ਪੰਥਕ ਮੁੱਦੇ ਤੇ ਪੰਥਕ ਧਿਰਾਂ ਦਾ ਆਪਸੀ ਟਕਰਾਅ ਕਿਉਂ?

Prabhjot Kaur
4 Min Read

ਜਗਤਾਰ ਸਿੰਘ ਸਿੱਧੂ;
ਮੈਨੇਜਿੰਗ ਐਡੀਟਰ

ਪੰਥਕ ਮੁੱਦਿਆਂ ਤੇ ਪੰਥਕ ਧਿਰਾਂ ਦਾ ਹੀ ਟਕਰਾ ਕਈ ਵੱਡੇ ਸਵਾਲ ਖੜੇ ਕਰ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਹੋਰ ਪੰਥਕ ਮੁੱਦਿਆਂ ਉੱਪਰ ਮਾਮਲਿਆਂ ਦੇ ਹੱਲ ਲਈ ਸਰਕਾਰਾਂ ਜਵਾਬਦੇਹ ਕਿਉਂ ਨਹੀਂ ਹੋ ਰਹੀਆਂ। ਆਖ਼ਿਰ ਪੰਥ ਨਾਲ ਜੁੜੇ ਮੁੱਦਿਆਂ ਉੱਪਰ ਦਹਾਕਿਆਂ ਤੋਂ ਕਿਸੇ ਮਸਲੇ ਦਾ ਹੱਲ ਕਿਉਂ ਨਹੀਂ ਨਿਕਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦਹਾਕਿਆਂ ਤੱਕ ਸਿੱਖ ਪੰਥ ਦੀ ਨੁਮਾਇੰਦਗੀ ਕਰਦੇ ਰਹੇ ਹਨ ਤਾਂ ਪੰਥਕ ਧਿਰਾਂ ਵੱਲੋਂ ਸਵਾਲ ਪੁੱਛੇ ਜਾਣੇ ਸੁਭਾਵਿਕ ਹਨ। ਮਸਾਲ ਵਜੋਂ ਬੀਤੇ ਕਲ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੁੱਦਿਆਂ ਉੱਪਰ ਚਲਾਏ ਜਾ ਰਹੇ ਸੰਘਰਸ਼ ਨੂੰ ਸੰਬੋਧਨ ਕਰਨ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੋਲੋਂ ਗੁੱਸੇ ‘ਚ ਆਏ ਕੁੱਝ ਨੌਜਵਾਨਾਂ ਨੇ ਪਹਿਲਾਂ ਸਵਾਲ ਪੁੱਛੇ ਅਤੇ ਫਿਰ ਕੁੱਝ ਲੋਕਾਂ ਵੱਲੋਂ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ ਗਏ। ਸਵਾਲ ਪੈਦਾ ਹੁੰਦਾ ਹੈ ਕਿ ਅਜਿਹਾ ਕਿਉਂ ਵਾਪਰਿਆ? ਮੋਰਚੇ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਧਾਮੀ ਨੂੰ ਮੋਰਚੇ ਵਿੱਚ ਆਉਣ ਤੋਂ ਮਨਾ ਕਰ ਦਿੱਤਾ ਗਿਆ ਸੀ ਕਿਉਂ ਜੋ ਕਈ ਮੁੱਦਿਆਂ ਉੱਪਰ ਬੁਨਿਆਦੀ ਮਤਭੇਦ ਹਨ ਪਰ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਬਾਕਾਇਦਾ ਮੋਰਚੇ ਵੱਲੋਂ ਉਨ੍ਹਾਂ ਨੂੰ ਸੱਦਿਆ ਗਿਆ ਸੀ। ਇਹ ਸਵਾਲ ਦਾ ਜਵਾਬ ਤਾਂ ਦੋਵੇਂ ਧਿਰਾਂ ਹੀ ਦੇ ਸਕਦੀਆਂ ਹਨ ਪਰ ਇਹ ਤਾਂ ਸਾਫ਼ ਹੈ ਕਿ ਮੋਰਚੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚਕਾਰ ਮੁੱਦਿਆਂ ਨੂੰ ਲੈ ਕੇ ਤਿੱਖੇ ਮਤਭੇਦ ਹਨ। ਇਸ ਸਥਿਤੀ ਵਿੱਚ ਪੰਥਕ ਮੁੱਦਿਆਂ ਉੱਪਰ ਸਮੁੱਚੀਆਂ ਪੰਥਕ ਧਿਰਾਂ ਦਾ ਸਾਂਝਾ ਸੰਘਰਸ਼ ਕਰਨ ਲਈ ਸਥਿਤੀ ਕਿਧਰੇ ਦੂਰ ਵੀ ਨਜ਼ਰ ਨਹੀਂ ਆ ਰਹੀ।

ਪੰਥਕ ਧਿਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਲੰਬਾ ਸਮਾਂ ਪੰਜਾਬ ਵਿੱਚ ਸਰਕਾਰ ਵਿੱਚ ਰਿਹਾ ਹੈ ਤਾਂ ਉਸ ਵੇਲੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਕਿਉਂ ਨਹੀਂ ਉਠਾਇਆ ਗਿਆ। ਜਿਹੜੀਆਂ ਪੰਥਕ ਧਿਰਾਂ ਦੇ ਆਗੂਆਂ ਨੇ ਅਕਾਲੀ ਸਰਕਾਰ ਸਮੇਂ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਆਵਾਜ਼ ਉਠਾਉਣ ਦੀ ਕੋਸ਼ਿਸ਼ ਕੀਤੀ, ਉਲਟਾ ਉਨ੍ਹਾਂ ਉੱਪਰ ਹੀ ਕੇਸ ਦਰਜ ਕਰ ਦਿੱਤੇ ਗਏ। ਇਸ ਤਰੀਕੇ ਨਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਉੱਪਰ ਵੀ ਪੰਥਕ ਧਿਰਾਂ ਵੱਲੋਂ ਅਕਾਲੀ ਦਲ ਦੀ ਲੀਡਰਸ਼ਿਪ ਉੱਪਰ ਸਵਾਲ ਉਠਾਏ ਜਾ ਰਹੇ ਹਨ।

ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਥਕ ਸੰਸਥਾਵਾਂ ਨੂੰ ਤਬਾਹ ਕਰਨ ਲਈ ਏਜੰਸੀਆਂ ਵੱਲੋਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਉਹ ਬੜੇ ਦਾਅਵੇ ਨਾਲ ਆਖ ਰਹੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸਿੱਖਾਂ ਨੇ ਉਨ੍ਹਾਂ ਨੂੰ ਚੁਣ ਕੇ ਭੇਜਿਆ ਹੈ, ਇਸ ਲਈ ਜਦੋਂ ਤੱਕ ਨਵੀਂ ਚੋਣ ਨਹੀਂ ਹੁੰਦੀ ਉਦੋਂ ਤੱਕ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਬਣੇ ਰਹਿਣਗੇ।

- Advertisement -

ਆਪਸੀ ਟਕਰਾ ਦਾ ਸਿੱਟਾ ਇਹ ਨਿਕਲ ਰਿਹਾ ਹੈ ਕਿ ਸਾਰੀਆਂ ਪੰਥਕ ਧਿਰਾਂ ਕਿਸੇ ਵੀ ਪੰਥਕ ਮੁੱਦੇ ਤੇ ਸਹਿਮਤ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬੇਸ਼ੱਕ ਅਕਾਲੀ ਦਲ ਦੀ ਅਗਵਾਈ ਵਾਲੀ ਧਿਰ ਨੂੰ ਛੱਡ ਕੇ ਦੂਜੀਆਂ ਪੰਥਕ ਧਿਰਾਂ ਵਿੱਚ ਸਹਿਮਤੀ ਬਣਾਉਣ ਲਈ ਕੋਸ਼ਿਸ਼ ਹੋ ਰਹੀ ਹੈ ਪਰ ਅਜੇ ਤੱਕ ਇੱਕ ਸ਼ਕਤੀਸ਼ਾਲੀ ਧਿਰ ਵਜੋਂ ਉੱਭਰ ਕੇ ਇਹ ਧਿਰਾਂ ਸਾਹਮਣੇ ਨਹੀਂ ਆਈਆਂ। ਇਸ ਸਥਿਤੀ ਦਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਪੂਰਾ-ਪੂਰਾ ਫ਼ਾਇਦਾ ਉਠਾਇਆ ਜਾ ਰਿਹਾ ਹੈ। ਬਹਿਬਲ ਕਲਾਂ ਵਿੱਚ ਨਿਆਂ ਲੈਣ ਲਈ ਲੱਗੇ ਮੋਰਚੇ ਨੂੰ ਮਾਨ ਸਰਕਾਰ ਭਰੋਸਾ ਦੇਣ ਤੋਂ ਬਾਅਦ ਵੀ ਬੇਅਦਬੀ ਦੇ ਮੁੱਦੇ ਤੇ ਕੋਈ ਕਾਰਵਾਈ ਕਰਦੀ ਨਜ਼ਰ ਨਹੀਂ ਆ ਰਹੀ। ਇਸੇ ਤਰਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਉੱਪਰ ਕੇਂਦਰ ਅਤੇ ਰਾਜ ਸਰਕਾਰ ਇੱਕ-ਦੂਜੇ ਨੂੰ ਦੋਸ਼ੀ ਠਹਿਰਾ ਕੇ ਪੱਲਾ ਝਾੜ ਰਹੀਆਂ ਹਨ।

Share this Article
Leave a comment