Punjab News : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਹੁਣੇ ਤੋਂ ਹੀ ਆਪਣੇ ਉਮੀਦਵਾਰਾਂ ਨੂੰ ਲੈ ਕੇ ਪੱਤੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਜੀ ਹਾਂ! ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪਹਿਲੇ ਸੰਭਾਵੀ ਉਮੀਦਵਾਰ ਵੱਲ ਵੱਡਾ ਇਸ਼ਾਰਾ ਕਰ ਦਿੱਤਾ ਹੈ। ਸਵਾਲ ਇਹ ਹੈ ਕਿ ਆਖ਼ਰ ਕਿਹੜਾ ਉਹ ਵਿਧਾਇਕ ਹੈ, ਜਿਸ ਦੀ ਟਿਕਟ ਲਗਭਗ ਪੱਕੀ ਮੰਨੀ ਜਾ ਰਹੀ ਹੈ? ਦਰਅਸਲ, ਆਦਮਪੁਰ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਲੈ ਕੇ ਪਰਗਟ ਸਿੰਘ ਨੇ ਅਜਿਹਾ ਬਿਆਨ ਦਿੱਤਾ ਹੈ, ਜਿਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਲੋਕ ਮਿਲਣੀ ਦੌਰਾਨ ਪਰਗਟ ਸਿੰਘ ਨੇ ਕੋਟਲੀ ਵੱਲੋਂ ਹਲਕੇ ਦੇ ਲੋਕਾਂ ਲਈ ਕੀਤੇ ਕੰਮਾਂ ਦੀ ਖੂਬ ਸ਼ਲਾਘਾ ਕੀਤੀ।ਇੰਨਾ ਹੀ ਨਹੀਂ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜਿਸ ਤਰ੍ਹਾਂ ਸੁਖਵਿੰਦਰ ਕੋਟਲੀ ਨੇ ਲੋਕਾਂ ਲਈ ਕੰਮ ਕੀਤਾ ਹੈ, ਉਸੇ ਤਰ੍ਹਾਂ ਮੁੜ ਉਨ੍ਹਾਂ ਨੂੰ ਵੋਟਾਂ ਪਾ ਕੇ ਜਿਤਾਇਆ ਜਾਵੇ ਅਤੇ ਵਿਧਾਨ ਸਭਾ ਵਿੱਚ ਭੇਜਿਆ ਜਾਵੇ।
ਇਹ ਵੀ ਪੜ੍ਹੋ : GTA-6 ਦੇ ਨਾਂ ‘ਤੇ ਸਾਈਬਰ ਠੱਗੀ! ਮੁਫ਼ਤ ਗੇਮ ਦੇ ਲਾਲਚ ‘ਚ ਖਾਲੀ ਹੋ ਸਕਦੇ ਨੇ ਅਕਾਊਂਟ! Google Password ਤੇ Crypto Wallet ਖ਼ਤਰੇ ‘ਚ!
ਹਾਲਾਂਕਿ ਪਰਗਟ ਸਿੰਘ ਨੇ ਸਿੱਧੇ ਤੌਰ ‘ਤੇ ਟਿਕਟ ਦਾ ਐਲਾਨ ਨਹੀਂ ਕੀਤਾ, ਪਰ ਉਨ੍ਹਾਂ ਦੇ ਇਸ ਬਿਆਨ ਨੂੰ ਸੁਖਵਿੰਦਰ ਕੋਟਲੀ ਦੀ ਉਮੀਦਵਾਰੀ ਲਈ ਵੱਡੇ ਸਿਆਸੀ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਉੱਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਵੀ ਅੱਜ ਅੰਮ੍ਰਿਤਸਰ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਬਾਰੇ ਆਪਣਾ ਪੱਖ ਰੱਖਿਆ। ਇਸ ਦੇ ਨਾਲ ਹੀ ਆਉਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤਿਆਰ ਕਰਨ ਵਾਸਤੇ ਪਾਰਟੀ ਅੰਦਰ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ। ਕੁੱਲ ਮਿਲਾ ਕੇ ਪੰਜਾਬ ਕਾਂਗਰਸ ਨੇ 2027 ਦੀਆਂ ਚੋਣਾਂ ਲਈ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਸੁਖਵਿੰਦਰ ਕੋਟਲੀ ਤੋਂ ਬਾਅਦ ਕਾਂਗਰਸ ਕਿਸ ਹੋਰ ਹਲਕੇ ਤੋਂ ਆਪਣੇ ਸੰਭਾਵੀ ਉਮੀਦਵਾਰ ਦਾ ਨਾਂਅ ਸਾਹਮਣੇ ਲਿਆਉਂਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

