ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਕਾਂਗਰਸ ਨੇ ਬੁੱਧਵਾਰ ਨੂੰ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਪਰ ਪਾਰਟੀ ਲਾਈਨ ਤੋਂ ਦੂਰ ਹੁੰਦੇ ਜਾ ਰਹੇ ਨਵਜੋਤ ਸਿੰਘ ਸਿੱਧੂ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰਵਨੀਤ ਸਿੰਘ ਬਿੱਟੂ ਸਮੇਤ 27 ਆਗੂਆਂ ਨੂੰ ਥਾਂ ਦਿੱਤੀ ਗਈ।
ਚਾਰ ਸੰਸਦ ਮੈਂਬਰਾਂ ਸਣੇ ਕੁਝ ਵੱਡੇ ਨੇਤਾਵਾਂ ਅਤੇ ਸਾਬਕਾ ਸੰਸਦ ਮੈਂਬਰਾਂ ਨੂੰ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਜੇਕਰ ਕਾਂਗਰਸੀ ਆਗੂਆਂ ਦੀ ਮੰਨੀਏ ਤਾਂ ਉਹਨਾਂ ਨੂੰ ਹੋਰ ਕਮੇਟੀਆਂ ਵਿੱਚ ਫਿੱਟ ਕਰਨਾ ਪਵੇਗਾ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਮੇਟੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹਨਾਂ ਸੰਸਦ ਮੈਂਬਰਾਂ ਨੂੰ ਕਮੇਟੀ ਵਿੱਚ ਨਹੀਂ ਦਿੱਤੀ ਗਈ ਥਾਂ
ਕੁਝ ਸੀਨੀਅਰ ਆਗੂਆਂ ਨੂੰ ਚੋਣ ਕਮੇਟੀ ਵਿੱਚ ਥਾਂ ਨਹੀਂ ਮਿਲੀ, ਜਦਕਿ ਉਨ੍ਹਾਂ ਦੇ ਖੇਤਰਾਂ ਦੇ ਹੋਰ ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਅੰਮ੍ਰਿਤਸਰ ਸੰਸਦੀ ਹਲਕੇ ਤੋਂ ਤਿੰਨ ਆਗੂਆਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦਕਿ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਇਸੇ ਤਰ੍ਹਾਂ ਖਡੂਰ ਸਾਹਿਬ ਸੰਸਦੀ ਸੀਟ ’ਤੇ ਦੋ ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਪਰ ਸੰਸਦ ਮੈਂਬਰ ਜਸਬੀਰ ਡਿੰਪਾ ਨੂੰ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਫਤਿਹਗੜ੍ਹ ਦੇ ਸੰਸਦ ਮੈਂਬਰ ਅਮਰ ਸਿੰਘ ਵੀ ਕਮੇਟੀ ਵਿੱਚ ਸ਼ਾਮਲ ਨਹੀਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।