ਜਗਦੀਸ਼ ਟਾਈਟਲਰ ਨੂੰ ਜ਼ਿੰਮੇਵਾਰੀ ਦੇ ਕੇ ਕਾਂਗਰਸ ਨੇ ਸਿੱਖ ਭਾਵਨਾਵਾਂ ਨੂੰ ਮਾਰੀ ਸੱਟ : ਧਾਮੀ

Global Team
2 Min Read

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਦੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਵੱਲੋਂ ਸੂਬਾ ਚੋਣ ਕਮੇਟੀ ਵਿਚ ਸ਼ਾਮਲ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਜ਼ਖ਼ਮ 38 ਸਾਲ ਬਾਅਦ ਅਜੇ ਵੀ ਅੱਲੇ ਹਨ ਅਤੇ ਪੀੜਤ ਸਿੱਖ ਪਰਿਵਾਰਾਂ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਕਰ ਰਹੇ ਹਨ। ਦੂਸਰੇ ਪਾਸੇ ਕਾਂਗਰਸ ਜਮਾਤ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਿਆਂ ਹੋਇਆ ਉਨ੍ਹਾਂ ਨੂੰ ਅਹੁਦੇ ਦੇ ਕੇ ਨਿਵਾਜ ਰਹੀ ਹੈ। ਉਨ੍ਹਾਂ ਸਖ਼ਤ ਲਹਿਜ਼ੇ ’ਚ ਕਿਹਾ ਕਿ ਕਾਂਗਰਸ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਸਿੱਖ ਕਤਲੇਆਮ ਦੇ ਇਕ ਹੋਰ ਦੋਸ਼ੀ ਕਾਂਗਰਸ ਆਗੂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਇਕ ਸਮਾਗਮ ਦੌਰਾਨ ਸਨਮਾਨੇ ਜਾਣ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੇ ਪ੍ਰਬੰਧਕਾਂ ਨੇ ਸਿੱਖ ਕਤਲੇਆਮ ਦੇ ਦੋਸ਼ੀ ਕਮਲ ਨਾਥ ਨੂੰ ਸਨਮਾਨ ਦੇ ਕੇ ਠੀਕ ਨਹੀਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇੰਦੌਰ ਵਿਖੇ ਸਮਾਗਮ ਦੌਰਾਨ ਕੀਰਤਨ ਦੀ ਸੇਵਾ ਕਰਨ ਪੁੱਜੇ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਵੱਲੋਂ ਵਿਰੋਧ ਕੀਤੇ ਜਾਣ ਦੇ ਕਦਮ ਦੀ ਸ਼ਲਾਘਾ ਵੀ ਕੀਤੀ। ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਅਪੀਲ ਕੀਤੀ ਕਿ ਉਹ ਇੰਦੌਰ ਵਿਖੇ ਹੋਏ ਸਮਾਗਮ ਦੇ ਪ੍ਰਬੰਧਕਾਂ ਦੀ ਜਵਾਬਤਲਬੀ ਕਰਨ।

Share this Article
Leave a comment