ਕਾਂਗਰਸ ਕਿਸਾਨਾਂ ਨਾਲ, ਸੱਤਾ ‘ਚ ਆਉਣ ‘ਤੇ MSP ਬਣੇਗਾ ਕਾਨੂੰਨ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

Global Team
3 Min Read

ਜਲੰਧਰ: ਜਲੰਧਰ (ਦਿਹਾਤੀ) ਜ਼ਿਲ੍ਹਾ ਕਾਂਗਰਸ ਵੱਲੋਂ ਸ਼ੁੱਕਰਵਾਰ ਨੂੰ ਇੱਥੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਆਖਿਆ ਕਿ ਕਿਸਾਨਾਂ ਨੂੰ ਕਾਂਗਰਸ ਪਾਰਟੀ ਦਾ ਅਟੁੱਟ ਸਮਰਥਨ ਹੈ ਅਤੇ ਪਾਰਟੀ ਇੰਡੀਆ ਗੱਠਜੋੜ ਦੇ ਲੋਕ ਸਭਾ ਚੋਣਾਂ ਤੋਂ ਬਾਅਦ ਸੱਤਾ ਵਿੱਚ ਆਉਣ ‘ਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦੇਣ ਦਾ ਐਲਾਨ ਕਰ ਚੁੱਕੀ ਹੈ।

ਕਾਂਗਰਸ ਦੀ ਜਲੰਧਰ (ਦਿਹਾਤੀ) ਇਕਾਈ ਨੇ ਅੱਜ ਪਾਰਟੀ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਸੂਬਾ ਵਿਆਪੀ ਰੋਸ ਪ੍ਰਦਰਸ਼ਨਾਂ ਦੇ ਹਿੱਸੇ ਵਜੋਂ ਜਲੰਧਰ ਸ਼ਹਿਰ ਵਿਖੇ ਕਿਸਾਨਾਂ ਨਾਲ ਇਕਜੁੱਟਤਾ ਜ਼ਾਹਿਰ ਕਰਦੇ ਹੋਏ ਧਰਨਾ ਲਾਇਆ।

ਵਿਧਾਇਕ ਚੌਧਰੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰ ਸਰਕਾਰ ਦੀ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਲਾਏ ਪਿਛਲੇ ਧਰਨੇ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹਿਣ ਲਈ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਟੇ ਵਜੋਂ ਕਿਸਾਨਾਂ ਨੂੰ ਇੱਕ ਹੋਰ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਹਨਾਂ ਨੇ ਆਖਿਆ ਕਿ ਕਾਂਗਰਸ ਪਾਰਟੀ ਦ੍ਰਿੜਤਾ ਨਾਲ ਕਿਸਾਨਾਂ ਨਾਲ ਖੜ੍ਹੀ ਹੈ ਤੇ ਕਾਂਗਰਸ ਸਰਕਾਰ ਵੇਲੇ ਵੀ ਪੰਜਾਬ, ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕਰਕੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰਸਮੀ ਤੌਰ ‘ਤੇ ਰੱਦ ਕਰਨ ਵਾਲਾ ਪਹਿਲਾ ਸੂਬਾ ਸੀ।

ਫਿਲੌਰ ਵਿਧਾਇਕ ਨੇ ਕਿਹਾ ਕਿ ਹਰਿਆਣਾ ਪੰਜਾਬ ਦਾ ਛੋਟਾ ਭਰਾ ਹੈ ਪਰ ਹਰਿਆਣਾ ਦੀ ਭਾਜਪਾ ਸਰਕਾਰ ਨੇ ਦੋਵਾਂ ਸੂਬਿਆਂ ਵਿਚਾਲੇ ਬਾਰਡਰ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ ਵੀ ਬਦਤਰ ਬਣਾ ਦਿੱਤਾ ਹੈ।

ਜਲੰਧਰ (ਦਿਹਾਤੀ) ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਕੇਂਦਰ ਦੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਕਾਰਨ ਹੀ 700 ਤੋਂ ਵੱਧ ਲੋਕਾਂ ਨੂੰ ਆਪਣੀਆਂ ਜਾਨਾਂ ਦੇਣੀਆਂ ਪਈਆਂ ਸਨ। ਕਿਸਾਨਾਂ ਦੇ ਮਸਲੇ ਹੱਲ ਕਰਨ ਦਾ ਵਾਅਦਾ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਕੁਝ ਨਹੀਂ ਕੀਤਾ। ਉਹਨਾਂ ਨੇ ਪੰਜਾਬ ਵਿੱਚ ਹਰਿਆਣਾ ਪੁਲਿਸ ਦੀ ਗੋਲੀਬਾਰੀ ਅਤੇ ਡਰੋਨ ਘੁਸਪੈਠ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ, ਹਰਿਆਣਾ ਸਰਕਾਰ ਦੇ ਹਮਲੇ ਦੇ ਵਿਰੁੱਧ ਕੋਈ ਕਾਰਵਾਈ ਨਾ ਕਰਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਵੀ ਆਲੋਚਨਾ ਕੀਤੀ।

ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਵਿੱਚ ਪੰਜਾਬ ਦੇ ਇਤਿਹਾਸਕ ਯੋਗਦਾਨ ਅਤੇ ਹਰੀ ਕ੍ਰਾਂਤੀ ਦੌਰਾਨ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਸੂਬੇ ਦੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕੀਤਾ। ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ‘ਤੇ ਅਫਸੋਸ ਜਤਾਇਆ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੇ ਮੁੱਦੇ ਇਕੱਲੇ ਪੰਜਾਬ ਦੇ ਨਹੀਂ ਹਨ, ਸਗੋਂ ਦੇਸ਼ ਭਰ ਦੇ ਕਿਸਾਨਾਂ ਨੂੰ ਪ੍ਰਭਾਵਿਤ ਕਰਦੇ ਹਨ।

ਇਸ ਪ੍ਰਦਰਸ਼ਨ ਵਿੱਚ ਕਾਂਗਰਸ ਪਾਰਟੀ ਦੀ 2023 ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਕਰਮਜੀਤ ਕੌਰ ਚੌਧਰੀ, ਹਲਕਾ ਨਕੋਦਰ ਇੰਚਾਰਜ ਡਾ. ਨਵਜੋਤ ਸਿੰਘ ਦਹੀਆ, ਕਰਤਾਰਪੁਰ ਇੰਚਾਰਜ ਰਜਿੰਦਰ ਸਿੰਘ, ਕਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਪ੍ਰਧਾਨ, ਸਰਪੰਚ ਅਤੇ ਪੰਚ ਹਾਜ਼ਰ ਸਨ।

Share This Article
Leave a Comment