ਚੰਡੀਗੜ੍ਹ : ਪੰਜਾਬ ਵਿੱਚ ਕਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੀ ਲਪੇਟ ਵਿੱਚ ਹੁਣ ਮੰਤਰੀ, ਅਧਿਕਾਰੀ ਅਤੇ ਅਫ਼ਸਰ ਵੀ ਆ ਰਹੇ ਹਨ। ਕਰੋਨਾ ਪੀੜਤ ਮੰਤਰੀਆਂ ਅਤੇ ਵਿਧਾਇਕਾਂ ਦੇ ਇਲਾਜ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸਵਾਲ ਖੜ੍ਹੇ ਕੀਤੇ ਹਨ।
ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦਾ ਇਲਾਜ ਸਰਕਾਰੀ ਕਰੋਨਾ ਸੈਂਟਰਾਂ ‘ਚ ਹੋ ਰਿਹਾ ਹੈ ਜਦਕਿ ਲੀਡਰਾਂ ਦਾ ਇਲਾਜ ਉਨ੍ਹਾਂ ਦੇ ਘਰਾਂ ਵਿੱਚ ਕਿਉਂ ਕੀਤਾ ਜਾ ਰਿਹਾ। ਮੰਤਰੀਆਂ ਅਤੇ ਵਿਧਾਇਕਾਂ ਨੂੰ ਸਾਰੀਆਂ ਸਹੂਲਤਾਂ ਘਰਾਂ ਵਿੱਚ ਦਿੱਤੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਉਨ੍ਹਾਂ ਦੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਬਿਹਤਰ ਹੈ। ਜੇਕਰ ਅਜਿਹਾ ਹੈ ਤਾਂ ਮੰਤਰੀਆਂ, ਵਿਧਾਇਕਾਂ, ਅਫਸਰਾਂ ਦਾ ਇਲਾਜ ਘਰਾਂ ਵਿੱਚ ਜਾਂ ਫਿਰ ਪ੍ਰਾਈਵੇਟ ਹਸਪਤਾਲਾਂ ਵਿੱਚ ਕਿਉਂ ਕੀਤਾ ਜਾ ਰਿਹਾ ਹੈ। ਅਜਿਹਾ ਕਰਕੇ ਪੰਜਾਬ ਸਰਕਾਰ ਲੋਕਾਂ ਦੇ ਨਾਲ ਵਿਤਕਰਾ ਕਰ ਰਹੀ ਹੈ। ਅਤੇ ਨਾਲ ਹੀ ਸਰਕਾਰੀ ਹਸਪਤਾਲਾਂ ਦੀ ਸਥਿਤੀ ਦੀ ਪੋਲ ਖੋਲ ਰਹੀ ਹੈ।