ਗਣਤੰਤਰ ਦਿਵਸ ‘ਤੇ ਸੰਵਿਧਾਨ ਨੂੰ ਲਗਾਈ ਅੱਗ , ਅੰਬੇਦਕਰ ਦੀ ਪ੍ਰਤਿਮਾ ਤੋੜਨ ਦੀ ਕੀਤੀ ਕੋਸ਼ਿਸ਼, ਇਕ ਵਿਅਕਤੀ ਗ੍ਰਿਫ਼ਤਾਰ

Global Team
3 Min Read

ਅੰਮ੍ਰਿਤਸਰ: ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿੱਚ ਸ਼ਰਾਰਤੀ ਅਨਸਰਾਂ ਨੇ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਬਦਮਾਸ਼ਾਂ ਨੇ ਸੰਵਿਧਾਨ ਨੂੰ ਵੀ ਅੱਗ ਲਗਾ ਦਿੱਤੀ। ਇਸ ਮੌਕੇ ਲੋਕਾਂ ਨੇ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ, ਪੁਲਿਸ ਨੇ ਮੌਕੇ ’ਤੇ ਹੀ ਬਦਮਾਸ਼ਾਂ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਧਰਮਕੋਟ ਵਾਸੀ ਅਕਾਸ਼ ਸਿੰਘ ਵਜੋਂ ਹੋਈ ਹੈ। ਉਸ ਨੇ ਕਥਿਤ ਤੌਰ ’ਤੇ ਇਕ ਲੋਹੇ ਦੀ ਪੌੜੀ ਦੀ ਮਦਦ ਨਾਲ ਹਥੌੜੇ ਸਮੇਤ ਬੁੱਤ ’ਤੇ ਚੜ੍ਹ ਕੇ ਭੰਨਤੋੜ ਦੀ ਕੋਸ਼ਿਸ਼ ਕੀਤੀ ਸੀ।

ਇਸ ਸਬੰਧੀ ਜਦੋਂ ਵੱਖ-ਵੱਖ ਦਲਿਤ ਸਮਾਜਿਕ ਜਥੇਬੰਦੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਰੋਸ ਪ੍ਰਗਟ ਕੀਤਾ। ਇਸ ਸਬੰਧੀ ਦਲਿਤ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਅਸੀਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੇੜੇ ਪੁਲਿਸ ਸੁਰੱਖਿਆ ਦੀ ਮੰਗ ਵੀ ਕੀਤੀ ਸੀ ਪਰ ਪੁਲਿਸ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਅੱਜ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ।

ਭਾਜਪਾ ਆਗੂ ਵਿਜੇ ਸਾਂਪਲਾ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਸੀ ਅਤੇ ਇਕ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਸੀ, ‘‘ਡਾ. ਅੰਬੇਦਕਰ ਜੀ ਦੀ ਮੂਰਤੀ ਦਾ ਹਰਿਮੰਦਰ ਸਾਹਿਬ ਦੇ ਗਲਿਆਰੇ ’ਚ ਕੀਤਾ ਅਪਮਾਨ ਬਹੁਤ ਹੀ ਨਿੰਦਣਯੋਗ ਹੈ। ਅਜਿਹੇ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਿਉਂਕਿ ਇਹ ਘਟਨਾ ਦਰਬਾਰ ਸਾਹਿਬ ਦੇ ਗਲਿਆਰੇ ’ਚ ਵਾਪਰੀ ਸੀ, ਇਸ ਲਈ ਇਸ ਮੁੱਦੇ ‘ਤੇ SGPC ਅਤੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਵਿਖੇ ਕੋਤਵਾਲੀ ਨਜ਼ਦੀਕ ਲੱਗੇ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਕਥਿਤ ਛੇੜਛਾੜ  ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਨਾਲ ਜੋੜਨਾ ਬਿਲਕੁਲ ਗਲਤ ਦੱਸਿਆ ਹੈ। ਕਮੇਟੀ ਨੇ ਸਾਬਕਾ ਸੰਸਦ ਵਿਜੇ ਸਾਂਪਲਾ ਵਲੋਂ ਕੀਤੇ ਦਾਅਵੇ ਨੂੰ ਵੀ ਨਕਾਰਦੇ ਹੋਏ ਇਹ ਪ੍ਰਤੀਕਰਮ ਦਿੱਤਾ ਹੈ। ਕਮੇਟੀ ਨੇ ਕਿਹਾ ਹੈ ਕਿ ਇਹ ਬੁੱਤ ਪਾਰਟੀਸ਼ੀਸ਼ਨ ਮਿਊਜ਼ਿਅਮ ਅਤੇ ਕੋਤਵਾਲੀ ਦੇ ਨਜ਼ਦੀਕ ਪੈਂਦਾ ਹੈ ਜਿੱਥੇ ਹਰ ਤਰ੍ਹਾਂ ਦੀ ਜਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੈ। ਭਾਵੇਂ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਗਲਿਆਰਾ ਇਲਾਕਾ ਵੀ ਸਰਕਾਰੀ ਪ੍ਰਬੰਧਾਂ ਹੇਠ ਹੈ ਪਰੰਤੂ ਬੁੱਤ ਤਾਂ ਉੱਥੋਂ ਕਰੀਬ ਇੱਕ ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮੇਟੀ ਡਾ. ਅੰਬੇਡਕਰ ਜੀ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਵੀ ਨਿੰਦਾ ਕਰਦੀ ਹੈ। ਪਰੰਤੂ ਸ੍ਰੀ ਵਿਜੇ ਸਾਂਪਲਾ ਵੱਲੋਂ ਇਸ ਘਟਨਾ ਨੂੰ ਸ੍ਰੀ ਹਰਿਮੰਦਰ ਸਾਹਿਬ ਨਾਲ ਜੋੜ ਕੇ ਸਵਾਲ ਕਰਨੇ ਸੰਗਤ ਅਤੇ ਲੋਕਾਂ ਵਿੱਚ ਭੁਲੇਖਾ ਪੈਦਾ ਕਰਨ ਦੀ ਹਰਕਤ ਹੈ, ਜੋ ਕਿ ਅਤਿ ਨਿੰਦਣਯੋਗ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment