ਮੁੱਖ ਮੰਤਰੀ ਨੇ ਕੋਲੇ ਦੀ ਸਪਲਾਈ ਸਮੁੰਦਰੀ ਰੂਟ ਰਾਹੀਂ ਕਰਨ ਦੇ ਕੇਂਦਰ ਸਰਕਾਰ ਦੇ ਆਪਹੁਦਰੇ ਫੈਸਲੇ ਦੀ ਕੀਤੀ ਆਲੋਚਨਾ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਵਿਧਾਇਕਾਂ ਲਈ ਕਰਵਾਇਆ ਜਾ ਰਿਹਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਆਉਣ ਵਾਲੇ ਸੈਸ਼ਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕੰਮਕਾਜ ਲਈ ਰਾਹ-ਦਸੇਰੇ ਦਾ ਕੰਮ ਕਰੇਗਾ।

ਇੱਥੇ ਪੰਜਾਬ ਵਿਧਾਨ ਸਭਾ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਵਿਧਾਨ ਸਭਾ ਦੇ ਕੰਮਕਾਜ ਵਿੱਚ ਸਿਫ਼ਤੀ ਤਬਦੀਲੀ ਲਿਆਏਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੇ ਫ਼ਤਵੇ ਨਾਲ ਵਿਧਾਇਕਾਂ ਨੂੰ ਜਿਤਾਇਆ ਹੈ ਅਤੇ ਉਨ੍ਹਾਂ ਦੀਆਂ ਚੁਣੇ ਹੋਏ ਨੁਮਾਇੰਦਿਆਂ ਤੋਂ ਬਹੁਤ ਆਸਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਸਾਂ ਦੀ ਪੂਰਤੀ ਤਾਂ ਹੀ ਹੋ ਸਕਦੀ ਹੈ, ਜੇ ਵਿਧਾਇਕ ਬਹਿਸਾਂ ਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਇਕ-ਦੂਜੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਦੀਆਂ ਸਿਆਸੀ ਪਾਰਟੀਆਂ ਤੇ ਉਥੋਂ ਦੇ ਲੋਕ ਆਪਣੇ ਸੂਬਿਆਂ ਦੇ ਸਾਂਝੇ ਕੰਮਾਂ ਲਈ ਇਕਜੁੱਟ ਹੁੰਦੇ ਹਨ ਪਰ ਪੰਜਾਬ ਵਿੱਚ ਇਸ ਤਰ੍ਹਾਂ ਦਾ ਏਕਾ ਗਾਇਬ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਮਸਲਿਆਂ ਦਾ ਛੇਤੀ ਹੱਲ ਯਕੀਨੀ ਬਣਾਉਣ ਲਈ ਇਹ ਸਮੇਂ ਦੀ ਮੁੱਖ ਲੋੜ ਹੈ।

ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਲਾਟ ਕੋਲਾ ਖਾਣ ਤੋਂ ਸਮੁੰਦਰੀ ਰਸਤੇ ਰਾਹੀਂ ਕੋਲਾ ਲਿਆਉਣ ਦੇ ਨੁਕਸਦਾਰ ਫੈਸਲੇ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦਾ ਇਹ ਆਪਹੁਦਰਾ ਫੈਸਲਾ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਸੂਬਾ ਇਸ ਕੋਲੇ ਦੀ ਵਰਤੋਂ ਝੋਨਾ ਪੈਦਾ ਕਰਨ ਲਈ ਕਰਦਾ ਹੈ, ਜਿਸ ਦੀ ਦੇਸ਼ ਦਾ ਅੰਨ ਭੰਡਾਰ ਭਰਨ ਵਿੱਚ ਅਹਿਮ ਭੂਮਿਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਕੋਲੇ ਦੀ ਢੁਆਈ ਦਾ ਵੱਧ ਖ਼ਰਚਾ ਚੁੱਕਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਹੜਾ ਗ਼ੈਰ-ਵਾਜਬ ਤੇ ਨਾਸਹਿਣਯੋਗ ਹੈ।

- Advertisement -

Share this Article
Leave a comment