ਵਾਸ਼ਿੰਗਟਨ : ਅਮਰੀਕਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ ਤੋੜ 52 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਅਮਰੀਕਾ ‘ਚ ਇੱਕ ਦਿਨ ‘ਚ ਇਹ ਹੁਣ ਤੱਕ ਦੇ ਸਭ ਤੋਂ ਵੱਧ ਮਾਮਲੇ ਹਨ। ਇਹ ਮਾਮਲੇ ਅਜਿਹੇ ਸਮੇਂ ਸਾਹਮਣੇ ਆਏ ਹਨ ਜਦੋਂ ਅਮਰੀਕਾ ‘ਚ ਸਭ ਕੁਝ ਖੋਲ੍ਹਣ ਦੀ ਪ੍ਰਕਿਰਿਆ ਚੱਲ ਰਹੀ ਹੈ।
ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ ਅਮਰੀਕਾ ‘ਚ ਕੋਰੋਨਾ ਸੰਕਰਮਣ ਦੇ 26 ਲੱਖ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦੋਂ ਕਿ ਇਸ ਵਾਇਰਸ ਕਾਰਨ ਹੁਣ ਤੱਕ 1 ਲੱਖ 28 ਹਜ਼ਾਰ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
ਅਮਰੀਕਾ ਦੇ ਬਹੁਤ ਸਾਰੇ ਮਾਹਿਰਾਂ ਦਾ ਕਹਿਣਾ ਹੈ ਕਿ ਦੇਸ਼ ‘ਚ ਵੱਧ ਰਹੀ ਲਾਪਰਵਾਹੀ ਕਾਰਨ ਕੋਰੋਨਾ ਦੇ ਮਾਮਲਿਆਂ ‘ਚ ਭਾਰੀ ਉਛਾਲ ਆਇਆ ਹੈ। ਕਿਉਂਕਿ ਲੋਕ ਹੁਣ ਬਿਨਾਂ ਕਿਸੇ ਰੋਕ-ਟੋਕ ਦੇ ਆਪਣੇ ਘਰਾਂ ਤੋਂ ਬਾਹਰ ਆ ਜਾ ਰਹੇ ਹਨ। ਜਿਸ ਕਾਰਨ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।
ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐੈੱਚਓ) ਦੇ ਅਨੁਸਾਰ ਬੀਤੇ ਮੰਗਲਵਾਰ ਪੂਰੀ ਦੁਨੀਆ ‘ਚ ਕੋਰੋਨਾ ਦੇ 1.89 ਲੱਖ ਮਾਮਲੇ ਸਾਹਮਣੇ ਆਏ ਜੋ ਹੁਣ ਤੱਕ ਇੱਕ ਦਿਨ ਵਿੱਚ ਸਭ ਤੋਂ ਵੱਧ ਰਿਕਾਰਡ ਮਾਮਲੇ ਹਨ। ਅਮਰੀਕਾ ਵਿਚ ਹਰ ਰੋਜ਼ 40 ਹਜ਼ਾਰ ਅਤੇ ਬ੍ਰਾਜ਼ੀਲ ‘ਚ 30 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਭਾਰਤ ਵਿਚ ਹਰ ਦਿਨ 20 ਹਜ਼ਾਰ ਮਾਮਲੇ ਸਾਹਮਣ ਆ ਰਹੇ ਹਨ।