ਨਵੀਂ ਦਿੱਲੀ: ਤਾਮਿਲਨਾਡੂ ਕਾਂਗਰਸ ਕਮੇਟੀ (ਟੀ.ਐੱਨ.ਸੀ.ਸੀ.) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੋਣ ਕਮਿਸ਼ਨ ਦੇ ਖਿਲਾਫ ਮਦਰਾਸ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮੌਜੂਦਾ ਚੋਣਾਂ ਦੌਰਾਨ ਕਥਿਤ ਤੌਰ ‘ਤੇ ਨਫ਼ਰਤ ਭਰੇ ਭਾਸ਼ਣ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਪੱਸ਼ਟੀਕਰਨ ਮੰਗਣ ਲਈ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੂੰ ਨਿਰਦੇਸ਼ ਦੇਣ।
ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਮੋਦੀ ਦੇ ਨਫਰਤ ਭਰੇ ਭਾਸ਼ਣਾਂ ਖਿਲਾਫ ਚੋਣ ਕਮਿਸ਼ਨ ਕੋਲ ਕਈ ਸ਼ਿਕਾਇਤਾਂ ਦਾਇਰ ਕੀਤੀਆਂ ਗਈਆਂ ਸਨ ਪਰ ਇਸ ਨੇ ਨਰਿੰਦਰ ਮੋਦੀ ‘ਤੇ ਸਿੱਧੇ ਤੌਰ ‘ਤੇ ਸਵਾਲ ਚੁੱਕਣ ਦੀ ਬਜਾਏ ਸਿਰਫ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਪੀਐੱਮ ਮੋਦੀ ਨਫਰਤ ਭਰੇ ਭਾਸ਼ਣਾਂ ਲਈ ‘ਖੁਦ ਦੋਸ਼ੀ’ ਹਨ।
ਇੰਨਾ ਹੀ ਨਹੀਂ ਦਾਅਵਾ ਇਹ ਵੀ ਕੀਤਾ ਜਾ ਰਿਹਾ ਹੈ ਕਿ, “ਇਨ੍ਹਾਂ ਭੜਕਾਊ ਟਿੱਪਣੀਆਂ ਅਤੇ ਫੁੱਟ ਪਾਉਣ ਵਾਲੇ ਭਾਸ਼ਣਾਂ ਲਈ ਸਿਰਫ਼ ਮੋਦੀ ਜ਼ਿੰਮੇਵਾਰ ਹਨ। ECI ਦੀ ਇਹ ਨਰਮੀ ਨਾਗਰਿਕਾਂ ਨੂੰ ਇੱਕ ਗਲਤ ਸੰਕੇਤ ਭੇਜਦੀ ਹੈ ਅਤੇ ਸਾਡੇ ਦੇਸ਼ ਦੀ ਪੂਰੀ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਕਮਜ਼ੋਰ ਕਰਦੀ ਹੈ।”
ਹਾਲਾਂਕਿ ਬੈਂਚ ਨੇ ਪਟੀਸ਼ਨਰ ਨੂੰ ਕਿਹਾ ਕਿ ਉਹ ਪਹਿਲਾਂ ਮਾਮਲੇ ਨੂੰ ਰਜਿਸਟਰੀ ‘ਚ ਲੈ ਕੇ ਜਾਣ ਅਤੇ ਇਸ ਨੂੰ ਰਜਿਸਟਰ ਕਰਾਉਣ। ਇਹ ਪਟੀਸ਼ਨ ਟੀਐਨਸੀਸੀ ਨੇ ਆਪਣੇ ਪ੍ਰਧਾਨ ਕੇ ਸੇਲਵਾਪਰੁੰਥਗਈ ਰਾਹੀਂ ਦਾਇਰ ਕੀਤੀ ਹੈ। ਉਸ ਨੇ ਅੱਜ ਸਵੇਰੇ ਅਦਾਲਤ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨੇ 21 ਅਪਰੈਲ ਤੋਂ ਬਾਅਦ ਕਈ ਚੋਣ ਮੀਟਿੰਗਾਂ ਵਿੱਚ ਮੁਸਲਮਾਨਾਂ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕੀਤੀਆਂ ਹਨ।
ਉਸ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਭਾਜਪਾ ਕਿਸੇ ਵੀ ਤਰੀਕੇ ਨਾਲ 2024 ਦੀਆਂ ਲੋਕ ਸਭਾ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਲਈ ਉਹ ਫਿਰਕੂ ਭਾਵਨਾ ਨਾਲ ਬਿਆਨ ਦੇ ਰਹੀ ਹੈ। ਉਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਖੁਦ ਮੁਸਲਮਾਨਾਂ ਨੂੰ “ਘੁਸਪੈਠ ਕਰਨ ਵਾਲੇ” ਅਤੇ “ਵੱਧ ਬੱਚੇ ਪੈਦਾ ਕਰਨ ਵਾਲੇ” ਕਿਹਾ ਹੈ। ਪਟੀਸ਼ਨਕਰਤਾ ਨੇ ਇਹ ਵੀ ਕਿਹਾ ਹੈ ਕਿ ਮੋਦੀ ਵਲੋਂ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਬਾਰੇ ਗੁੰਮਰਾਹਕੁੰਨ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ ਅਤੇ ਭਾਜਪਾ ਨੇਤਾ ਨੂੰ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ।