ਸਿੱਧੂ ਨੂੰ ਮਨਾਉਣ ਲਈ ਕਾਂਗਰਸ ਹਾਈਕਮਾਨ ‘ਚ ਵੱਡੀ ਚਰਚਾ, ਲਗਾਏ ਜਾ ਸਕਦੇ ਨੇ ਦੋ ਉਪ ਮੁੱਖ ਮੰਤਰੀ!

TeamGlobalPunjab
2 Min Read

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਲਈ ਅੱਜ ਦਿੱਲੀ ਵਿੱਚ ਹਾਈ ਕਮਾਨ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੇ ਨਾਲ ਪੰਜਾਬ ਦੇ ਮੰਤਰੀ ਅਤੇ ਵਿਧਾਇਕਾਂ ਦੀ ਮੀਟਿੰਗ ਹੋਈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਦੋ ਉਪ ਮੁੱਖ ਮੰਤਰੀ ਲਗਾਏ ਜਾਣ ‘ਤੇ ਵੀ ਚਰਚਾ ਹੋਈ ਹੈ। ਇਸ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਦੋ ਉਪ ਮੁੱਖ ਮੰਤਰੀ ਲਾਏ ਜਾਣ ਦਾ ਆਖ਼ਰੀ ਫ਼ੈਸਲਾ ਕਾਂਗਰਸ ਦੇ ਵਿਧਾਇਕਾਂ ਤੋਂ ਸੁਝਾਅ ਲਏ ਜਾਣ ਤੋਂ ਬਾਅਦ ਲਿਆ ਜਾਵੇਗਾ।

ਪੰਜਾਬ ਕਾਂਗਰਸ ਵਿੱਚ ਵਿਧਾਇਕਾਂ ਅਤੇ ਕੁਝ ਮੰਤਰੀਆਂ ਵੱਲੋਂ ਆਪਣੀ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਜਿਸ ਨੂੰ ਸ਼ਾਂਤ ਕਰਨ ਦੇ ਲਈ ਹਾਈਕਮਾਨ ਨੇ ਤਿੰਨ ਸੀਨੀਅਰ ਕਾਂਗਰਸੀ ਲੀਡਰ ਮਲਿਕਾਅਰਜੁਨ ਖੜਗੇ, ਹਰੀਸ਼ ਰਾਵਤ ਤੇ ਜੇਪੀ ਅਗਰਵਾਲ ਦੀ ਕਮੇਟੀ ਬਣਾਈ ਹੈ। ਜੋ ਤਿੰਨ ਦਿਨ ਪੰਜਾਬ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰੇਗੀ। ਦਿੱਲੀ ਵਿੱਚ ਸੀਨੀਅਰ ਕਾਂਗਰਸੀ ਲੀਡਰਾਂ ਵੱਲੋਂ ਅੱਜ ਪੰਜਾਬ ਦੇ ਵਿਧਾਇਕਾਂ ਅਤੇ ਸੂਬਾ ਪ੍ਰਧਾਨ ਦੇ ਨਾਲ ਮੁਲਾਕਾਤ ਕੀਤੀ।

ਦੂਸਰੇ ਪਾਸੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ‘ਚ ਵਾਪਸ ਐਕਟਿਵ ਕਰਨ ਦੇ ਲਈ ਵੀ ਪਲਾਨਿੰਗ ਕੀਤੀ ਗਈ ਹੈ, ਦੋ ਉੱਪ ਮੁੱਖ ਮੰਤਰੀ ਲਗਾਉਣਾ ਵੀ ਇਸ ਰਣਨੀਤੀ ਦਾ ਹਿੱਸਾ ਹੈ। ਨਵਜੋਤ ਸਿੰਘ ਸਿੱਧੂ ਲਗਾਤਾਰ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਭੜਾਸ ਕੱਢ ਰਹੇ ਹਨ। ਉਨ੍ਹਾਂ ਨੂੰ ਪਾਰਟੀ ਵਿੱਚ ਸਨਮਾਨ ਦਾ ਅਹੁਦਾ ਦਵਾਉਣ ਦੇ ਲਈ ਹਰੀਸ਼ ਰਾਵਤ ਵੀ ਅਹਿਮ ਭੂਮਿਕਾ ਨਿਭਾ ਚੁੱਕੇ ਹਨ।

- Advertisement -

Share this Article
Leave a comment