ਪਟਿਆਲਾ: ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਰਾਸ਼ਟਰਪਤੀ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀ ਗੱਲ ਗੰਭੀਰਤਾ ਨਾਲ ਸੁਨਣੀ ਚਾਹੀਦੀ ਹੈ। ਪਰਨੀਤ ਕੌਰ ਅੱਜ ਪਿੰਡ ਸਫੇੜਾ ਵਿਖੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਗੋਲਡੀ ਨਮਿਤ ਅੰਤਿਮ ਅਰਦਾਸ ‘ਚ ਸ਼ਿਰਕਤ ਕਰਨ ਪੁੱਜੇ ਹੋਏ ਸਨ, ਜੋ ਕਿ ਸਿੰਘੂ ਬਾਰਡਰ ਤੋਂ ਵਾਪਸ ਪਰਤਿਆਂ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।
ਇਸ ਦੌਰਾਨ ਸੰਸਦ ਮੈਂਬਰ ਨੇ ਮ੍ਰਿਤਕ ਕਿਸਾਨ ਲਾਭ ਸਿੰਘ, ਜਿਸ ਨਮਿਤ ਅੰਤਿਮ ਅਰਦਾਸ ਵੀਰਵਾਰ ਨੂੰ ਹੈ, ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮਿਲਕੇ ਦੁੱਖ ਸਾਂਝਾ ਕਰਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਟਰਾਲੀ ਹਾਦਸੇ ‘ਚ ਜਖ਼ਮੀ ਹੋਏ ਕਿਸਾਨਾਂ ਕੁਲਵੰਤ ਸਿੰਘ, ਹਰਦੇਵ ਸਿੰਘ, ਸਰਪੰਚ ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ ਤੇ ਗੁਰਮੇਲ ਸਿੰਘ ਦਾ ਹਾਲ-ਚਾਲ ਵੀ ਜਾਣਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਤਿੰਦਰਪਾਲ ਸਿੰਘ ਰਿੱਕੀ ਮਾਨ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ ਅਤੇ ਹੋਰ ਮੌਜੂਦ ਸਨ।
ਪਰਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਕਿਸਾਨੀ ਸੰਘਰਸ਼ ‘ਚ ਕਿਸੇ ਕਾਰਨ ਕਰਕੇ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜਖ਼ਮੀ ਹੋਣ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਪਹਿਲਾਂ ਹੀ ਕੀਤਾ ਹੋਇਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਆਪਣੇ ਪਰਿਵਾਰ ਅਤੇ ਕਾਂਗਰਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਗੋਲਡੀ ਪੁੱਤਰ ਬਲਵਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਪਰਨੀਤ ਕੌਰ ਨੇ ਕਿਹਾ ਕਿ ਉਹ ਖ਼ੁਦ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ‘ਚ ਇਸ ਪਰਿਵਾਰ ਦੇ ਨਾਲ ਖੜ੍ਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ, ਆੜਤੀਆਂ ਉਪਰ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਸਭਾ ਮੈਂਬਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਸੰਘਰਸ਼ ‘ਚ ਸਾਥ ਦੇਣ ਵਾਲਿਆਂ ਨੂੰ ਵੀ ਤੰਗ ਪ੍ਰੇਸ਼ਾਨ ਕਰ ਰਹੀ ਹੈ ਅਤੇ ਝੂਠੇ ਕੇਸਾਂ ‘ਚ ਫਸਾ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਕ ਪਾਸੇ ਕਹਿ ਰਹੀ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇਗੀ ਪਰੰਤੂ ਜੋ ਵੀ ਕੋਈ ਕਿਸਾਨਾਂ ਦੇ ਨਾਲ ਖੜ੍ਹਾ ਹੈ ਤਾਂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਪਰ ਮੋਦੀ ਸਰਕਾਰ ਨੂੰ ਇਹ ਗੱਲ ਵੀ ਸਮਝ ਲੈਣੀ ਚਾਹੀਦੀ ਹੈ ਕਿ ਅੱਜ ਦੇਸ਼ ਦਾ ਹਰ ਵਿਅਕਤੀ ਕਿਸਾਨਾਂ ਦੇ ਨਾਲ ਖੜ੍ਹਾ ਹੈ।
ਪਰਨੀਤ ਕੌਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਹ ਖ਼ੁਦ ਕਿਸਾਨਾਂ ਦੇ ਨਾਲ ਖੜੇ ਹਨ, ਕਿਉਂਕਿ ਕਿਸਾਨ ਆਪਣੇ ਘਰ ਛੱਡਕੇ ਬਿਨ੍ਹਾਂ ਗੱਲ ਤੋਂ ਦਿੱਲੀ ਦੀ ਸਰਹੱਦ ‘ਤੇ ਨਹੀਂ ਬੈਠੇ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀ ਗੱਲ ਜਰੂਰ ਸੁਨਣੀ ਚਾਹੀਦੀ ਹੈ।
ਪਰਨੀਤ ਕੌਰ ਨੇ ਹੋਰ ਕਿਹਾ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਬਾਰੇ ਕਿਸਾਨਾਂ ਦੇ ਸ਼ੰਕੇ ਸੱਚੇ ਹਨ ਇਸ ਲਈ ਇਹ ਕਾਨੂੰਨ ਰੱਦ ਹੋਣੇ ਚਾਹੀਦੇ ਹਨ ਅਤੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਨਰਿੰਦਰ ਮੋਦੀ ਨੂੰ ਆਪਣੇ ਦੇਸ਼ ਵਾਸੀਆਂ ਤੇ ਸੰਵਿਧਾਨਕ ਤਰੀਕੇ ਨਾਲ ਅਮਨ ਸ਼ਾਂਤੀ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਆਪਣੇ ਨਾਗਰਿਕਾਂ ਦੀ ਗੱਲ ਜਰੂਰ ਮੰਨਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਉਹੋ ਕਿਸਾਨ ਹਨ, ਜਿਨ੍ਹਾਂ ਨੇ ਦੇਸ਼ ਦਾ ਅੰਨ ਭੰਡਾਰ ਭਰਿਆ ਅਤੇ ਦੇਸ਼ ਨੂੰ ਔਖੇ ਵੇਲੇ ਦੂਸਰੇ ਮੁਲਕਾਂ ਦੇ ਅੱਗੇ ਹੱਥ ਅੱਡਣ ਤੋਂ ਰੋਕਿਆ ਪਰੰਤੂ ਅਫ਼ਸੋਸ ਦੀ ਗੱਲ ਹੈ ਕਿ ਅੱਜ ਕੇਂਦਰ ਸਰਕਾਰ ਨੇ ਇਨ੍ਹਾਂ ਦਾ ਹੱਥ ਹੀ ਛੱਡ ਦਿੱਤਾ ਹੈ।