ਕੋਰੋਨਾ ਅਟੈਕ : ਤਰਨਤਾਰਨ ‘ਚ ਕੋਰੋਨਾ ਦੇ 57 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 144

TeamGlobalPunjab
1 Min Read

ਤਰਨ ਤਾਰਨ : ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਤਰਨਤਾਰਨ ‘ਚ ਕੋਰੋਨਾ ਨੇ ਕਹਿਰ ਮਚਾਇਆ ਹੋਇਆ ਹੈ। ਜਿਸ ਦੇ ਚੱਲਦਿਆਂ ਅੱਜ ਤਰਨਤਾਰਨ ‘ਚ ਕੋਰੋਨਾ ਦੇ 57 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ  ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 144 ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਪਰਦੀਪ ਸੱਭਰਵਾਲ ਨੇ ਦੱਸਿਆ ਕਿ 334 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਦੀ ਅੱਜ ਰਿਪੋਰਟ ਆਈ ਹੈ। ਇਨ੍ਹਾਂ ਸੈਂਪਲਾਂ ‘ਚੋਂ 57 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ 277 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਦੋ ਦਿਨਾਂ ਅੰਦਰ ਕੋਰੋਨਾ ਦੇ 87 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। ਪਰਦੀਪ ਸੱਭਰਵਾਲ ਨੇ ਦੱਸਿਆ ਕਿ ਹਾਲ ਹੀ ‘ਚ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਵਾਪਸ ਸੰਗਤ ਨੂੰ ਜ਼ਿਲ੍ਹੇ ਅੰਦਰ ਹੀ ਕੁਆਰੰਟੀਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਉਕਤ ਮਰੀਜ਼ਾਂ ਨੂੰ ਜ਼ਿਲ੍ਹੇ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਸ਼ਿਫਟ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਸੂਬੇ ‘ਚ ਹੁਣ ਤੱਕ ਕੋਰੋਨਾ ਦੇ 1350 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 26 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

Share this Article
Leave a comment