ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਤੇਜੀ ਨਾਲ ਪੈਰ ਪਸਾਰ ਰਿਹਾ ਹੈ। ਦੇਸ਼ ਵਿੱਚ ਸੰਕਰਮਿਤ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਹੁਣ ਮਰੀਜ਼ਾਂ ਦੀ ਗਿਣਤੀ 50 ਦੇ ਪਾਰ ਪਹੁੰਚ ਗਿਆ ਹੈ। ਪੁਣੇ ਵਿੱਚ ਕੋਰੋਨਾਵਾਇਰਸ ਦੇ ਪੰਜ ਮਾਮਲੇ ਪਾਜ਼ਿਟਿਵ ਪਾਏ ਗਏ ਹਨ। ਪੁਣੇ ਵਿੱਚ ਕੋਰੋਨਾ ਵਾਇਰਸ ਕੋਵਿਡ-19 ਦੇ ਦੋ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ 3 ਹੋਰ ਲੋਕਾਂ ਵਿੱਚ ਲੱਛਣ ਪਾਏ ਗਏ ਹਨ। ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲਾਜੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਦੁਬਈ ਤੋਂ ਭਾਰਤ ਪਰਤੇ ਪੁਣੇ ਦੇ ਪਤੀ-ਪਤਨੀ ਨੂੰ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ ਬਾਅਦ ਇਨ੍ਹਾਂ ਦੋਵਾਂ ਦੇ ਸੰਪਰਕ ਵਿੱਚ ਆਏ 3 ਲੋਕਾਂ ਨੂੰ ਵੀ ਨਾਇਡੂ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਪੁਣੇ ਵਿੱਚ ਹੁਣ ਤੱਕ 5 ਪਾਜ਼ਿਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ 19 ਸ਼ੱਕੀ ਮਾਮਲਿਆਂ ਦੀ ਜਾਂਚ ਜਾਰੀ ਹੈ। ਇਸ ਤੋਂ ਇਲਾਵਾ ਕੇਰਲ ਵਿੱਚ ਵੀ ਦੋ ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਕੇਰਲ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਹੁਣ ਤੱਕ 14 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।
ਕਰਨਾਟਕ ਵਿੱਚ ਮੰਗਲਵਾਰ ਨੂੰ ਕੋਵਿਡ-19 ਯਾਨੀ ਕੋਰੋਨਾਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰੀ ਬੀ ਸ੍ਰੀਰਾਮੁਲੁ ਨੇ ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਧ ਕੇ 52 ਪਹੁੰਚ ਗਈ ਹੈ।