ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਨੂੰ ਨਿਕੰਮਾ ਪ੍ਰਧਾਨ ਮੰਤਰੀ ਕਰਾਰ ਦਿੰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਨਰਿੰਦਰ ਮੋਦੀ ਨੇ ਆਪਣੀ ਜ਼ਿੰਮੇਵਾਰੀ ਸਹੀ ਤਰ੍ਹਾਂ ਨਹੀਂ ਨਿਭਾਈ।
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋਕ ਆਰਥਿਕ ਤੌਰ ‘ਤੇ ਨੁਕਸਾਨ ਝੱਲ ਰਹੇ ਹਨ। ਇਥੋਂ ਤੱਕ ਕਿ ਉਹ ਭੁੱਖੇ ਮਰਨ ਲਈ ਵੀ ਮਜਬੂਰ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਨੂੰ ਦੇਖਦਿਆਂ ਮੋਦੀ ਸਰਕਾਰ ਨੂੰ ਪਹਿਲਾਂ ਹੀ ਉਪਰਾਲੇ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਵਿਰੋਧੀ ਧਿਰਾਂ ਨੂੰ ਡੱਟਵੀਂ ਟੱਕਰ ਦੇਵੇਗੀ ਅਤੇ ਤੀਸਰੀ ਧਿਰ ਦਾ ਵਾਰ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵੱਲੋਂ ਲਗਾਏ ਦੋਸ਼ਾਂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਜਵਾਬ ਦੇਣ ਤੋਂ ਟਾਲਾ ਹੀ ਵੱਟ ਲਿਆ।