ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਜਲਦੀ ਹੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ। ਰਿਪੋਰਟਾਂ ਮੁਤਾਬਕ ਸੀਟਾਂ ਨੂੰ ਲੈ ਕੇ 75 ਤੋਂ ਵੱਧ ਨਾਵਾਂ ‘ਤੇ ਸਹਿਮਤੀ ਬਣੀ ਹੈ। ਇਸ ਸਬੰਧੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਵੀਰਵਾਰ ਨੂੰ ਆਪਣੀ ਪਹਿਲੀ ਬੈਠਕ ਕੀਤੀ।
ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੇ ਕੋਰ ਗਰੁੱਪ ਵੱਲੋਂ ਸਮੀਖਿਆ ਮੀਟਿੰਗ ਬੁਲਾਈ ਜਾ ਸਕਦੀ ਹੈ, ਜਿਸ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰ 15-20 ਮੌਜੂਦਾ ਵਿਧਾਇਕਾਂ ਨੂੰ ਟਿਕਟ ਨਹੀਂ ਮਿਲ ਸਕਦੀ।
ਇਸ ਤੋਂ ਇਲਾਵਾ ਕਾਂਗਰਸ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਸੀਟਾਂ ਤੋਂ ਟਿਕਟ ਦੇ ਸਕਦੀ ਹੈ। ਚਮਕੌਰ ਸਾਹਿਬ ਸੀਟ ਤੋਂ ਇਲਾਵਾ ਜਿੱਥੋਂ ਉਹ ਤਿੰਨ ਵਾਰ ਜਿੱਤ ਚੁੱਕੇ ਹਨ, ਪਾਰਟੀ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਵੀ ਚੋਣ ਲੜਨ ਬਾਰੇ ਵਿਚਾਰ ਕਰ ਰਹੀ ਹੈ।