ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਬਾਰੇ ਸਸਪੈਂਸ ਬਰਕਰਾਰ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦਾ ਅਹੁਦਾ ਛੱਡ ਜਾਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦੀ ਹਾਜ਼ਰੀ ਵਿੱਚ ਹੋਈ। ਇਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਛੱਡ ਕੇ ਕਾਂਗਰਸ ਦੇ 79 ਵਿਧਾਇਕ ਸ਼ਾਮਲ ਹੋਏ।
ਵੱਡੀ ਗੱਲ ਇਹ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਸਬੰਧੀ ਫ਼ਿਲਹਾਲ ਆਖਰੀ ਫੈਸਲਾ ਨਹੀਂ ਹੋ ਸਕਿਆ ਹੈ, ਪਰ ਵਿਧਾਇਕਾਂ ਨੇ ਅੰਤਿਮ ਫੈਸਲਾ ਕਾਂਗਰਸ ਹਾਈ ਕਮਾਨ ‘ਤੇ ਛੱਡ ਦਿੱਤਾ ਹੈ। ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿਚ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਮੁੱਖ ਮੰਤਰੀ ਅਤੇ ਵਿਧਾਇਕ ਦਲ ਦੇ ਆਗੂ ਦੀ ਚੋਣ ਦੇ ਅਧਿਕਾਰ ਪਾਰਟੀ ਹਾਈ ਕਮਾਂਡ ਨੂੰ ਸੌਂਪ ਦਿੱਤੇ ਹਨ।
ਇਹ ਜਾਣਕਾਰੀ ਹਰੀਸ਼ ਰਾਵਤ ਵਲੋਂ ਦਿੱਤੀ ਗਈ ਹੈ। ਰਾਵਤ ਨੇ ਦੱਸਿਆ ਕਿ ਵਿਧਾਇਕਾਂ ਨੇ ਸਰਬ ਸੰਮਤੀ ਨਾਲ ਦੋ ਮਤੇ ਪਾਸ ਕੀਤੇ ਹਨ। ਪਾਰਟੀ ਹਾਈਕਮਾਨ ਛੇਤੀ ਹੀ ਇਨ੍ਹਾਂ ‘ਤੇ ਕੋਈ ਫੈਸਲਾ ਲੈ ਲਵੇਗੀ।