‘ਭਾਜਪਾ ਨਾਲ ਰਲ ਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਅਸਤੀਫਾ ਦੇਣ’

TeamGlobalPunjab
4 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਨਾਲ ਰਲ ਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਜ਼ਾਵਾਂ ਦੇ ਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਇਕ ਸਵਾਲ ਦੇ ਜਵਾਬ ਵਿਚ ਇਹ ਵੀ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਦੀ ਜਾਂਚ ਲਈ ਬਣਾਈ ਐਸ ਆਈ ਟੀ ਨੁੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਦੋਸ਼ੀਆਂ ਨੂੰ ਲੱਭਣ ਵਿਚ ਦਿਲਚਸਪੀ ਨਹੀਂ ਰੱਖ ਰਹੇ ਸਨ ਬਲਕਿ ਉਹਨਾਂ ਦਾ ਮੰਤਵ ਬਾਦਲ ਪਰਿਵਾਰ ਨੂੰ ਕੇਸ ਵਿਚ ਫਸਾਉਣਾ ਸੀ।

ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਐਸ ਆਈ ਟੀ ਦਾ ਗਠਨ ਬਦਲਾਖੋਰੀ ਦੀ ਰਾਜਨੀਤੀ ਕਰਨ ਲਈ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਕਹਿ ਰਹੇ ਹਾਂ ਕਿ ਸਾਰੀ ਜਾਂਚ ਮਾੜੇ ਮਨਸੂਬਿਆਂ ਨਾਲ ਕੀਤੀ ਜਾ ਰਹੀ ਹੈ ਜੋ ਹੁਣ ਸਾਬਤ ਹੋ ਗਿਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਤੇ ਕਾਰਵਾਈ ਕਰਨ ਦੀ ਸਹੁੰ ਚੁੱਕੀ ਸੀ ਪਰ ਉਹਨਾਂ ਨੇ ਸਿਆਸੀ ਜਾਂਚ ਨਾਲ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਤੇ ਇਸ ਕੰਮ ਵਿਚ ਚਾਰ ਸਾਲ ਬਰਬਾਦ ਕਰ ਦਿੱਤੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਹਿੱਤ ਭਾਜਪਾ ਨੂੰ ਵੇਚ ਦਿੱਤੇ ਹਨ। ਉਹਨਾਂ ਕਿਹਾ ਕਿ ਸੂਬੇ ਦੇ ਹਿੱਤਾਂ ਲਈ ਲੜਨ ਦੀ ਗੱਲ ਤਾਂ ਛੱਡੋ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਸੂਬੇ ਦੇ ਲੋਕਾਂ ਨੂੰ ਪ੍ਰਭਾਵਤ ਕਰਦਾ ਕੋਈ ਵੀ ਮਾਮਲਾ ਕੇਂਦਰ ਸਰਕਾਰ ਕੋਲ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵਾਰ ਵਾਰ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਿਸਾਨ ਵਿਰੋਧੀ ਕਦਮਾਂ ਨਾਲ ਸਹਿਮਤੀ ਪ੍ਰਗਟ ਕੀਤੀ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਕੇਂਦਰ ਸਰਕਾਰ ਤੋਂ ਡਰਦੇ ਹਨ। ਉਹਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਆਰਡੀਨੈਂਸ ਤਿਆਰ ਕਰਨ ਸਮੇਂ ਹੀ ਫੌਰੀ ਕਾਰਵਾਈ ਕੀਤੀ ਹੁੰਦੀ ਤਾਂ ਫਿਰ ਕਿਸਾਨ ਅੰਦੋਲਨ ਦੀ ਜ਼ਰੂਰਤ ਹੀ ਨਾ ਪੈਂਦੀ। ਉਹਨਾਂ ਕਿਹਾ ਕਿ ਮੁੱਖਮੰਤਰੀ ਉਸ ਕਮੇਟੀ ਦਾ ਹਿੱਸਾ ਸਨ ਜਿਸਨੇ ਇਹ ਆਰਡੀਨੈਂਸ ਵਿਚਾਰੇ ਤੇ ਤਿਆਰ ਕੀਤੇ । ਉਹਨਾਂ ਕਿਹਾ ਕਿ ਬਾਅਦ ਵਿਚ ਜਦੋਂ ਪੰਜਾਬ ਵਿਧਾਨ ਸਭਾ ਵਿਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਮੌਕਾ ਆਇਆਤਾਂ ਮੁੱਖ ਮੰਤਰੀ ਨੇ ਐਕਟਾਂ ਨੂੰ ਰੱਦ ਕਰਨ ਦੀ ਥਾਂ ਇਹਨਾਂ ਵਿਚ ਸੋਧ ਕਰਨ ਦੀਆਂ ਤਜਵੀਜ਼ਾਂ ਪੇਸ਼ ਕਰ ਦਿੱਤੀਆਂ।

ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਾਲ ਹੀ ਵਿਚ ਕਿਸਾਨਾਂ ਨੂੰ ਸਿੱਧੀ ਅਦਾਇਗੀ ਲਈ ਡੀ ਬੀ ਟੀ ਸਕੀਮ ਦਾ ਵਿਰੋਧ ਕਰਨ ਦਾ ਡਰਾਮਾ ਕੀਤਾ ਹਾਲਾਂਕਿ ਉਹਨਾਂ ਨੇ ਪਿਛਲੇ ਸਾਲ ਹੀ ਇਹ ਲਿਖ ਕੇ ਦੇ ਦਿੱਤਾ ਸੀ ਕਿ ਇਹ ਸਕੀਮ ਆਉਂਦੇ ਹਾੜੀ ਸੀਜ਼ਨਤੋਂ ਲਾਗੂ ਕਰ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿਘ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਰੋਸਾ ਦੁਆਇਆ ਸੀ ਕਿ ਇਹ ਸਕੀਮ ਪੰਜਾਬ ਵਿਚ ਲਾਗੂ ਨਹੀਂ ਹੋਵੇਗੀ ਪਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਗਏ ਮੰਤਰੀਆਂ ਦੇ ਵਫਦ ਨੇ ਖੁਰਾਕਤੇ ਸਪਲਾਈ ਮੰਤਰੀ ਪਿਯੂਸ਼ ਗੋਇਲ ਨਾਲ ਮੀਟਿੰਗ ਵਿਚ ਕੇਂਦਰ ਅੱਗੇ ਆਤਮ ਸਮਰਪਣ ਕਰ ਦਿੱਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਨੇ ਸੂਬੇ ਦੇ ਪੇਂਡੂ ਵਿਕਾਸ ਫੰਡ ਦੇ 800 ਕਰੋੜ ਰੁਪਏ ਮੰਗਣ ਦੇ ਮਾਮਲੇ ‘ਚ ਕੇਂਦਰ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਟੈਕਸ ਲਗਾਉਣਾ ਸੂਬੇ ਦਾ ਅਧਿਕਾਰ ਹੈ ਤੇ ਮੁੱਖ ਮੰਤਰੀ ਨੂੰ ਇਕ ਸੰਘੀ ਢਾਂਚੇ ਵਿਚ ਕੇਂਦਰ ਨੁੰ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਨਹੀਂ ਮਾਰਨ ਦੇਣਾ ਚਾਹੀਦਾ ਸੀ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਦਾ ਵਿਰੋਧ ਨਾ ਕਰਨ ਦੀਵੀ ਨਿਖੇਧੀ ਕੀਤੀ ਤੇ ਕਿਹਾ ਕਿ ਉਹਨਾਂ ਦੇ ਭਾਜਪਾ ਸਰਕਾਰ ਨਾਲ ਅਪਵਿੱਤਰ ਰਿਸ਼ਤੇ ਕਾਰਨ ਕਿਸਾਨਾਂ ਦਾ ਜੀਵਨ ਪ੍ਰਭਾਵਤ ਹੋ ਰਿਹਾ ਹੈ।

- Advertisement -

Share this Article
Leave a comment