ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੋਰੋਨਾਵਾਇਰਸ ਨੂੰ ਲੈ ਕੇ WHO ‘ਤੇ ਲਗਾਏ ਗੰਭੀਰ ਦੋਸ਼, ਕਿਹਾ ਚੀਨ ਦਾ ਲਿਆ ਪੱਖ

TeamGlobalPunjab
2 Min Read

ਵਾਸ਼ਿੰਗਟਨ : ਜਾਨਲੇਵਾ ਕੋਰੋਨਾਵਾਇਰਸ (ਕੋਵਿਡ-19) ਨੇ ਪੂਰੀ ਦੁਨੀਆ ਵਿੱਚ ਕਹਿਰ ਮਚਾਇਆ ਹੋਇਆ ਹੈ। ਇੱਥੋਂ ਤੱਕ ਕਿ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੀ ਇਸ ਵਾਇਰਸ ਤੋਂ ਅਛੁਤਾ ਨਹੀਂ ਰਿਹਾ ਹੈ। ਇਸ ‘ਚ ਹੀ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੋਰੋਨਾਵਾਇਰਸ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਵਿਸ਼ਵ ਸਿਹਤ ਸੰਗਠਨ ( WHO) ‘ਤੇ ਗੰਭੀਰ ਦੋਸ਼ ਲਗਾਏ ਹਨ। ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਮੁੱਦੇ ‘ਤੇ ਚੀਨ ਦਾ ਪੱਖ ਪੂਰਿਆ ਤੇ ਲੋਕਾਂ ਨੂੰ ਇਸ ਵਾਇਰਸ ਦੇ ਸੰਕਰਮਣ ਲਈ ਪਹਿਲਾਂ ਸੁਚੇਤ ਨਹੀਂ ਕੀਤਾ।

ਵ੍ਹਾਈਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਨੇ ਚੀਨ ਦਾ ਪੱਖ ਪੂਰਿਆ ਹੈ ਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਸ਼ਵ ਸਿਹਤ ਸੰਗਠਨ ਇਸ ਬਾਰੇ ਪਹਿਲਾਂ ਹੀ ਦੁਨੀਆ ਨੂੰ ਚੇਤਾਵਨੀ ਜਾਰੀ ਕਰ ਦਿੰਦਾ ਤਾਂ ਅੱਜ ਵਿਸ਼ਵ ਪੱਧਰ ‘ਤੇ ਇੰਨੇ ਲੋਕ ਇਸ ਵਾਇਰਸ ਦੇ ਮੂੰਹ ਵਿੱਚ ਨਾ ਜਾਂਦੇ ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਚੀਨ ‘ਤੇ ਟਿੱਪਣੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਕੋਰੋਨਾਵਾਇਰਸ ਨੂੰ ‘ਚੀਨੀ ਵਾਇਰਸ’ ਕਿਹਾ ਸੀ। ਰਾਸ਼ਟਰਪਤੀ ਟਰੰਪ ਦਾ ਕਹਿਣ ਹੈ ਕਿ ਇਹ ਵਾਇਰਸ ਚੀਨ ਤੋਂ ਆਇਆ ਹੈ ਤੇ ਚੀਨ ਹੀ ਇਸ ਦਾ ਮੁੱਖ ਜ਼ਿੰਮੇਵਾਰ ਹੈ।

ਅਮਰੀਕਾ ਵਿੱਚ ਕੋਰੋਨਾਵਾਇਰਸ ਨਾਲ ਹੁਣ ਤੱਕ 1 ਹਜ਼ਾਰ (1000) ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਤੇ 68 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਤੋਂ ਸੰਕਰਮਿਤ ਹਨ। ਵਿਸ਼ਵ ਪੱਧਰ ‘ਤੇ ਕੋਰੋਨਾ ਨਾਲ 21 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਤੇ 4 ਲੱਖ 65 ਹਜ਼ਾਰ ਤੋਂ ਵੱਧ ਲੋਕ ਇਸ ਦੀ ਲਪੇਟ ਵਿੱਚ ਹਨ। ਹੁਣ ਤੱਕ ਵਾਇਰਸ ਨਾਲ ਸਭ ਤੋਂ ਜ਼ਿਆਦਾ ਮੌਤਾ ਇਟਲੀ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਇਰਾਨ, ਚੀਨ, ਸਪੇਨ ਤੇ ਅਮਰੀਕਾ ਵਿੱਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ।

- Advertisement -

 


 

Share this Article
Leave a comment