾਂ ਮੁਤਾਬਕ, ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਇਸ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ, “ਚਾਹੇ ਕੋਈ ਆਪਣਾ ਹੋਵੇ ਜਾਂ ਪਰਾਇਆ, ਭ੍ਰਿਸ਼ਟਾਚਾਰ ਕਰਨ ਵਾਲੇ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।”
ਜਾਣਕਾਰੀ ਮੁਤਾਬਕ, ਇਹ ਮਾਮਲਾ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਗਏ ਇੱਕ ATP ਨਾਲ ਜੁੜਿਆ ਹੋਇਆ ਹੈ। ਸਰਕਾਰੀ ਬੁਲਾਰੇ ਅਨੁਸਾਰ, ਅਰੋੜਾ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਜਲੰਧਰ ਨਗਰ ਨਿਗਮ ਰਾਹੀਂ ਲੋਕਾਂ ਨੂੰ ਨੋਟਿਸ ਭੇਜੇ ਅਤੇ ਫਿਰ ਰਿਸ਼ਵਤ ਲੈ ਕੇ ਉਹ ਨੋਟਿਸ ਰੱਦ ਕਰਵਾਏ। ਇਸ ਸਬੰਧੀ ਇੱਕ FIR ਵੀ ਦਰਜ ਕੀਤੀ ਜਾ ਚੁੱਕੀ ਹੈ।
ਅਰੋੜਾ ਵਿਰੁੱਧ ਕਾਰਵਾਈ ਦੀ ਤਿਆਰੀ ਪਹਿਲਾਂ ਤੋਂ ਹੀ ਸ਼ੁਰੂ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ। AAP ਆਗੂ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਨੇ ਪੁਸ਼ਟੀ ਕੀਤੀ ਕਿ ਰਮਨ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ, ਅਰੋੜਾ ਦੇ ਵਕੀਲ ਨੇ ਛਾਪੇਮਾਰੀ ਦੌਰਾਨ ਗ੍ਰਿਫਤਾਰੀ ਦੀ ਗੱਲ ਨੂੰ ਨਕਾਰਿਆ ਸੀ।
ਹੈਰਾਨੀ ਵਾਲੀ ਗੱਲ ਇਹ ਹੈ ਕਿ ਚਾਰ ਦਿਨ ਪਹਿਲਾਂ ਵਿਧਾਨ ਸਭਾ ਵਿੱਚ ਨਵੀਆਂ ਕਮੇਟੀਆਂ ਦਾ ਗਠਨ ਹੋਇਆ ਸੀ, ਜਿਸ ਵਿੱਚ ਰਮਨ ਅਰੋੜਾ ਨੂੰ ਪਬਲਿਕ ਅੰਡਰਟੇਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ।