ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਕਰਨਲ, ਮੇਜਰ ਤੇ ਡੀ.ਐੱਸ.ਪੀ. ਸ਼ਹੀਦ

Global Team
3 Min Read

ਸ੍ਰੀਨਗਰ- ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਭਾਰਤੀ ਸੈਨਾ ਦਾ ਇੱਕ ਕਰਨਲ, ਮੇਜਰ ਅਤੇ ਪੁਲਿਸ ਦਾ ਡੀ.ਐੱਸ.ਪੀ. ਸ਼ਹੀਦ ਹੋ ਗਏ ਹਨ। ਉੱਚ ਅਧਿਕਾਰੀਆਂ ਨੇ ਦੱਸਿਆ ਕਿ ਗੜੋਲ ਇਲਾਕੇ ਵਿੱਚ ਅਤਿਵਾਦੀਆਂ ਖਿਲਾਫ਼ ਸ਼ੁਰੂ ਹੋਈ ਮੁਹਿੰਮ ਦੌਰਾਨ 19 ਰਾਸ਼ਟਰੀ ਰਾਈਫਲਜ਼ ਦੇ ਕਮਾਂਡਿੰਗ ਅਫ਼ਸਰ ਕਰਨਲ ਮਨਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਮੇਜਰ ਆਸ਼ੀਸ਼ ਧੋਨੈਕ ਅਤੇ ਜੰਮੂ ਕਸ਼ਮੀਰ ਦੇ ਪੁਲਿਸ ਮੁਲਾਜ਼ਮ ਹਮਾਯੂੰ ਭੱਟ ਉੱਤੇ ਭਿਆਨਕ ਗੋਲੀਬਾਰੀ ਹੋਣ ਕਾਰਨ ਉਹ ਗੰਭੀਰ ਹਾਲਤ ਵਿੱਚ ਪਾਏ ਗਏ ਸਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪਰੰਤੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਕਾਰਨ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।

ਕਰਨਲ ਮਨਪ੍ਰੀਤ ਸਿੰਘ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਨਾਲ ਸਬੰਧਿਤ ਹਨ। ਪੁਲਿਸ ਦੇ ਡੀ.ਐੱਸ.ਪੀ. ਮੁਲਾਜ਼ਮ ਹਮਾਯੂੰ ਭੱਟ ਦੱਖਣੀ ਕਸ਼ਮੀਰ ਦੇ ਤਰਾਲ ਦਾ ਵਸਨੀਕ ਹੈ। ਉਨ੍ਹਾਂ ਦੇ ਪਿਤਾ ਗੁਲਾਮ ਹਸਨ ਭੱਟ ਜੰਮੂ ਕਸ਼ਮੀਰ ਪੁਲਿਸ ਦੇ ਇੰਸਪੈਕਟਰ ਜਨਰਲ ਵਜੋਂ 2018 ਵਿੱਚ ਸੇਵਾਮੁਕਤ ਹੋਏ ਸਨ।

ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸੋਮਵਾਰ ਤੋਂ ਚੱਲ ਰਹੇ ਮੁਕਾਬਲੇ ਵਿੱਚ ਇੱਕ ਹੋਰ ਦਹਿਸ਼ਤਗਰਦ ਮਾਰਿਆ ਗਿਆ। ਜ਼ਿਲ੍ਹੇ ਦੇ ਦੂਰ ਦੁਰਾਡੇ ਪਿੰਡਾਂ ਵਿੱਚ ਤਿੰਨ ਦਿਨਾਂ ਤੋਂ ਚੱਲ ਰਹੀ ਕਾਰਵਾਈ ਦੌਰਾਨ ਰਾਈਫਲਮੈਨ ਰਵੀ ਕੁਮਾਰ ਅਤੇ ਫ਼ੌਜ ਦਾ ਲੈਬਰਾਡੋਰ ਨਸਲ ਦਾ ਕੁੱਤਾ ਸ਼ਹੀਦ ਹੋ ਗਿਆ। ਇਸ ਦੌਰਾਨ ਤਿੰਨ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਉਹ ਹੀ ਅਤਿਵਾਦੀ ਹਨ ਜਿਨ੍ਹਾਂ ਨੇ 4 ਅਗਸਤ ਨੂੰ ਕੁਲਗਾਮ ਜ਼ਿਲ੍ਹੇ ਦੇ ਹਲਾਨ ਜੰਗਲੀ ਖੇਤਰ ਵਿੱਚ ਜਵਾਨਾਂ ਉੱਤੇ ਹਮਲਾ ਕੀਤਾ ਸੀ ਜਿਸ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ ਕਿ ਗੜੋਲ ਇਲਾਕੇ ਵਿੱਚ ਅਤਿਵਾਦੀਆਂ ਖਿਲਾਫ਼ ਮੁਹਿੰਮ ਬੀਤੀ ਸ਼ਾਮ ਨੂੰ ਸ਼ੁਰੂ ਹੋਈ ਸੀ ਪਰ ਰਾਤ ਨੂੰ ਇਸ ਨੂੰ ਰੋਕ ਦਿੱਤਾ ਗਿਆ ਸੀ।

- Advertisement -

ਉਨ੍ਹਾਂ ਕਿਹਾ ਕਿ ਸਵੇਰੇ ਇਹ ਮੁਹਿੰਮ ਕਰਨਲ ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ। ਜਦੋਂ ਸੈਨਾ ਗੜੋਲ ਇਲਾਕੇ ਵਿੱਚ ਦਾਖਲ ਹੋਈ ਤਾਂ ਅਤਿਵਾਦੀਆਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਫ਼ੌਜ ਦੇ ਜਵਾਨਾਂ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਇਸ ਦੌਰਾਨ ਗੋਲੀਆਂ ਲੱਗਣ ਕਾਰਨ ਕਰਨਲ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ। ਸੁਰੱਖਿਆ ਬਲਾਂ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਅਧਿਕਾਰੀਆਂ ਨੂੰ ਬਾਹਰ ਕੱਢਿਆ।

ਇਸ ਦੌਰਾਨ ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਨਾਰਲਾ ਪਿੰਡ ਵਿੱਚ ਬੀਤੇ ਦਿਨ ਹੋਏ ਮੁਕਾਬਲੇ ਵਿੱਚ ਇੱਕ ਸ਼ੱਕੀ ਪਾਕਿਸਤਾਨੀ ਦਹਿਸ਼ਤਗਰਦ ਮਾਰਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਪਤਰਾਡਾ ਇਲਾਕੇ ਦੇ ਜੰਗਲੀ ਇਲਾਕੇ ਵਿੱਚ ਘੇਰਾਬੰਦੀ ਕੀਤੀ ਹੈ ਇਸ ਦਾ ਮੰਤਵ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨਾ ਹੈ। ਸੈਨਾ ਸ਼ੱਕੀ ਗਤੀਵਿਧੀਆਂ ਉੱਪਰ ਪੂਰੀ ਨਜ਼ਰ ਰੱਖ ਰਹੀ ਹੈ। ਇਸੇ ਦੌਰਾਨ ਰਾਜੌਰੀ ਸਥਿਤ ਫੌਜੀ ਚੌਕੀ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment