ਮਾਨਸਾ : ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਐਕਸ਼ਨ ਕਮੇਟੀ ਵਿਚਾਲੇ 5 ਘੰਟੇ ਚੱਲੀ ਮੀਟਿੰਗ ਵਿੱਚ ਲੱਖਾ ਸਿਧਾਣਾ ਤੇ ਹੋਰ ਆਗੂਆਂ ਦੀ ਰਿਹਾਈ ਅਤੇ ਹੋਰਨਾਂ ਮੰਗਾਂ ’ਤੇ ਸਹਿਮਤੀ ਬਣ ਗਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਹੋਈ । ਆਗੂਆਂ ਦੀ ਰਿਹਾਈ ਮਗਰੋਂ ਹੋਵੇਗਾ ਪੋਸਟ ਮਾਰਟਮ ਤੇ ਅੰਤਿਮ ਸੰਸਕਾਰ। ਇਸ ਦੇ ਨਾਲ ਹੀ 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਫ਼ੈਸਲਾ, ਪੁਨਰ ਸੁਰਜੀਤ ਅਕਾਲੀ ਦਲ ਤੋਂ ਹੋਏ ਵੱਖ
ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ਦੌਰਾਨ ਜੇਲ੍ਹਾਂ ਵਿੱਚ ਬੰਦ ਲੱਖਾ ਸਿਧਾਣਾ ਅਤੇ ਹੋਰ ਆਗੂਆਂ ਦੀ ਰਿਹਾਈ ਦੇ ਮੁੱਦੇ ’ਤੇ ਕਈ ਘੰਟੇ ਪੇਚ ਅੜਿਆ ਰਿਹਾ। ਹੋਰ ਮੰਗਾਂ ’ਤੇ ਲਗਭਗ ਸਹਿਮਤੀ ਬਣਨ ਦੇ ਬਾਵਜੂਦ ਐਕਸ਼ਨ ਕਮੇਟੀ ਆਗੂਆਂ ਦੀ ਰਿਹਾਈ ਤੋਂ ਬਿਨਾਂ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਲਈ ਸਹਿਮਤ ਨਹੀਂ ਸੀ। ਸ੍ਰੀ ਸਿੱਧੂ ਅਨੁਸਾਰ ਮੀਟਿੰਗ ਵਿੱਚ ਖਿਆਲਾ ਕਲਾਂ ਵਿਖੇ ਝੋਟਾ ਦੇ ਨਾਮ ’ਤੇ ਟਰੌਮਾ ਸੈਂਟਰ ਬਣਾਉਣ ਲਈ ਇੱਕ ਹਫ਼ਤੇ ਵਿੱਚ ਮਨਜ਼ੂਰੀ ਦੇਣ ’ਤੇ ਸਹਿਮਤੀ ਬਣੀ। ਇਸ ਤੋਂ ਇਲਾਵਾ ਸਬੰਧਤ ਪੁਲੀਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਝੋਟਾ ਦੇ ਪਰਿਵਾਰ ਨੂੰ ਨੌਕਰੀ ਤੇ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ।
ਇਹ ਵੀ ਪੜ੍ਹੋ:ਦਲਜੀਤ ਸਿੰਘ ਮੌਤ ਮਾਮਲੇ ‘ਚ ਵੱਡੀ ਅਪਡੇਟ, ਹਾਈਕੋਰਟ ਦੇ ਹੁਕਮਾਂ ‘ਤੇ PGI ‘ਚ ਸ਼ੁਰੂ ਹੋਇਆ ਪੋਸਟਮਾਰਟ
ਪਰਿਵਾਰ ਮੁਤਾਬਕ ਝੋਟਾ ਦੀ ਯਾਦ ਵਿੱਚ ਬੁੱਤ ਲਗਾਉਣ ’ਤੇ ਸਹਿਮਤੀ ਬਣ ਗਈ ਹੈ, ਪਰ ਘਟਨਾ ਵਾਲੀ ਥਾਂ ’ਤੇ ਬੁੱਤ ਲਗਾਉਣ ਬਾਰੇ ਸਹਿਮਤੀ ਨਹੀਂ ਬਣ ਸਕੀ। ਇਸ ਸਬੰਧੀ ਸਰਕਾਰ ਦੇ ਨੁਮਾਇੰਦਿਆਂ ਦਾ ਕਹਿਣਾ ਸੀ ਕਿ ਘਟਨਾ ਵਾਲੀ ਥਾਂ ਨਿੱਜੀ ਜਾਇਦਾਦ ਹੋਣ ਕਾਰਨ ਉੱਥੇ ਬੁੱਤ ਲਗਾਉਣ ਵਿੱਚ ਕਾਨੂੰਨੀ ਅੜਚਣ ਆ ਸਕਦੀ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਐਕਸ਼ਨ ਕਮੇਟੀ ਨੇ ਗ੍ਰਿਫ਼ਤਾਰ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਉਨ੍ਹਾਂ ਖ਼ਿਲਾਫ਼ ਦਰਜ ਪਰਚੇ ਰੱਦ ਕਰਨ ਦੀ ਮੰਗ ਰੱਖੀ। ਕਮੇਟੀ ਦੀਆਂ ਮੰਗਾਂ ਵਿੱਚ 13 ਅਕਤੂਬਰ ਤੋਂ ਸ਼ੁਰੂ ਹੋਏ ਸੰਘਰਸ਼ ਦੌਰਾਨ ਭੰਮੇ ਕਲਾਂ, ਬੁਢਲਾਡਾ ਅਤੇ ਅਕਲੀਆ ਨਾਲ ਸਬੰਧਤ ਦਰਜ ਪਰਚਿਆਂ ਤੋਂ ਇਲਾਵਾ ਪੰਜਾਬ ਭਰ ਵਿੱਚ ਫਲੈਕਸ ਪਾੜਨ ਬਾਰੇ ਦਰਜ ਪਰਚੇ ਅਤੇ ਝੋਟਾ ਦੇ ਪਿਤਾ ਤੇ ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁਨਾਂ ਖ਼ਿਲਾਫ਼ ਪਹਿਲਾਂ ਤੋਂ ਦਰਜ ਕਥਿਤ ਝੂਠੇ ਪਰਚੇ ਰੱਦ ਕਰਨਾ ਵੀ ਸ਼ਾਮਲ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

